ਕਪੂਰਥਲਾ/ਸੁਲਤਾਨਪੁਰ ਲੋਧੀ 30 ਅਕਤੂਬਰ (ਕੌੜਾ)- ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਸਾਹਿਬ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਦਿੱਲੀ ਦੇ ਗੁਰਦੁਆਰਾ ਸ਼੍ਰੀ ਨਾਨਕ ਪਿਆਉ ਤੋਂ ਸ਼੍ਰੀ ਨਨਕਾਣਾ ਸਾਹਿਬ ਪਾਕਿਸਤਾਨ ਜਾਣ ਲਈ ਸਜਾਏ ਗਏ ਮਹਾਨ ਨਗਰ ਕੀਰਤਨ ਦਾ ਅੱਜ ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਵਿਖੇ ਪੰਜਾਬ ਸਰਕਾਰ ਦੀ ਤਰਫੋਂ ਸੰਸਦ ਮੈਂਬਰ ਜਸਬੀਰ ਸਿੰਘ ਤੇ ਵਿਧਾਇਕ ਸ । ਨਵਤੇਜ ਸਿੰਘ ਚੀਮਾ ਤੇ ਹਜ਼ਾਰਾਂ ਸੰਗਤਾਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ।ਸੁਲਤਾਨਪੁਰ ਲੋਧੀ ਵਿਖੇ ਸੰਗਤ ਵੱਲੋਂ ਸੁੰਦਰ ਪਾਲਕੀ ਸਾਹਿਬ ਵਿੱਚ ਸੁਸ਼ੋਭਿਤ ਗੁਰੂ ਗ੍ਰੰਥ ਸਾਹਿਬ ‘ਤੇ ਫੁੱਲਾਂ ਦੀ ਵਰਖਾ ਕਰਦਿਆਂ ਜੈਕਾਰਿਆਂ ਦੀ ਗੂੰਜ ‘ਚ ਭਰਵਾਂ ਸਵਾਗਤ ਕੀਤਾ ਗਿਆ।ਇਸ ਮੌਕੇ ਸੰਸਦ ਮੈਂਬਰ ਜਸਬੀਰ ਸਿੰਘ ਤੇ ਵਿਧਾਇਕ ਸ। ਚੀਮਾ ਨੇ ਨਗਰ ਕੀਰਤਨ ‘ਚ ਸ਼ਾਮਲ ਪਾਲਕੀ ਸਾਹਿਬ ਤੇ ਸੰਗਤ ਦੇ ਦਰਸ਼ਨ ਦੀਦਾਰੇ ਕਰਦਿਆਂ ਪੰਜਾਬ ਸਰਕਾਰ ਵੱਲੋਂ ਹਾਰਦਿਕ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ‘ਅਸੀਂ ਸਾਰੇ ਭਾਗਾਂ ਵਾਲੇ ਹਾਂ ਕਿ ਇਹ ਇਤਿਹਾਸਕ ਪਲ ਸਾਡੇ ਜੀਵਨ ਵਿਚ ਆ ਰਹੇ ਹਨ ਤੇ ਸਾਨੂੰ ਸਭ ਨੂੰ ਸੰਗਤ ਦੀ ਸੇਵਾ ਵਿਚ ਵਧ ਚੜ੍ਹ ਕੇ ਹਿੱਸਾ ਪਾਉਣਾ ਚਾਹੀਦਾ ਹੈ’।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਗੁਰੂ ਨਾਨਕ ਸਾਹਿਬ ਦੇ 550ਸਾਲਾ ਪ੍ਰਕਾਸ਼ ਪੁਰਬ ਨੂੰ ਵੱਡੀ ਪੱਧਰ ‘ਤੇ ਮਨਾਉਣ ਲਈ ਸਾਲ ਭਰ ਚੱਲਣ ਵਾਲੇ ਪ੍ਰੋਗਰਾਮ ਉਲੀਕੇ ਹਨ ਜਿਨ੍ਹਾਂ ਵਿਚੋਂ ਸੁਲਤਾਨਪੁਰ ਲੋਧੀ ਵਿਖੇ ਕੌਮਾਂਤਰੀ ਪੱਧਰ ਦੇ ਸਮਾਗਮਾਂ ਨਾਲ ਇਹ ਸ਼ਹਿਰ ਦੁਨੀਆਂ ਦੇ ਸੈਰ ਸਪਾਟੇ ਦੇ ਨਕਸ਼ੇ ‘ਤੇ ਆ ਗਿਆ ਹੈ।ਨਗਰ ਕੀਰਤਨ ਬਾਰੇ ਜਾਣਕਾਰੀ ਦਿੰਦਿਆਂ ਸ। ਪਰਮਜੀਤ ਸਿੰਘ ਸਰਨਾ ਨੇ ਦੱਸਿਆ ਕਿ ਇਸ ਨਗਰ ਕੀਰਤਨ ‘ਚ ਪਾਲਕੀ ਸਾਹਿਬ ਦੇ ਨਾਲ 60 ਬੱਸਾਂ ਤੇ 300 ਦੇ ਕਰੀਬ ਕਾਰਾਂ ਵਿੱਚ ਸ਼ਾਮਲ ਹਨ।
ਮਹਾਨ ਨਗਰ ਕੀਰਤਨ ਦੇ ਸਵਾਗਤ ਲਈ ਸਜਾਵਟੀ ਗੇਟ ਸਮੇਤ ਲੰਗਰ ਆਦਿ ਦੇ ਹੋਰ ਪ੍ਰਬੰਧ ਸੁਚੱਜੇ ਢੰਗ ਨਾਲ ਕੀਤੇ ਗਏ ਸਨ। ਇਸ ਮੌਕੇ ਸਮੁੱਚਾ ਇਲਾਕਾ ਪੂਰੇ ਜਾਹੋ ਜਲਾਲ ਨਾਲ ਖ਼ਾਲਸਾਈ ਰੰਗ ਵਿੱਚ ਰੰਗਿਆ ਗਿਆ ਸੀ। ਸੁੰਦਰ ਪਾਲਕੀ ‘ਤੇ ਫੁੱਲਾਂ ਦੀ ਵਰਖਾ ਕਰਦਿਆਂ ਭਾਰੀ ਉਤਸ਼ਾਹ ਨਾਲ ਜੈਕਾਰੇ ਲਗਾਉਂਦੀ ਹੋਈ ਸੰਗਤ ਦਾ ਜੋਸ਼ ਦੇਖਿਆਂ ਹੀ ਬਣਦਾ ਸੀ। ਢਾਡੀ ਜਥਿਆਂ ਨੇ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਇਤਿਹਾਸ ਤੋਂ ਸੰਗਤ ਨੂੰ ਜਾਣੂ ਕਰਵਾਇਆ ਜਦੋਂਕਿ ਵੱਖ-ਵੱਖ ਗਤਕਾ ਟੀਮਾਂ ਨੇ ਗਤਕੇ ਦੇ ਜੌਹਰ ਦਿਖਾਏ।
550ਵਾਂ ਪ੍ਰਕਾਸ਼ ਪੁਰਬ: ਗੁਰਦੁਆਰਾ ਨਾਨਕ ਪਿਆਉ ਤੋਂ ਸ਼੍ਰੀ ਨਨਕਾਣਾ ਸਾਹਿਬ ਜਾਣ ਵਾਲੇ ਨਗਰ ਕੀਰਤਨ ਦਾ ਸੁਲਤਾਨਪੁਰ ਵਿਖੇ ਭਰਵਾਂ ਸਵਾਗਤ
Total Views: 158 ,
Real Estate



















