
ਫਰੀਦਕੋਟ – ਸਥਾਨਕ ਇਲਾਕਾ ਮੈਜਿਸਟਰੇਟ ਏਕਤਾ ਉੱਪਲ ਦੀ ਅਦਾਲਤ ਨੇ ਸਾਬਕਾ ਡੀ. ਜੀ. ਪੀ. ਸੁਮੇਧ ਸੈਣੀ ਵੱਲੋਂ ਲਗਾਈਆਂ ਗਈਆਂ ਅਰਜ਼ੀ ਨੂੰ ਰੱਦ ਕਰਨ ਦਾ ਹੁਕਮ ਦਿੱਤਾ ਹੈ ਜਦੋਂ ਕਿ ਸੈਣੀ ਨੂੰ 26 ਮਾਰਚ ਲਈ ਅਦਾਲਤ ਸਾਹਮਣੇ ਪੇਸ਼ ਹੋਣ ਦੇ ਹੁਕਮ ਦਿੱਤੇ ਹਨ। ਜਾਣਕਾਰੀ ਅਨੁਸਾਰ ਸ੍ਰੀ ਗੁਰੂ ਗਰੰਥ ਸਾਹਿਬ ਜੀ ਦੀ ਬੇਅਦਬੀ ਤੋਂ ਬਾਅਦ ਵਾਪਰੇ ਕੋਟਕਪੂਰਾ ਗੋਲੀ ਕਾਂਡ ਦੇ ਮਾਮਲੇ ਵਿਚ ਵਿਸ਼ੇਸ਼ ਜਾਂਚ ਟੀਮ (ਸਿਟ) ਵੱਲੋਂ ਕੋਟਕਪੂਰਾ ਗੋਲੀਕਾਂਡ ਵਿਚ ਮੁਅੱਤਲੀ ਅਧੀਨ ਪਰਮਰਾਜ ਸਿੰਘ ਉਮਰਾਨੰਗਲ, ਸਾਬਕਾ ਐੱਸ. ਐੱਸ. ਪੀ. ਚਰਨਜੀਤ ਸ਼ਰਮਾ, ਐੱਸ.ਪੀ. ਬਲਜੀਤ ਸਿੰਘ ਸਿੱਧੂ, ਡੀ.ਐੱਸ. ਪੀ. ਪਰਮਜੀਤ ਸਿੰਘ ਪੰਨੂ ਸਿਟੀ ਕੋਟਕਪੂਰਾ ਦੇ ਸਾਬਕਾ ਐੱਸ. ਐੱਚ. ਓ. ਗੁਰਦੀਪ ਸਿੰਘ ਪੰਧੇਰ ਅਤੇ ਸਾਬਕਾ ਸੰਸਦੀ ਸਕੱਤਰ ਮਨਤਾਰ ਸਿੰਘ ਬਰਾੜ ਖ਼ਿਲਾਫ਼ ਅਦਾਲਤ ਵਿਚ ਚਲਾਨ ਪੇਸ਼ ਕਰਨ ਤੋਂ ਬਾਅਦ ਸਾਬਕਾ ਡੀ. ਜੀ. ਪੀ. ਸੁਮੇਧ ਸੈਣੀ ਖ਼ਿਲਾਫ਼ ਕੋਟਕਪੂਰਾ ਗੋਲੀਕਾਂਡ ਦੀ ਸਾਜ਼ਿਸ਼ ਰਚਣ ਦੇ ਦੋਸ਼ਾਂ ਤਹਿਤ ਉਸ ਨੂੰ ਮੁਲਜ਼ਮ ਵੱਜੋਂ ਨਾਮਜ਼ਦ ਕਰਕੇ ਸਪਲੀਮੈਂਟਰੀ ਚਲਾਨ ਅਦਾਲਤ ਵਿਚ ਪੇਸ਼ ਕਰ ਦਿੱਤਾ ਸੀ, ਜਿਸ ਵਿਚ ਅਦਾਲਤ ਨੇ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਨੂੰ ਅਦਾਲਤ ਸਾਹਮਣੇ ਪੇਸ਼ ਹੋਣ ਦੇ ਹੁਕਮ ਦਿੱਤੇ ਸਨ। ਪ੍ਰੰਤੂ ਉਹ ਅਦਾਲਤ ਦੇ ਸਾਹਮਣੇ ਪੇਸ਼ ਨਹੀ ਹੋਏ ਸਨ ਅਤੇ ਹੁਣ ਸਾਬਕਾ ਡੀ. ਜੀ. ਪੀ. ਨੂੰ ਹਦਾਇਤ ਕੀਤੀ ਹੈ ਕਿ ਉਹ ਅਦਾਲਤ ਸਾਹਮਣੇ 26 ਮਾਰਚ ਨੂੰ ਪੇਸ਼ ਹੋਵੇ ।



















