
ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੂੰ ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਖੁੱਲ੍ਹੀ ਚਿੱਠੀ ਲਿਖ ਕੇ ਮੰਗ ਕੀਤੀ ਹੈ ਕਿ ਸ੍ਰੀ ਗੁਟਕਾ ਸਾਹਿਬ ਦੀ ਝੂਠੀ ਸਹੁੰ ਖਾ ਕੇ ਦੋਹਰੀ ਬੇਅਦਬੀ ਕਰਨ ਵਾਲੇ ਕੈਪਟਨ ਅਮਰਿੰਦਰ ਸਿੰਘ ਨੂੰ ਪੰਥ ਵਿਚੋਂ ਛੇਕਿਆ ਜਾਵੇ। ਕੁਲਤਾਰ ਸਿੰਘ ਸੰਧਵਾਂ ਨੇ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਖਾਲਸਾ ਨੂੰ ਲਿੱਖੀ ਚਿੱਠੀ ਵਿੱਚ ਕਿਹਾ- ”ਪੰਜਾਬ ਵਿਧਾਨ ਸਭਾ ਚੋਣਾ ਵੇਲੇ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਗੁਟਕਾ ਸਾਹਿਬ ਦੀ ਸਹੁੰ ਖਾ ਕੇ ਨਸ਼ਾ ਖਤਮ ਕਰਨ ਦਾ ਵਾਅਦਾ ਕੀਤਾ ਗਿਆ ਸੀ ਅਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਦੇ ਦੋਸ਼ੀਆਂ ਨੂੰ ਨੰਗਾ ਕਰਨ ਦਾ ਪ੍ਰਣ ਕੀਤਾ ਸੀ, ਪਰ ਇਨ੍ਹਾਂ ਦੋਹਾਂ ਹੀ ਅਤੀ ਮਹੱਤਵਪੂਰਨ ਮਸਲਿਆਂ ‘ਤੇ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਅਤੇ ਦੇਸ ਵਿਦੇਸ਼ ਵਿਚ ਵਸਦੇ ਪੰਜਾਬੀਆਂ ਨਾਲ ਧ੍ਰੋਹ ਕਮਾਇਆ ਹੈ। ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਲਿਖਿਆ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਸਾਢੇ ਚਾਰ ਸਾਲਾਂ ਦੇ ਰਾਜ ਦੌਰਾਨ ਬਰਗਾੜੀ ਵਿਖੇ ਹੋਏ ਗੁਰੂ ਸਾਹਿਬ ਦੇ ਨਿਰਾਦਰ ਅਤੇ ਬਹਿਬਲ ਕਲਾਂ-ਕੋਟਕਪੂਰਾ ਗੋਲੀ ਕਾਂਡ ਦੇ ਦੋਸ਼ੀਆਂ ਨੂੰ ਸਜਾ ਦਿਵਾਉਣ ਦੀ ਥਾਂ ਕੇਵਲ ਦੋਸ਼ੀਆਂ ਨੂੰ ਬਚਾਉਣ ਵਾਲੇ ਕਦਮ ਚੁੱਕੇ ਹਨ। ਮੁੱਖ ਮੰਤਰੀ ਕਮਿਸ਼ਨ ਦਰ ਕਮਿਸ਼ਨ ਅਤੇ ਵਾਰ ਵਾਰ ਵਿਸ਼ੇਸ਼ ਜਾਂਚ ਕਮੇਟੀਆਂ ਦਾ ਗਠਨ ਕਰਕੇ ਜਾਂਚ ਨੂੰ ਲਮਕਾਉਣ ਦੇ ਅਮਲ ਸਪੱਸ਼ਟ ਕਰਦੇ ਹਨ ਕਿ ਕੈਪਟਨ ਅਮਰਿੰਦਰ ਸਿੰਘ ਵੀ ਗੁਰੂ ਗਰੰਥ ਸਾਹਿਬ ਨੂੰ ਵੀ ਆਪਣੀ ਰਾਜਨੀਤੀ ਲਈ ਵਰਤਣ ਦਾ ਯਤਨ ਕਰ ਰਹੇ ਹਨ। ਉਨ੍ਹਾਂ ਕਿਹਾ ਉਚ ਪੁਲਿਸ ਅਧਿਕਾਰੀ ਕੁੰਵਰ ਵਿਜੈ ਪ੍ਰਤਾਪ ਸਿੰਘ ਦੀ ਜਾਂਚ ਰਿਪੋਰਟ ਨੂੰ ਹਾਈ ਕੋਰਟ ਰਾਹੀਂ ਰੱਦ ਕਰਵਾਉਣ ਦੀ ਸਾਜ਼ਿਸ਼ ‘ਚ ਕੈਪਟਨ ਅਮਰਿੰਦਰ ਸਿੰਘ ਦੋਸ਼ੀਆਂ ਅਤੇ ਬਾਦਲਾਂ ਨਾਲ ਪੂਰੀ ਤਰ੍ਹਾਂ ਰਲ਼ੇ ਹੋਏ ਸਾਬਿਤ ਹੋ ਗਏ ਹਨ।
ਸੰਧਵਾਂ ਨੇ ਨਸ਼ਿਆਂ ਦੇ ਮਾਮਲੇ ‘ਚ ਕਿਹਾ ਕਿ ਪੰਜਾਬ ਵਿੱਚ ਨਸ਼ੇ ਦੇ ਸੌਦਾਗਰ ਖੁਲੇਆਮ ਘੁੰਮ ਰਹੇ ਹਨ। ਸੂਬੇ ‘ਚ ਚਿੱਟਾ ਨਸ਼ਾ ਸ਼ਰੇਆਮ ਵਿਕ ਰਿਹਾ ਅਤੇ ਨੌਜਵਾਨਾਂ ਦਾ ਨਸ਼ੇ ਦੀ ਭੇਂਟ ਚੜ੍ਹਨਾ ਜਾਰੀ ਹੈ। ਪਰ ਕੈਪਟਨ ਸਰਕਾਰ ਵੱਲੋਂ ਅੰਕੜਿਆਂ ਦੀ ਖੇਡ, ਖੇਡ ਕੇ ਨਸ਼ੇ ਨਾਲ ਹੋਈਆਂ ਮੌਤਾਂ ਨੂੰ ਕਾਲਾ ਪੀਲੀਆ ਜਾਂ ਹੋਰ ਕਾਰਨਾਂ ਨਾਲ ਹੋਈਆਂ ਮੌਤਾਂ ਦਰਸਾ ਕੇ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਇਹ ਵਰਤਾਰਾ ਸਿੱਧੇ ਤੌਰ ‘ਤੇ ਗੁਰੂ ਦੀ ਦੋਹਰੀ ਬੇਅਦਬੀ ਹੈ। ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਸਿੰਘ ਸਾਹਿਬ ਨੂੰ ਅਪੀਲ ਕੀਤੀ ਹੈ ਕਿ ਕੈਪਟਨ ਅਮਰਿੰਦਰ ਸਿੰਘ ਅਤੇ ਬਾਦਲਾਂ ਲਈ ਸਿੱਖ ਪੰਥ ‘ਚ ਕੋਈ ਥਾਂ ਨਹੀਂ। ਇਸ ਲਈ ਤੁਰੰਤ ਇਨ੍ਹਾਂ ਨੂੰ ਸਿੱਖ ਪੰਥ ਚੋਂ ਛੇਕਿਆ ਜਾਵੇ।



















