ਕੋਟਕਪੁਰਾ ਗੋਲੀ ਕਾਂਡ ਦੀ ਫਾਈਲ ਬੰਦ

kotakpura goli kaand

ਬਹਿਬਲ ਗੋਲੀ ਕਾਂਡ ਦੀ ਸੁਣਵਾਈ ਟਲੀ

ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਕੋਟਕਪੁਰਾ ਗੋਲੀ ਕਾਂਡ ਵਿੱਚ ਵਿਸ਼ੇਸ਼ ਜਾਂਚ ਟੀਮ ਵੱਲੋਂ ਤਿਆਰ ਕੀਤੀਆਂ ਚਾਰ ਚਾਰਜਸ਼ੀਟਾਂ ਨੂੰ ਰੱਦ ਕਰਨ ਦੇ ਫੈਸਲੇ ਮਗਰੋਂ ਫ਼ਰੀਦਕੋਟ ਦੇ ਵਧੀਕ ਸੈਸ਼ਨ ਜੱਜ ਹਰਬੰਸ ਸਿੰਘ ਲੇਖੀ ਨੇ ਕੋਟਕਪੁਰਾ ਗੋਲੀ ਕਾਂਡ ਦੀ ਫਾਈਲ ਬੰਦ ਕਰ ਦਿੱਤੀ ਹੈ। ਅਦਾਲਤ ਦੇ ਇਸ ਫ਼ੈਸਲੇ ਨਾਲ ਇਸ ਗੋਲੀ ਕਾਂਡ ’ਚ ਨਾਮਜ਼ਦ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਅਤੇ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਸਮੇਤ 7 ਅਧਿਕਾਰੀਆਂ ਨੂੰ ਵੱਡੀ ਰਾਹਤ ਮਿਲੀ ਹੈ। ਹਾਈ ਕੋਰਟ ਦੇ ਫ਼ੈਸਲੇ ਦੀ ਰੌਸ਼ਨੀ ਵਿੱਚ ਵਧੀਕ ਸੈਸ਼ਨ ਜੱਜ ਨੇ ਕੋਟਕਪੂਰਾ ਗੋਲੀ ਕਾਂਡ ’ਚ ਨਾਮਜ਼ਦ ਸਾਰੇ ਮੁਲਜ਼ਮਾਂ ਨੂੰ ਹਾਲ ਦੀ ਘੜੀ ਆਜ਼ਾਦ ਕਰ ਦਿੱਤਾ ਹੈ। ਵਿਸ਼ੇਸ਼ ਜਾਂਚ ਟੀਮ ਨੇ ਕੋਟਕਪੂਰਾ ਗੋਲੀ ਕਾਂਡ ’ਚ 27 ਮਈ 2019 ਤੋਂ 18 ਜਨਵਰੀ 2021 ਤੱਕ ਕੁੱਲ ਚਾਰ ਚਲਾਨ ਅਦਾਲਤ ’ਚ ਪੇਸ਼ ਕੀਤੇ ਸਨ ਅਤੇ ਇਸ ਕਾਂਡ ’ਚ ਸੁਮੇਧ ਸੈਣੀ, ਪਰਮਰਾਜ ਸਿੰਘ ਉਮਰਾਨੰਗਲ, ਸਾਬਕਾ ਐੱਸਐੱਸਪੀ ਚਰਨਜੀਤ ਸ਼ਰਮਾ, ਏਡੀਸੀਪੀ ਪਰਮਜੀਤ ਪੰਨੂੰ, ਐੱਸਪੀ ਬਲਜੀਤ ਸਿੰਘ, ਥਾਣਾ ਸਿਟੀ ਕੋਟਕਪੂਰਾ ਦੇ ਸਾਬਕਾ ਐੱਸਐੱਚਓ ਗੁਰਦੀਪ ਸਿੰਘ ਪੰਧੇਰ ਅਤੇ ਸਾਬਕਾ ਅਕਾਲੀ ਵਿਧਾਇਕ ਮੁਲਜ਼ਮ ਵਜੋਂ ਨਾਮਜ਼ਦ ਹੋਏ ਸਨ। ਮੁਲਜ਼ਮਾਂ ਦੇ ਵਕੀਲਾਂ ਨੇ ਕੇਸ ਬੰਦ ਕਰਨ ਦੀ ਮੰਗ ਕੀਤੀ ਸੀ ਜਿਸ ਨੂੰ ਅਦਾਲਤ ਨੇ ਸਵੀਕਾਰ ਕਰ ਲਿਆ। ਹਾਲਾਂਕਿ ਸੁਣਵਾਈ ਦੌਰਾਨ ਪੰਜਾਬ ਸਰਕਾਰ ਦੇ ਵਕੀਲ ਅਤੇ ਵਿਸ਼ੇਸ਼ ਜਾਂਚ ਟੀਮ ਦੇ ਸੀਨੀਅਰ ਅਧਿਕਾਰੀ ਅਦਾਲਤ ’ਚ ਹਾਜ਼ਰ ਸਨ। ਅਦਾਲਤ ਨੇ ਬਹਿਬਲ ਗੋਲੀ ਕਾਂਡ ਦੀ ਸੁਣਵਾਈ 18 ਮਈ ਤੱਕ ਮੁਲਤਵੀ ਕਰ ਦਿੱਤੀ ਹੈ। ਪੰਜਾਬ ਸਰਕਾਰ ਦੀ ਜਾਂਚ ਟੀਮ ਨੇ ਇਸ ਮਾਮਲੇ ’ਚ ਦੋਸ਼ ਆਇਦ ਕਰਨ ਦੀ ਮੰਗ ਕੀਤੀ ਸੀ ਪਰ ਮੁਲਜ਼ਮਾਂ ਦੇ ਵਕੀਲਾਂ ਨੇ ਦੱਸਿਆ ਕਿ ਬਹਿਬਲ ਗੋਲੀ ਕਾਂਡ ਵਿੱਚ ਪੇਸ਼ ਕੀਤੇ ਗਏ ਚਾਰ ਚਲਾਨਾਂ ਨੂੰ ਹਾਈ ਕੋਰਟ ’ਚ ਚੁਣੌਤੀ ਦਿੱਤੀ ਗਈ ਹੈ ਅਤੇ ਇਸ ਉੱਪਰ ਹਾਈ ਕੋਰਟ ਦਾ 13 ਮਈ ਨੂੰ ਕੋਈ ਫ਼ੈਸਲਾ ਆਉਣ ਦੀ ਸੰਭਾਵਨਾ ਹੈ ਜਿਸ ’ਤੇ ਅਦਾਲਤ ਨੇ ਬਹਿਬਲ ਗੋਲੀ ਕਾਂਡ ਦੀ ਸੁਣਵਾਈ ਹੁਣ 18 ਮਈ ਨੂੰ ਨਿਸ਼ਚਿਤ ਕੀਤੀ ਹੈ।

Total Views: 517 ,
Real Estate