
ਸੁਖਬੀਰ ਨੇ ਹੰਗਾਮੀ ਮੀਟਿੰਗ ਕਰ ਕੇ ਡੀਐੱਸਜੀਐੱਮ ਦੇ ਪ੍ਰਧਾਨ ਹਰਮੀਤ ਕਾਲਕਾ ਨੂੰ ਪਾਰਟੀ ’ਚੋਂ ਕੱਢਿਆ
ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ’ਚ ਨਮੋਸ਼ੀ ਭਰੀ ਹਾਰ ਤੋਂ ਬਾਅਦ ਅਕਾਲੀ ਦਲ ਬਾਦਲ ਦੇ ਦਿੱਲੀ ਦੇ ਆਗੂਆਂ ਦੀ ਬਗਾਵਤ ਨੇ ਪਾਰਟੀ ਲਈ ਨਵਾਂ ਸੰਕਟ ਖੜ੍ਹਾ ਕਰ ਦਿੱਤਾ ਹੈ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀਐੱਸਜੀਐੱਮ) ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਵੱਲੋਂ ਵੱਖਰੀ ਜਥੇਬੰਦੀ ਬਣਾਉਣ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਤਾਜ਼ਾ ਘਟਨਾਕ੍ਰਮ ਮਗਰੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਇੱਥੇ ਹੰਗਾਮੀ ਮੀਟਿੰਗ ਕਰ ਕੇ ਹਰਮੀਤ ਸਿੰਘ ਕਾਲਕਾ ਨੂੰ ਪਾਰਟੀ ’ਚੋਂ ਕੱਢਣ ਦਾ ਐਲਾਨ ਕਰਨ ਸਮੇਤ ਦਿੱਲੀ ਦਾ ਜਥੇਬੰਦਕ ਢਾਂਚਾ ਭੰਗ ਕਰ ਕੇ ਅਵਤਾਰ ਸਿੰਘ ਹਿਤ ਦੀ ਅਗਵਾਈ ਹੇਠ ਪੰਜ ਮੈਂਬਰੀ ਕਮੇਟੀ ਬਣਾ ਦਿੱਤੀ ਹੈ। ਪਾਰਟੀ ਦੇ ਸੀਨੀਅਰ ਆਗੂਆਂ ਪ੍ਰੇਮ ਸਿੰਘ ਚੰਦੂਮਾਜਰਾ, ਮਹੇਸ਼ਇੰਦਰ ਸਿੰਘ ਗਰੇਵਾਲ, ਡਾ। ਦਲਜੀਤ ਸਿੰਘ ਚੀਮਾ ਅਤੇ ਅਵਤਾਰ ਸਿੰਘ ਹਿਤ ਨੇ ਕਿਹਾ ਕਿ ਡੀਐੱਸਜੀਐੱਮ ਦੇ ਪ੍ਰਧਾਨ ਅਤੇ ਹੋਰਨਾਂ ਅਕਾਲੀ ਆਗੂਆਂ ਵੱਲੋਂ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਸਿੱਖ ਕੌਮ ਦੇ ਖ਼ਿਲਾਫ਼ ਹਨ। ਉਨ੍ਹਾਂ ਕਿਹਾ ਕਿ ਪਾਰਟੀ ਨੇ ਇਨ੍ਹਾਂ ਗਤੀਵਿਧੀਆਂ ਨੂੰ ਅਨੁਸ਼ਾਸਨਹੀਣਤਾ ਮੰਨਦਿਆਂ ਹਰਮੀਤ ਸਿੰਘ ਕਾਲਕਾ ਅਤੇ ਹੋਰਨਾਂ ਨੂੰ ਪਾਰਟੀ ’ਚੋਂ ਕੱਢ ਦਿੱਤਾ ਹੈ। ਉਨ੍ਹਾਂ ਕਿਹਾ ਕਿ ਦਿੱਲੀ ਦੀ ਸਿੱਖ ਸੰਗਤ ਨਾਲ ਵਿਚਾਰ-ਵਟਾਂਦਰੇ ਤੋਂ ਬਾਅਦ ਦਿੱਲੀ ਦੇ ਜਥੇਬੰਦਕ ਢਾਂਚੇ ਦਾ ਗਠਨ ਕੀਤਾ ਜਾਵੇਗਾ। ਉਨ੍ਹਾਂ ਦਿੱਲੀ ਦੀ ਸਿੱਖ ਸੰਗਤ ਨੂੰ ਅਵਤਾਰ ਸਿੰਘ ਹਿੱਤ ਦੀ ਅਗਵਾਈ ਵਾਲੀ ਕਮੇਟੀ ਨੂੰ ਸਹਿਯੋਗ ਦੇਣ ਦੀ ਬੇਨਤੀ ਕੀਤੀ।



















