
ਮੌਸਮ ਵਿਭਾਗ ਨੇ ਇਸ ਹਫ਼ਤੇ ਇੱਕ ਅਲਰਟ ਜਾਰੀ ਕਰਦੇ ਹੋਏ ਗਰਮੀ ਵਧਣ ਦੀ ਲਹਿਰ ਦੀ ਸੰਭਾਵਨਾ ਜਤਾਈ ਹੈ। ਪੰਜਾਬ ‘ਚ ਅਗਲੇ ਦੋ ਦਿਨਾਂ ਤੱਕ ਭਿਆਨਕ ਗਰਮੀ ਦੇਖਣ ਨੂੰ ਮਿਲ ਸਕਦੀ ਹੈ। ਇਸ ਦੌਰਾਨ ਕਈ ਜ਼ਿਲ੍ਹਿਆਂ ਵਿੱਚ ਤਾਪਮਾਨ 43 ਡਿਗਰੀ ਸੈਲਸੀਅਸ ਤੋਂ ਉੱਪਰ ਦਰਜ ਕੀਤਾ ਜਾ ਸਕਦਾ ਹੈ। ਇਸ ਤੋਂ ਬਾਅਦ 26 ਅਪ੍ਰੈਲ ਤੋਂ ਮੌਸਮ ‘ਚ ਬਦਲਾਅ ਹੋ ਸਕਦਾ ਹੈ। ਮੌਸਮ ਵਿਭਾਗ ਮੁਤਾਬਕ ਹਿਮਾਚਲ ਦੇ ਉਪਰਲੇ ਇਲਾਕਿਆਂ ‘ਚ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ, ਜਿਸ ਦਾ ਅਸਰ ਪੰਜਾਬ ‘ਤੇ ਵੀ ਪਵੇਗਾ। ਅਜਿਹੇ ‘ਚ ਉੱਤਰੀ ਪੰਜਾਬ ‘ਚ ਮੀਂਹ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਇਸ ਦੌਰਾਨ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਹਨ, ਕਈ ਜ਼ਿਲ੍ਹਿਆਂ ਵਿੱਚ ਤੂਫ਼ਾਨ ਦੀ ਵੀ ਸੰਭਾਵਨਾ ਹੈ। ਇਸ ਦੇ ਨਾਲ ਹੀ ਭਾਰਤੀ ਮੌਸਮ ਵਿਭਾਗ ਮੁਤਾਬਕ ਅਗਲੇ 5 ਦਿਨਾਂ ਦੌਰਾਨ ਜੰਮੂ-ਕਸ਼ਮੀਰ-ਲੱਦਾਖ-ਗਿਲਗਿਤ-ਬਾਲਟਿਸਤਾਨ-ਮੁਜ਼ੱਫਰਾਬਾਦ ਅਤੇ ਹਿਮਾਚਲ ਪ੍ਰਦੇਸ਼ ‘ਚ ਤੂਫਾਨ ਅਤੇ ਛਿੱਟੇ-ਪੁੱਟੇ ਮੀਂਹ ਪੈ ਸਕਦਾ ਹੈ। ਦੂਜੇ ਪਾਸੇ 20-22 ਅਪ੍ਰੈਲ ਦੌਰਾਨ ਉੱਤਰਾਖੰਡ ‘ਚ ਵੱਖ-ਵੱਖ ਥਾਵਾਂ ‘ਤੇ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਆਈਐਮਡੀ ਵੱਲੋਂ ਦੱਸਿਆ ਗਿਆ ਕਿ 19 ਅਤੇ 20 ਅਪ੍ਰੈਲ ਨੂੰ ਪੰਜਾਬ, ਹਰਿਆਣਾ-ਚੰਡੀਗੜ੍ਹ, ਦਿੱਲੀ, ਉੱਤਰੀ ਰਾਜਸਥਾਨ ਅਤੇ ਪੱਛਮੀ ਉੱਤਰ ਪ੍ਰਦੇਸ਼ ਵਿੱਚ ਵੱਖ-ਵੱਖ ਥਾਵਾਂ ‘ਤੇ 25-35 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਧੂੜ ਭਰੀਆਂ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਕਿਹਾ ਕਿ ਅਗਲੇ 5 ਦਿਨਾਂ ਦੌਰਾਨ ਬਿਹਾਰ, ਝਾਰਖੰਡ, ਗੰਗਾ ਪੱਛਮੀ ਬੰਗਾਲ ਅਤੇ ਉੜੀਸਾ ਵਿੱਚ ਛਿਟਕਿਆਂ ਅਤੇ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ।


















