
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਵੀਰਵਾਰ ਨੂੰ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਜੇਕਰ ਉਹ ਸਿੱਖ ਕੌਮ ਨਾਲ ਚੰਗੇ ਸਬੰਧ ਬਣਾਉਣਾ ਚਾਹੁੰਦੇ ਹਨ ਤਾਂ ਉਨ੍ਹਾਂ ਨੂੰ ਕਾਂਗਰਸੀ ਸਰਕਾਰਾਂ ਦੁਆਰਾ ਕੀਤੀਆਂ ਗਈਆਂ ਗਲਤੀਆਂ ਨੂੰ ਦਰੁਸਤ ਕਰਨ ਅਤੇ ਸਿੱਖਾਂ ਉੱਤੇ ਹੋ ਰਹੇ ਸਰਕਾਰੀ ਅੱਤਿਆਚਾਰਾਂ ਦੇ ਮੁੱਦੇ ਨੂੰ ਹੱਲ ਕਰਨਾ ਚਾਹੀਦਾ ਹੈ। ਗੁਰੂ ਤੇਗ ਬਹਾਦਰ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ, ਸ਼੍ਰੋਮਣੀ ਕਮੇਟੀ ਵੱਲੋਂ ਕਰਵਾਏ ਸਮਾਗਮ ਦੀ ਸਮਾਪਤੀ ਮੌਕੇ ਸੰਬੋਧਨ ਦੌਰਾਨ ਜੱਥੇਦਾਰ ਨੇ ਇਹ ਅਪੀਲ ਕੀਤੀ। ਉਨ੍ਹਾਂ ਕਿਹਾ, “ਜੇ ਸਰਕਾਰ ਭਰੋਸੇ ਦੀ ਘਾਟ ਨੂੰ ਖਤਮ ਕਰਨਾ ਚਾਹੁੰਦੀ ਹੈ ਅਤੇ ਭਾਈਚਾਰੇ ਨਾਲ ਚੰਗੇ ਸਬੰਧ ਸਥਾਪਤ ਕਰਨਾ ਚਾਹੁੰਦੀ ਹੈ, ਤਾਂ ਉਸਨੂੰ ਵੱਡੇ ਫੈਸਲੇ ਲੈਣੇ ਚਾਹੀਦੇ ਹਨ।” ਉਨ੍ਹਾਂ ਅੱਗੇ ਕਿਹਾ, ”ਸਿੱਖਾਂ ਨਾਲ ਵਿਸ਼ਵਾਸਘਾਤ ਕਰਕੇ ਲਗਾਤਾਰ ਕਾਂਗਰਸ ਸਰਕਾਰਾਂ ਦੁਆਰਾ ਕੀਤੀਆਂ ਗਈਆਂ ਗਲਤੀਆਂ ਨੂੰ ਮੌਜੂਦਾ ਸੱਤਾਧਾਰੀ ਪਾਰਟੀ ਨੂੰ ਠੀਕ ਕਰਨਾ ਚਾਹੀਦਾ ਹੈ। ਸਰਕਾਰ ਨੂੰ ਇਸ ਦੇਸ਼ ਵਿੱਚ ਸਿੱਖਾਂ ‘ਤੇ ਹੋ ਰਹੇ ਸਰਕਾਰੀ ਅੱਤਿਆਚਾਰਾਂ ਦਾ ਹੱਲ ਕਰਨਾ ਚਾਹੀਦਾ ਹੈ। ਫਿਰ ਹੀ ਅਸੀਂ ਇਸ ਨਾਲ ਸਹਿਯੋਗ ਕਰਨ ਲਈ ਤਿਆਰ ਹੋਵਾਂਗੇ। ਜੇਕਰ ਅਜਿਹਾ ਨਾ ਕੀਤਾ ਗਿਆ ਤਾਂ ਸਿੱਖਾਂ ਵਿੱਚ ਬੇਗਾਨਗੀ ਦੀ ਭਾਵਨਾ ਖਤਮ ਨਹੀਂ ਹੋਵੇਗੀ।” ਇਸਦੇ ਨਾਲ ਹੀ ਜੱਥੇਦਾਰ ਨੇ ਕਿਹਾ, ”ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਦਾ ਮਨੋਰਥ ਹਰ ਕਿਸੇ ਨੂੰ ਆਪਣੀ ਆਸਥਾ/ਧਰਮ ਦੀ ਪਾਲਣਾ ਕਰਨ ਦਾ ਅਧਿਕਾਰ ਪ੍ਰਦਾਨ ਕਰਨਾ ਸੀ, ਪਰ ਅੱਜ ਭਾਰਤ ਵਿੱਚ… ਘੱਟ ਗਿਣਤੀਆਂ ਦੇ ਧਾਰਮਿਕ ਵਿਸ਼ਵਾਸਾਂ ਨੂੰ ਦਬਾਇਆ ਜਾ ਰਿਹਾ ਹੈ…. ਸਿੱਖ ਮਸਲੇ ਹੱਲ ਨਹੀਂ ਹੋ ਰਹੇ।”



















