ਸਮੂਹਿਕ ਛੁੱਟੀ ‘ਤੇ ਸੂਬੇ ਦੇ ਸਾਰੇ ਪਟਵਾਰੀ

ਪੰਜਾਬ ਸਰਕਾਰ ਦੇ ਮਾਲ ਵਿਭਾਗ ‘ਚ ਤਾਇਨਾਤ ਪਟਵਾਰੀਆਂ ਅਤੇ ਕਾਨੂੰਨਗੋਆਂ ਵਲੋਂ ਵਿਜੀਲੈਂਸ ਵਿਭਾਗ ਵਿਰੁੱਧ ਰੋਸ ਵਜੋਂ ਕੱਲ ਤੋਂ ਸਮੂਹਿਕ ਛੁੱਟੀ ‘ਤੇ ਜਾਣ ਦਾ ਫ਼ੈਸਲਾ ਕੀਤਾ ਗਿਆ ਹੈ। ਦੱਸ ਦੇਈਏ ਕਿ ਇਸ ਸਬੰਧੀ ਅੱਜ ਮਾਲ ਕਾਨੂੰਗੋ ਐਸੋਸ਼ੀਏਸ਼ਨ ਪੰਜਾਬ ਦੇ ਸੂਬਾ ਪ੍ਰਧਾਨ ਰੁਪਿੰਦਰ ਸਿੰਘ ਗਰੇਵਾਲ ਅਤੇ ਮਾਲ ਪਟਵਾਰ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਹਰਵੀਰ ਸਿੰਘ ਢੀਂਡਸਾ ਦੀ ਅਗਵਾਈ ਹੇਠ ਦੋਵੇਂ ਜਥੇਬੰਦੀਆਂ ਦੀ ਸੂਬਾਈ ਕਾਰਜਕਾਰਨੀ ਦੇ ਅਹੁਦੇਦਾਰਾਂ ਦੀ ਹੰਗਾਮੀ ਮੀਟਿੰਗ ਹੋਈ ਹੈ। ਇਸ ਮੀਟਿੰਗ ਵਿਚ ਇਹ ਫ਼ੈਸਲਾ ਲਿਆ ਗਿਆ ਹੈ ਕਿ ਕੱਲ ਤੋਂ ਸੂਬੇ ਭਰ ਦੇ ਪਟਵਾਰੀ ਵਿਜੀਲੈਂਸ ਵਿਭਾਗ ਵਿਰੁੱਧ ਰੋਸ ਪ੍ਰਦਰਸ਼ਨ ਕਰਨਗੇ। ਅਸਲ ਵਿਚ ਇਹ ਰੋਸ ਪ੍ਰਦਰਸ਼ਨ ਇੱਕ ਪਟਵਾਰੀ ਵਿਰੁੱਧ ਪਰਚਾ ਦਰਜ ਕਰਕੇ ਗ੍ਰਿਫਤਾਰ ਕਰਨ ਦੇ ਵਿਰੋਧ ਵਿਚ ਕੀਤਾ ਜਾ ਰਿਹਾ ਹੈ। ਇਸ ਮੀਟਿੰਗ ਵਿਚ ਵੱਖ-ਵੱਖ ਬੁਲਾਰਿਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਪਿਛਲੇ ਦਿਨੀਂ ਜ਼ਿਲ੍ਹਾ ਮਲੇਰਕੋਟਲਾ ਨਾਲ ਸਬੰਧਿਤ ਪਟਵਾਰੀ ਦੀਦਾਰ ਸਿੰਘ ਛੋਕਰਾ ਨੂੰ ਵਿਜੀਲੈਂਸ ਵਿਭਾਗ ਨੇ ਆਪਣੇ ਕੋਲ ਬਹਾਨੇ ਨਾਲ ਬੁਲਾ ਕੇ ਉਸ ਵਿਰੁੱਧ ਕਥਿਤ ਭ੍ਰਿਸ਼ਟਾਚਾਰ ਦਾ ਮੁਕੱਦਮਾ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜ ਦਿੱਤਾ ਹੈ। ਬੁਲਾਰਿਆਂ ਨੇ ਦੱਸਿਆ ਕਿ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਪਟਵਾਰੀ ਦੀਦਾਰ ਸਿੰਘ ਛੋਕਰਾ ਨੂੰ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਇਕ ਵੀਡੀਓ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।ਬੁਲਾਰਿਆਂ ਨੇ ਦੱਸਿਆ ਕਿ ਵਿਜੀਲੈਂਸ ਵਿਭਾਗ ਵਲੋਂ ਜਿਹੜੀ ਵੀਡੀਓ ਬਾਰੇ ਗੱਲ ਕੀਤੀ ਜਾ ਰਹੀ ਹੈ ਉਸ ਨਾਲ ਪਟਵਾਰੀ ਦੀਦਾਰ ਸਿੰਘ ਛੋਕਰਾ ਦਾ ਕੋਈ ਵੀ ਸਬੰਧ ਨਹੀਂ ਹੈ। ਇਸ ਮੌਕੇ ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਦੀਦਾਰ ਸਿੰਘ ਖ਼ਿਲਾਫ਼ ਕਥਿਤ ਤੌਰ ‘ਤੇ ਦਰਜ ਕੀਤੇ ਗਏ ਨਾਜਾਇਜ਼ ਮਾਮਲੇ ਦੇ ਰੋਸ ਵਜੋਂ ਸੂਬੇ ਦੇ ਸਮੂਹ ਮਾਲ ਪਟਵਾਰੀ ਅਤੇ ਕਾਨੂੰਗੋ 4 ਮਈ ਤੋਂ 15 ਮਈ ਤਕ ਸਮੂਹਿਕ ਛੁੱਟੀ ‘ਤੇ ਰਹਿਣਗੇ। ਇਸ ਦੌਰਾਨ ਵਿਜੀਲੈਂਸ ਵਿਭਾਗ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਫ਼ਿਰ ਵੀ ਸਾਨੂੰ ਨੂੰ ਕੋਈ ਇਨਸਾਫ਼ ਨਹੀਂ ਮਿਲਿਆ ਤਾਂ ਸਖਤ ਫ਼ੈਸਲਾ ਲਿਆ ਜਾਵੇਗਾ ਅਤੇ ਇਸ ਤੋਂ ਬਾਅਦ ਜੇਕਰ ਅਣਮਿਥੇ ਸਮੇਂ ਲਈ ਹੜਤਾਲ ‘ਤੇ ਜਾਣਾ ਪਿਆ ਤਾਂ ਇਸ ਤੋਂ ਵੀ ਗੁਰੇਜ਼ ਨਹੀਂ ਕੀਤਾ ਜਾਵੇਗਾ।

Total Views: 283 ,
Real Estate