
ਸੁਪਰੀਮ ਕੋਰਟ ਨੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਰੋਡ ਰੇਜ ਮਾਮਲੇ ਵਿਚ ਇਕ ਸਾਲ ਦੀ ਸਜ਼ਾ ਸੁਣਾਈ ਹੈ। ਇਸ ਮਾਮਲੇ ਵਿਚ ਸੁਪਰੀਮ ਕੋਰਟ ਵਿਚ ਸਮੀਖਿਆ ਪਟੀਸ਼ਨ ਦਾਇਰ ਕੀਤੀ ਗਈ ਸੀ। ਇਹ ਮਾਮਲਾ ਤਿੰਨ ਦਹਾਕਿਆਂ ਤੋਂ ਵੱਧ ਪੁਰਾਣਾ ਹੈ। ਪੀੜਤ ਪਰਿਵਾਰ ਨੇ ਇਸ ਮਾਮਲੇ ‘ਚ ਸੁਪਰੀਮ ਕੋਰਟ ਦੇ 2018 ਦੇ ਫੈਸਲੇ ਖਿਲਾਫ ਰੀਵਿਊ ਪਟੀਸ਼ਨ ਦਾਇਰ ਕੀਤੀ ਸੀ। ਆਪਣੇ 2018 ਦੇ ਫੈਸਲੇ ਵਿਚ ਸੁਪਰੀਮ ਕੋਰਟ ਨੇ ਸਿੱਧੂ ’ਤੇ ਲੱਗੇ ਕਤਲ ਦੇ ਦੋਸ਼ਾਂ ਨੂੰ ਖਾਰਜ ਕਰ ਦਿੱਤਾ ਸੀ ਅਤੇ ਉਸ ਦੀ ਤਿੰਨ ਸਾਲ ਦੀ ਸਜ਼ਾ ਨੂੰ ਘਟਾ ਦਿੱਤਾ ਸੀ ਅਤੇ ਉਸ ‘ਤੇ 1,000 ਰੁਪਏ ਦਾ ਜੁਰਮਾਨਾ ਲਗਾਇਆ ਸੀ। ਇਸ ਘਟਨਾ ਵਿਚ ਇਕ ਬਜ਼ੁਰਗ ਦੀ ਮੌਤ ਹੋ ਗਈ ਸੀ। ਸਿੱਧੂ ਨੂੰ ਹੁਣ ਜਾਂ ਤਾਂ ਗ੍ਰਿਫਤਾਰ ਕੀਤਾ ਜਾਵੇਗਾ ਨਹੀਂ ਤਾਂ ਉਹ ਆਤਮ ਸਮਰਪਣ ਕਰਨਗੇ।
ਅਦਾਲਤ ਦੇ ਫੈਸਲੇ ’ਤੇ ਨਵਜੋਤ ਸਿੱਧੂ ਦਾ ਪ੍ਰਤੀਕਰਮ ਆਇਆ ਹੈ। ਉਹਨਾਂ ਟਵੀਟ ਕੀਤਾ ਕਿ ਉਹ ਕਾਨੂੰਨ ਦੇ ਫੈਸਲੇ ਨੂੰ ਸਵੀਕਾਰ ਕਰਦੇ ਹਨ। ਸਿੱਧੂ ਇਸ ਸਮੇਂ ਪਟਿਆਲਾ ਵਿਚ ਹਨ। ਹੁਣ ਚਰਚਾ ਇਹ ਵੀ ਹੋ ਰਹੀ ਹੈ ਕਿ ਸਿੱਧੂ ਕੋਲ ਜੇਲ੍ਹ ਜਾਣ ਤੋਂ ਬਚਣ ਦਾ ਕੋਈ ਹੋਰ ਸਾਧਨ ਨਹੀਂ ਬਚਿਆ ਹੈ। ਉਹਨਾਂ ਨੂੰ ਜੇਲ੍ਹ ਜਾਣਾ ਪਵੇਗਾ। ਪੰਜਾਬ ਸਰਕਾਰ ਉਸ ਨੂੰ ਪਟਿਆਲਾ ਜੇਲ੍ਹ ਭੇਜ ਸਕਦੀ ਹੈ।
ਸਿੱਧੂ ਖਿਲਾਫ ਰੋਡ ਰੇਜ ਦਾ ਮਾਮਲਾ ਸਾਲ 1988 ਦਾ ਹੈ। ਪਟਿਆਲਾ ‘ਚ ਪਾਰਕਿੰਗ ਨੂੰ ਲੈ ਕੇ ਸਿੱਧੂ ਦੀ ਗੁਰਨਾਮ ਸਿੰਘ ਨਾਂ ਦੇ 65 ਸਾਲਾ ਵਿਅਕਤੀ ਨਾਲ ਲੜਾਈ ਹੋ ਗਈ। ਇਲਜ਼ਾਮ ਹੈ ਕਿ ਦੋਵਾਂ ਵਿਚਾਲੇ ਝਗੜਾ ਹੋਇਆ ਸੀ। ਜਿਸ ‘ਚ ਸਿੱਧੂ ਨੇ ਗੁਰਨਾਮ ਸਿੰਘ ਦੇ ਕਥਿਤ ਤੌਰ ‘ਤੇ ਮੁੱਕਾ ਮਾਰਿਆ। ਬਾਅਦ ਵਿਚ ਗੁਰਨਾਮ ਸਿੰਘ ਦੀ ਮੌਤ ਹੋ ਗਈ। ਪੁਲਿਸ ਨੇ ਨਵਜੋਤ ਸਿੰਘ ਸਿੱਧੂ ਅਤੇ ਉਸ ਦੇ ਦੋਸਤ ਰੁਪਿੰਦਰ ਸਿੰਘ ਸਿੱਧੂ ਦੇ ਖਿਲਾਫ ਗੈਰ-ਇਰਾਦਾ ਕਤਲ ਦਾ ਮਾਮਲਾ ਦਰਜ ਕਰ ਕੀਤਾ ਸੀ। ਇਸ ਤੋਂ ਬਾਅਦ ਮਾਮਲਾ ਅਦਾਲਤ ਤੱਕ ਪਹੁੰਚ ਗਿਆ। ਸੁਣਵਾਈ ਦੌਰਾਨ ਹੇਠਲੀ ਅਦਾਲਤ ਨੇ ਸਬੂਤਾਂ ਦੀ ਘਾਟ ਦਾ ਹਵਾਲਾ ਦਿੰਦੇ ਹੋਏ ਨਵਜੋਤ ਸਿੰਘ ਸਿੱਧੂ ਨੂੰ 1999 ਵਿਚ ਬਰੀ ਕਰ ਦਿੱਤਾ ਸੀ। ਇਸ ਤੋਂ ਬਾਅਦ ਪੀੜਤ ਧਿਰ ਹੇਠਲੀ ਅਦਾਲਤ ਦੇ ਫੈਸਲੇ ਖਿਲਾਫ਼ ਹਾਈਕੋਰਟ ਪਹੁੰਚੀ। ਸਾਲ 2006 ਵਿਚ ਹਾਈ ਕੋਰਟ ਨੇ ਇਸ ਮਾਮਲੇ ਵਿਚ ਨਵਜੋਤ ਸਿੰਘ ਸਿੱਧੂ ਨੂੰ ਤਿੰਨ ਸਾਲ ਦੀ ਕੈਦ ਅਤੇ ਇਕ ਲੱਖ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਸੀ।



















