ਗੋਲਡੀ ਬਰਾੜ ਨੂੰ ਕੈਨੇਡਾ ਤੋਂ ਭਾਰਤ ਲਿਆ ਕੇ ਵੀ ਫਾਂਸੀ ਦੀ ਸਜਾ ਨਹੀ ਦਿੱਤੀ ਜਾ ਸਕਦੀ !

ਸਿੱਧੂ ਮੂਸੇਵਾਲਾ ਦੇ ਕਤਲ ਦੀ ਕਥਿਤ ਤੌਰ ’ਤੇ ਜ਼ਿੰਮੇਵਾਰੀ ਲੈਣ ਵਾਲੇ ਗੋਲਡੀ ਬਰਾੜ ਖ਼ਿਲਾਫ਼ ਇੱਕ ਹੋਰ ਮਾਮਲੇ ‘ਚ ਕੌਮਾਂਤਰੀ ਏਜੰਸੀ ਇੰਟਰਪੌਲ ਨੇ ਰੈੱਡ ਕਾਰਨਰ ਨੋਟਿਸ ਜਾਰੀ ਕੀਤਾ ਹੈ। ਹਾਲਾਂਕਿ, ਇਹ ਨੋਟਿਸ ਸਿੱਧੂ ਮੂਸੇਵਾਲਾ ਕੇਸ ਵਿੱਚ ਨਹੀਂ ਸਗੋਂ ਦੋ ਪੁਰਾਣੇ ਮਾਮਲਿਆਂ ਵਿੱਚ ਜਾਰੀ ਕੀਤਾ ਗਿਆ ਹੈ। ਪੰਜਾਬ ਪੁਲਿਸ ਵੱਲੋਂ ਸੀਬੀਆਈ ਨੂੰ ਇਹ ਨੋਟਿਸ ਜਾਰੀ ਕਰਨ ਲਈ ਗੁਜਾਰਿਸ਼ ਕੀਤੀ ਗਈ ਸੀ।
ਇਸ ਤੋਂ ਇਲਾਵਾ ਪੰਜਾਬ ਤੇ ਮਹਾਰਾਸ਼ਟਰ ਸਣੇ ਕਈ ਸੂਬਿਆਂ ਵਿੱਚ ਲੋੜੀਂਦੇ ਹਰਵਿੰਦਰ ਸਿੰਘ ਰਿੰਦਾ ਖ਼ਿਲਾਫ਼ ਵੀ ਰੈੱਡ ਕਾਰਨਰ ਨੋਟਿਸ ਜਾਰੀ ਹੋਇਆ ਹੈ। ਹਰਵਿੰਦਰ ਸਿੰਘ ਰਿੰਦਾ ਖਿਲਾਫ਼ ਇਹ ਨੋਟਿਸ ਪੰਜਾਬ ਵਿੱਚ ਵਾਪਰੀਆਂ ਵੱਖ-ਵੱਖ ਅੱਤਵਾਦੀ ਘਟਨਾਵਾਂ ਵਿੱਚ ਰਿੰਦਾ ਦੀ ਕਥਿਤ ਭੂਮਿਕਾ ਕਾਰਨ ਜਾਰੀ ਹੋਇਆ ਹੈ। ਪੁਲਿਸ ਵੱਲੋਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਗੋਲਡੀ ਬਰਾੜ ਕੈਨੇਡਾ ਵਿੱਚ ਹੈ ਤੇ ਰਿੰਦਾ ਦੇ ਪਾਕਿਸਤਾਨ ਵਿੱਚ ਹੋਣ ਦੀ ਗੱਲ ਕੀਤੀ ਜਾ ਰਹੀ ਹੈ। ਰੈੱਡ ਕਾਰਨਰ ਨੋਟਿਸ ਤਹਿਤ ਜੇਕਰ ਗ੍ਰਿਫ਼ਤਾਰੀ ਹੋ ਜਾਂਦੀ ਹੈ, ਤਾਂ ਭਾਰਤ ਸਰਕਾਰ ਨੂੰ ਇਨ੍ਹਾਂ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਹਵਾਲਗੀ ਦੀ ਪ੍ਰਕਿਰਿਆ ਦਾ ਪਾਲਣ ਕਰਕੇ ਉਨ੍ਹਾਂ ਨੂੰ ਭਾਰਤ ਲਿਆਉਣਾ ਪਵੇਗਾ।
ਸਿੱਧੂ ਮੂਸੇਵਾਲਾ ਪੰਜਾਬੀ ਦੇ ਕੌਮਾਂਤਰੀ ਪੱਧਰ ਦੇ ਪੌਪ ਸਟਾਰ ਸਨ। 29 ਮਈ 2022 ਨੂੰ ਉਨ੍ਹਾਂ ਦਾ ਮਾਨਸਾ ਜ਼ਿਲ੍ਹੇ ਦੇ ਜਵਾਹਰਕੇ ਪਿੰਡ ਵਿੱਚ ਕੁਝ ਹਮਲਾਵਰਾਂ ਵੱਲੋਂ ਆਧੁਨਿਕ ਹਥਿਆਰਾਂ ਨਾਲ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ।

ਰੈੱਡ ਕਾਰਨਰ ਨੋਟਿਸ ਕੀ ਹੁੰਦਾ ਹੈ?

ਰੈੱਡ ਕਾਰਨਰ ਨੋਟਿਸ ਨੂੰ ਅਧਿਕਾਰਤ ਭਾਸ਼ਾ ਵਿੱਚ ਰੈੱਡ ਨੋਟਿਸ ਕਿਹਾ ਜਾਂਦਾ ਹੈ, ਜੇਕਰ ਕੋਈ ਮੁਜਰਮ ਪੁਲਿਸ ਅਤੇ ਜਾਂਚ ਏਜੰਸੀਆਂ ਤੋਂ ਬਚਣ ਲਈ ਦੂਜੇ ਮੁਲਕ ਵਿੱਚ ਭੱਜ ਜਾਂਦਾ ਹੈ ਤਾਂ ਰੈੱਡ ਕਾਰਨਰ ਨੋਟਿਸ ਅਜਿਹੇ ਮੁਲਜ਼ਮਾਂ ਬਾਰੇ ਦੁਨੀਆਂ ਭਰ ਦੀ ਪੁਲਿਸ ਨੂੰ ਸੁਚੇਤ ਕਰਦਾ ਹੈ। ਇਹ ਨੋਟਿਸ ਸਰੰਡਰ ਕਰਨ, ਹਵਾਲਗੀ, ਗ੍ਰਿਫ਼ਤਾਰੀ ਲਈ ਜਾਂ ਫਿਰ ਕਿਸੇ ਤਰ੍ਹਾਂ ਦੀ ਕਾਨੂੰਨ ਕਾਰਵਾਈ ਕਰਨ ਲਈ ਜਾਰੀ ਹੁੰਦਾ ਹੈ। ਇਸ ਨੋਟਿਸ ਨੂੰ ਕੌਮਾਂਤਰੀ ਏਜੰਸੀ ਇੰਟਰਪੋਲ ਵੱਲੋਂ ਜਾਰੀ ਕੀਤਾ ਜਾਂਦਾ ਹੈ। ਜਦੋਂ ਇੰਟਰਪੋਲ ਦੀ ਮਦਦ ਨਾਲ ਕਿਸੇ ਵੀ ਦੇਸ ਦੀ ਪੁਲਿਸ ਅਜਿਹੇ ਵਿਅਕਤੀ ਨੂੰ ਫੜ ਲੈਂਦੀ ਹੈ ਤਾਂ ਜਿਸ ਦੇਸ ਵਿੱਚ ਉਹ ਮੁਲਜ਼ਮ ਲੋੜੀਂਦਾ ਹੈ ਉਸ ਦੇਸ ਨੂੰ ਹਵਾਲਗੀ ਲੈਣ ਲਈ ਪ੍ਰਕਿਰਿਆ ਦਾ ਪਾਲਣ ਕਰਨਾ ਪੈਂਦਾ ਹੈ।

ਹਵਾਲਗੀ ਕੀ ਹੈ?

ਹਵਾਲਗੀ ਉਹ ਪ੍ਰਕਿਰਿਆ ਹੈ ਜਿਸ ਵਿੱਚ ਇੱਕ ਮੁਲਕ ਵੱਲੋਂ ਦੂਜੇ ਮੁਲਕ ਤੋਂ ਇੱਕ ਅਜਿਹੇ ਸ਼ਖ਼ਸ ਨੂੰ ਹਵਾਲੇ ਕਰਨ ਦੀ ਗੁਜਾਰਿਸ਼ ਕੀਤੀ ਜਾਂਦੀ ਹੈ, ਜਿਸ ਨੂੰ ਸਬੰਧਤ ਦੇਸ਼ ਦੀਆਂ ਅਦਾਲਤਾਂ ਵਿੱਚ ਦੋਸ਼ੀ ਠਹਿਰਾਇਆ ਗਿਆ ਹੋਵੇ।

ਕਿਨ੍ਹਾਂ ਦੀ ਹਵਾਲਗੀ ਕੀਤੀ ਜਾ ਸਕਦੀ ਹੈ ?

ਉਹ ਲੋਕ, ਜੋ ਕਿਸੇ ਜੁਰਮ ਵਿੱਚ ਸ਼ਾਮਲ ਹੋਣ ਜਾਂ ਉਨ੍ਹਾਂ ਖ਼ਿਲਾਫ਼ ਕੋਈ ਗੰਭੀਰ ਜੁਰਮ ਦਾ ਇਲਜ਼ਾਮ ਲੱਗਣ ਤੋਂ ਬਾਅਦ ਅਦਾਲਤੀ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੋਵੇ ਅਤੇ ਜਾਂ ਫਿਰ ਉਨ੍ਹਾਂ ਨੂੰ ਜੋ ਪੁਲਿਸ ਜਾਂ ਅਦਾਲਤ ਵੱਲੋਂ ਭਗੌੜਾ ਕਰਾਰ ਦਿੱਤਾ ਗਿਆ ਹੋਵੇ। ਇੱਕ ਦੇਸ ਹਵਾਲਗੀ ਉਦੋਂ ਹੀ ਦੇਵੇਗਾ ਜੇ ਸਬੰਧਤ ਮੁਲਜ਼ਮ ਵੱਲੋਂ ਕੀਤੇ ਗਏ ਅਪਰਾਧ, ਉਸ ਦੇ ਦੇਸ ਵਿੱਚ ਵੀ ਅਪਰਾਧ ਮੰਨੇ ਜਾਂਦੇ ਹੋਣ।

ਹਵਾਲਗੀ ਕਿਸ ਕਾਨੂੰਨ ਤਹਿਤ ਆਉਂਦੀ ਹੈ ਤੇ ਇਸ ਲਈ ਕਿਹੜੇ ਦਸਤਾਵੇਜ਼ਾਂ ਦੀ ਲੋੜ ਹੁੰਦੀ ਹੈ ?

ਭਾਰਤ ਵਿੱਚ ਹਵਾਲਗੀ ਪ੍ਰਕਿਰਿਆ ਲਈ ਭਾਰਤੀ ਹਵਾਲਗੀ ਐਕਟ 1962 ਹੈ। ਇਸੇ ਕਾਨੂੰਨ ਤਹਿਤ ਪੂਰੀ ਪ੍ਰਕਿਰਿਆ ਚਲਾਈ ਜਾਂਦੀ ਹੈ। ਹਵਾਲਗੀ ਦੀ ਅਰਜ਼ੀ ਇੱਕ ਐਫੀਡੇਵਿਟ ਫਾਰਮ ਰਾਹੀਂ ਪਾਈ ਜਾਂਦੀ ਹੈ, ਜਿਸ ਨੂੰ ਐੱਸਪੀ ਤੋਂ ਘੱਟ ਰੈਂਕ ਦਾ ਅਫ਼ਸਰ ਫਾਈਲ ਨਹੀਂ ਕਰ ਸਕਦਾ ਹੈ। ਐਫੀਡੇਵਿਟ ਯਾਨਿ ਕਿ ਹਲਫ਼ੀਆ ਬਿਆਨ ਨੂੰ ਕੋਰਟ ਵਿੱਚ ਦਾਇਰ ਕੀਤਾ ਜਾਣਾ ਚਾਹੀਦਾ ਹੈ। ਕਿਸੇ ਦੂਜੇ ਮੁਲਕ ਵਿੱਚ ਭਗੌੜੇ ਖ਼ਿਲਾਫ਼ ਕੇਸ ਨੂੰ ਸਾਬਿਤ ਕਰਨ ਲਈ, ਇਸ ਹਲਫ਼ੀਆ ਬਿਆਨ ਵਿੱਚ ਕੇਸ ਸਬੰਧੀ ਵਿਸਥਾਰ ਵਿੱਚ ਜਾਣਕਾਰੀ ਹੋਣੀ ਚਾਹੀਦੀ ਹੈ। ਇਸ ਦੇ ਨਾਲ ਹੀ ਇਸ ਦਸਤਾਵੇਜ਼ ਵਿੱਚ ਭਗੌੜੇ ਮੁਲਜ਼ਮ ‘ਤੇ ਲੱਗੇ ਇਲਜ਼ਾਮ, ਚੰਗੀ ਤਰ੍ਹਾਂ ਤਸਦੀਕ ਕੀਤੇ ਸਬੂਤ ਅਤੇ ਪਛਾਣ ਸਬੰਧੀ ਕਾਗਜ਼ਾਦ ਨੱਥੀ ਹੋਣੇ ਚਾਹੀਦੇ ਹਨ।
ਮੌਜੂਦਾ ਸਮੇਂ ਵਿੱਚ ਭਾਰਤ ਦੀ ਕੈਨੇਡਾ, ਅਮਰੀਕਾ, ਯੂਕੇ, ਆਸਟੇਰਲੀਆ, ਅਫ਼ਗਾਨਿਸਤਾਨ ਅਤੇ ਯੂਕਰੇਨ ਸਮੇਤ 48 ਮੁਲਕਾਂ ਦੇ ਨਾਲ ਹਵਾਲਗੀ ਸੰਧੀ ਹੈ ਤੇ 11 ਦੇਸ਼ਾਂ ਦੇ ਨਾਲ ਹਵਾਲਗੀ ਸਮਝੌਤਾ ਹੈ।

ਮੌਤ ਦੀ ਸਜ਼ਾ ਅਤੇ ਹਵਾਲਗੀ ?

ਉਹ ਮਾਮਲਾ, ਜਿੱਥੇ ਦੋਸ਼ੀ ਨੂੰ ਮੌਤ ਦੀ ਸਜ਼ਾ ਮਿਲੀ ਹੈ ਤੇ ਹਵਾਲਗੀ ਦੀ ਗੁਜਾਰਿਸ਼ ਕਰਨ ਵਾਲੇ ਮੁਲਕ ਵਿੱਚ ਮੌਤ ਦੀ ਸਜ਼ਾ ਉੱਤੇ ਪਾਬੰਦੀ ਹੈ, ਤਾਂ ਉਸ ਮਾਮਲੇ ਵਿੱਚ ਮੌਤ ਦੀ ਸਜ਼ਾ ਲਾਗੂ ਨਹੀਂ ਹੋਵੇਗੀ, ਜੇਕਰ ਹੁੰਦੀ ਵੀ ਹੈ ਤਾਂ ਦਿੱਤੀ ਨਹੀਂ ਜਾ ਸਕੇਗੀ। ਸਿੱਧੂ ਮੂਸੇਵਾਲਾ ਦੇ ਕਤਲ ਕੇਸ ਵਿੱਚ ਮਾਮਲਾ ਧਾਰਾ 302 ਦਾ ਬਣਦਾ ਹੈ ਜਿਸ ਵਿੱਚ ਦੋਸ਼ੀ ਪਾਏ ਜਾਣ ਉੱਤੇ ਮੌਤ ਦੀ ਸਜ਼ਾ ਵੀ ਦਿੱਤੀ ਜਾ ਸਕਦੀ ਹੈ।ਪਰ ਜੇ ਭਾਰਤ ਸਰਕਾਰ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਗੋਲਡੀ ਬਰਾੜ ਦੀ ਕੈਨੇਡਾ ਤੋਂ ਹਵਾਲਗੀ ਲੈਂਦੀ ਹੈ ਤਾਂ ਕੈਨੇਡਾ ‘ਚ ਵੀ ਤਾਂ ਮੌਤ ਦੀ ਸਜ਼ਾ ਨਹੀਂ ਦਿੱਤੀ ਜਾਂਦੀ ।  BBC

Total Views: 341 ,
Real Estate