ਸੰਗਰੂਰ ਜ਼ਿਮਨੀ ਚੋਣ ਲਈ ਵੋਟਾਂ ਅੱਜ

ਸੰਗਰੂਰ ਲੋਕ ਸਭਾ ਹਲਲੇ ਦੀ ਜ਼ਿਮਨੀ ਚੋਣ ਲਈ ਭਲਕੇ 23 ਜੂਨ ਨੂੰ ਪੈਣ ਵਾਲੀਆਂ ਵੋਟਾਂ ਲਈ ਪ੍ਰਸ਼ਾਸਨ ਵੱਲੋਂ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਅੱਜ ਪੋਲਿੰਗ ਪਾਰਟੀਆਂ ਆਪੋ-ਆਪਣੇ ਪੋਲਿੰਗ ਸਟੇਸ਼ਨਾਂ ਲਈ ਰਵਾਨਾ ਹੋ ਗਈਆਂ ਹਨ। ਇਸ ਉਪ ਚੋਣ ਲਈ ਕੁੱਲ 1766 ਪੋਲਿੰਗ ਸਟੇਸ਼ਨ ਬਣਾਏ ਗਏ ਹਨ ਜਿਨ੍ਹਾਂ ’ਚੋਂ 296 ਪੋਲਿੰਗ ਸਟੇਸ਼ਨਾਂ ਸੰਵੇਦਨਸ਼ੀਲ ਐਲਾਨੇ ਗੲੇ ਹਨ। ਇਸ ਚੋਣ ਵਿੱਚ 15,69,240 ਵੋਟਰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨਗੇ। ਰਿਟਰਨਿੰਗ ਅਫ਼ਸਰ ਤੇ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਹਲਕੇ ਵਿੱਚ 7,540 ਸਰਵਿਸ ਵੋਟਰ ਹਨ ਜਦਕਿ 987 ਐਬਸੈਂਟੀ ਵੋਟਰ ਹਨ ਜਿਨ੍ਹਾਂ ਵਿੱਚੋਂ 80 ਸਾਲ ਤੋਂ ਵੱਧ ਵਾਲੇ 730 ਵੋਟਰ ਜਦਕਿ 257 ਦਿਵਿਆਂਗ (ਪੀਡਬਲਿਊਡੀ) ਵੋਟਰ ਸ਼ਾਮਲ ਹਨ। ਰਿਟਰਨਿੰਗ ਅਫ਼ਸਰ ਨੇ ਦੱਸਿਆ ਕਿ ਹਰ ਪੋਲਿੰਗ ਸਟੇਸ਼ਨ ’ਤੇ ਦੋ ਬੈਲੇਟ ਯੂਨਿਟ, ਇੱਕ ਕਾਊਂਟਿੰਗ ਯੂਨਿਟ ਤੇ ਇਕ ਵੀਵੀਪੈਟ ਰਹੇਗੀ। ਈਵੀਐੱਮਜ਼ ਦੀ ਢੋਆ-ਢੁਆਈ ਸਿਰਫ ਜੀਪੀਐੱਸ ਵਾਲੇ ਵਾਹਨਾਂ ਰਾਹੀਂ ਕੀਤੀ ਜਾਵੇਗੀ। ਪੋਲਿੰਗ ਪਾਰਟੀਆਂ ਦਾ ਰਿਪੋਰਟਿੰਗ ਟਾਈਮ 23 ਜੂਨ ਨੂੰ ਸਵੇਰੇ 7 ਵਜੇ ਦਾ ਹੈ ਤੇ ਪੋਲਿੰਗ ਪਾਰਟੀਆਂ ਆਪੋ ਆਪਣੇ ਪੋਲਿੰਗ ਸਟੇਸ਼ਨਾਂ ਲਈ ਰਵਾਨਾ ਹੋ ਚੁੱਕੀਆਂ ਹਨ। ਉਨ੍ਹਾਂ ਦੱਸਿਆ ਕਿ ਸੰਗਰੂਰ ਜ਼ਿਲ੍ਹੇ ਦੇ 76 ਪੋਲਿੰਗ ਸਟੇਸ਼ਨਾਂ ’ਤੇ ਮਾਈਕਰੋ ਆਬਜ਼ਰਵਰ ਤਾਇਨਾਤ ਕੀਤੇ ਗਏ ਹਨ। ਸਾਰੇ ਪੋਲਿੰਗ ਸਟੇਸ਼ਨਾਂ ਦੀ ਲਾਈਵ ਵੈੱਬਕਾਸਟਿੰਗ ਕੀਤੀ ਜਾਵੇਗੀ। ਕੋਵਿਡ ਪ੍ਰੋਟੋਕੋਲ ਨੂੰ ਧਿਆਨ ਵਿੱਚ ਰੱਖਦਿਆਂ ਸਾਰਾ ਚੋਣ ਪ੍ਰਬੰਧ ਨੂੰ ਨੇਪਰੇ ਚਾੜਿ੍ਹਆ ਜਾਵੇਗਾ। ਰਿਟਰਨਿੰਗ ਅਫ਼ਸਰ ਨੇ ਦੱਸਿਆ ਕਿ ਲੋਕ ਸਭਾ ਹਲਕਾ ਸੰਗਰੂਰ ਦੀ ਉਪ ਚੋਣ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ 7064 ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਚੋਣ ਅਮਲੇ ਵਜੋਂ ਤਾਇਨਾਤ ਕੀਤਾ ਗਿਆ ਹੈ ਜਦਕਿ 1413 ਅਧਿਕਾਰੀਆਂ ਤੇ ਕਰਮਚਾਰੀਆਂ ਦੇ ਅਮਲੇ ਨੂੰ ਰਾਖਵਾਂ ਰੱਖਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਸੁਰੱਖਿਆ ਪ੍ਰਬੰਧਾਂ ਵਜੋਂ ਸਟੇਟ ਆਰਮਡ ਫੋਰਸ (ਐੱਸ।ਏ।ਐੱਫ) ਤੇ ਕੇਂਦਰੀ ਹਥਿਆਰਬੰਦ ਬਲਾਂ ਦੇ 6716 ਸੁਰੱਖਿਆ ਕਰਮੀ ਤਾਇਨਾਤ ਕੀਤੇ ਗਏ ਹਨ। ਪੋਲਿੰਗ ਤੇ ਵੋਟਾਂ ਦੀ ਗਿਣਤੀ ਦੇ ਸਾਰੇ ਪ੍ਰਬੰਧ ਵੀ ਮੁਕੰਮਲ ਕਰ ਲਏ ਗਏ ਹਨ। ਉਨ੍ਹਾਂ ਕਿਹਾ ਕਿ ਬਰਨਾਲਾ ਜ਼ਿਲ੍ਹੇ ਨਾਲ ਸਬੰਧਤ ਤਿੰਨ ਹਲਕਿਆਂ ਵਿੱਚ ਪੈਣ ਵਾਲੀਆਂ ਵੋਟਾਂ ਦੀ ਗਿਣਤੀ ਲਈ ਬਰਨਾਲਾ ਵਿੱਚ ਹੀ ਗਿਣਤੀ ਕੇਂਦਰ ਸਥਾਪਤ ਕੀਤਾ ਗਿਆ ਹੈ ਜਦਕਿ ਜ਼ਿਲ੍ਹਾ ਸੰਗਰੂਰ ਦੇ ਪੰਜ ਹਲਕਿਆਂ ਤੇ ਮਾਲੇਰਕੋਟਲਾ ਜ਼ਿਲ੍ਹੇ ਦੇ ਇਕ ਹਲਕੇ ਦੀ ਗਿਣਤੀ ਦੇਸ਼ ਭਗਤ ਕਾਲਜ ਬਰੜਵਾਲ, ਧੂਰੀ ਵਿੱਚ ਬਣਾਏ ਗਿਣਤੀ ਕੇਂਦਰਾਂ ਵਿੱਚ ਹੋਵੇਗੀ।

Total Views: 23 ,
Real Estate