ਰਾਘਵ ਚੱਢਾ ਦੀ ਨਿਯੁਕਤੀ ਤੇ ‘ਆਪ’ ਦੇ ਵਿਧਾਇਕ ਹੀ ਅੰਦਰੋਂ ਕਾਫੀ ਔਖੇ

ਪੰਜਾਬ ਸਰਕਾਰ ਨੇ ਜਨਤਕ ਮਹੱਤਵ ਦੇ ਮੁੱਦਿਆਂ ਸਬੰਧੀ ਬਣਾਈ ਗਈ ਸਲਾਹਕਾਰ ਕਮੇਟੀ ਦੇ ਚੇਅਰਮੈਨ ਵਜੋਂ ਰਾਜ ਸਭਾ ਮੈਂਬਰ ਅਤੇ ਦਿੱਲੀ ਦੇ ਸਾਬਕਾ ਵਿਧਾਇਕ ਰਾਘਵ ਚੱਢਾ ਨੂੰ ਨਿਯੁਕਤ ਕਰ ਦਿੱਤਾ ਹੈ। ਪੰਜਾਬ ਸਰਕਾਰ ਨੇ ਚੱਢਾ ਦੀ ਨਿਯੁਕਤੀ ਦਾ ਐਲਾਨ ਕਰਦਿਆਂ ਕਿਹਾ ਹੈ ਕਿ ਮਾਡਰਨ ਸਕੂਲ ਬਾਰਾਖੰਬਾ ਅਤੇ ਲੰਡਨ ਸਕੂਲ ਆਫ਼ ਇਕਨਾਮਿਕਸ ਵਰਗੀਆਂ ਵਿਸ਼ਵ ਪ੍ਰਸਿੱਧ ਵਿਦਿਅਕ ਸੰਸਥਾਵਾਂ ਤੋਂ ਪੜ੍ਹੇ ਰਾਘਵ ਚੱਢਾ ਪੇਸ਼ੇ ਪੱਖੋਂ ਚਾਰਟਰਡ ਅਕਾਊਂਟੈਂਟ ਹਨ ਅਤੇ ਉਨ੍ਹਾਂ ਕੋਲ ਕਈ ਵੱਡੀਆਂ ਕਾਰਪੋਰੇਟ ਫਰਮਾਂ ਵਿੱਚ ਕੰਮ ਕਰਨ ਦਾ ਤਜਰਬਾ ਵੀ ਹੈ। ਸਰਕਾਰ ਮੁਤਾਬਕ ‘ਆਪ’ ਨਾਲ ਸਬੰਧਤ ਇਸ ਨੌਜਵਾਨ ਸਿਆਸੀ ਆਗੂ ਨੇ ਦਿੱਲੀ ਵਿੱਚ ਵਿੱਤ ਮੰਤਰੀ ਮਨੀਸ਼ ਸਿਸੋਦੀਆ ਦੇ ਵਿੱਤ ਸਲਾਹਕਾਰ ਵਜੋਂ ਵੀ ਸੇਵਾ ਨਿਭਾਈ ਹੈ। ਸਰਕਾਰੀ ਬੁਲਾਰੇ ਨੇ ਕਿਹਾ ਕਿ ਚੱਢਾ ਦੀ ਵਿੱਤੀ ਸੂਝ-ਬੂਝ ਗੰਭੀਰ ਵਿੱਤੀ ਸੰਕਟ ਨਾਲ ਜੂਝ ਰਹੇ ਪੰਜਾਬ ਨੂੰ ਕਰਜ਼ ਦੇ ਜਾਲ ਵਿੱਚੋਂ ਕੱਢਣ ਲਈ ਵਰਦਾਨ ਸਾਬਿਤ ਹੋ ਸਕਦੀ ਹੈ।
ਦੂਜੇ ਪਾਸੇ ਪੰਜਾਬ ਸਰਕਾਰ ਵਿੱਚ ਦਿੱਲੀ ਦੇ ਆਗੂਆਂ ਦੀ ਵੱਧ ਰਹੀ ਦਖ਼ਲਅੰਦਾਜ਼ੀ ਤੋਂ ‘ਆਪ’ ਦੇ ਵਿਧਾਇਕ ਵੀ ਅੰਦਰੋਂ ਕਾਫੀ ਔਖ ਵਿੱਚ ਹਨ। ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਦਬਕੇ ਦੇ ਡਰੋਂ ਕੋਈ ਵਿਧਾਇਕ ਮੂੰਹ ਨਹੀਂ ਖੋਲ੍ਹ ਰਿਹਾ ਹੈ, ਪਰ ਫ਼ੀਲਡ ਵਿੱਚ ‘ਆਪ’ ਵਿਧਾਇਕਾਂ ਨੂੰ ਲੋਕਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਤੇ ਸੋਸ਼ਲ ਮੀਡੀਆ ’ਤੇ ਵੀ ਉਨ੍ਹਾਂ ਦੀ ਘੇਰਾਬੰਦੀ ਹੋ ਰਹੀ ਹੈ।
ਪੰਜਾਬ ਕਾਂਗਰਸ ਨੇ ਸੂਬਾ ਸਰਕਾਰ ਵੱਲੋਂ ਸਲਾਹਕਾਰ ਕਮੇਟੀ ਦੇ ਚੇਅਰਮੈਨ ਵਜੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਦੀ ਨਿਯੁਕਤੀ ਕਰਨ ’ਤੇ ਸਰਕਾਰ ’ਤੇ ਸਵਾਲ ਖੜ੍ਹੇ ਕੀਤੇ ਹਨ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਟਵੀਟ ਕਰਕੇ ਕਿਹਾ ਹੈ ਕਿ ਰਾਘਵ ਚੱਢਾ ਨੂੰ ਸਲਾਹਕਾਰ ਕਮੇਟੀ ਦਾ ਚੇਅਰਮੈਨ ਨਿਯੁਕਤ ਕਰਨਾ ਪੰਜਾਬ ਦਾ ਮੁੱਖ ਮੰਤਰੀ ਬਣਾਉਣ ਦੇ ਬਰਾਬਰ ਹੈ। ਰਾਜਾ ਵੜਿੰਗ ਨੇ ਕਿਹਾ ਕਿ ਇੰਜ ਲੱਗਦਾ ਹੈ ਕਿ ਮੁੱਖ ਮੰਤਰੀ ਨੇ ਪੰਜਾਬ ਸਰਕਾਰ ਨੂੰ ਠੇਕੇ ’ਤੇ ਦੇ ਦਿੱਤਾ ਹੈ। ਸਾਬਕਾ ਸਿੱਖਿਆ ਮੰਤਰੀ ਪਰਗਟ ਸਿੰਘ ਨੇ ਵੀ ਟਵੀਟ ਕਰਕੇ ‘ਆਪ’ ਸਰਕਾਰ ’ਤੇ ਤਨਜ਼ ਕੱਸਦਿਆਂ ਰਾਘਵ ਚੱਢਾ ਨੂੰ ਪੰਜਾਬ ਦਾ ਸੂਬੇਦਾਰ ਕਿਹਾ ਹੈ। ਉਨ੍ਹਾਂ ਕਿਹਾ, ‘ਪੱਗ ਪੀਲੀ, ਗੱਲਾਂ ਭਗਤ ਸਿੰਘ ਦੀਆਂ, ਚਾਕਰੀ ਦਿੱਲੀ ਦੀ।’ ਵਿਰੋਧੀ ਧਿਰ ਦੇ ਨੇਤਾ ਅਤੇ ਸਾਬਕਾ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਰਾਘਵ ਚੱਢਾ ਦੀ ਨਿਯੁਕਤੀ ’ਤੇ ਕਿਹਾ ਕਿ ਜਿਵੇਂ 1846 ਵਿੱਚ ਬਰਤਾਨਵੀ ਸਾਮਰਾਜ ਨੇ ਸਿੱਖ ਰਾਜ ਨੂੰ ਬਾਹਰੋਂ ਕੰਟਰੋਲ ਕਰਨ ਵਾਸਤੇ ਬ੍ਰਿਟਿਸ ਰੈਜ਼ੀਡੈਂਟ ਸਰ ਹੈਨਰੀ ਲਾਰੈਂਸ ਨੂੰ ਤਾਇਨਾਤ ਕੀਤਾ ਸੀ, ਉਸੇ ਤਰ੍ਹਾਂ ਰਾਘਵ ਚੱਢਾ ਦਿੱਲੀ ਦਰਬਾਰ ਦੀ ਪ੍ਰਤੀਨਿਧਤਾ ਕਰੇਗਾ।

Total Views: 450 ,
Real Estate