ਜਗਮੀਤ ਬਰਾੜ ਨੂੰ ਸ਼੍ਰੋਮਣੀ ਅਕਾਲੀ ਦਲ ’ਚੋਂ ਕੱਢਣ ਦੀ ਮੰਗ

ਸ਼੍ਰੋਮਣੀ ਅਕਾਲੀ ਦਲ ’ਚ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ ’ਤੇ ਜਗਮੀਤ ਸਿੰਘ ਬਰਾੜ ਵੱਲੋਂ ਚੁੱਕੇ ਜਾ ਰਹੇ ਸਵਾਲਾਂ ਦਾ ਸਖ਼ਤ ਨੋਟਿਸ ਲੈਂਦਿਆਂ ਹਲਕਾ ਮੌੜ ਦੀ ਸਮੁੱਚੀ ਲੀਡਰਸ਼ਿਪ ਨੇ ਜਗਮੀਤ ਸਿੰਘ ਬਰਾੜ ਨੂੰ ਸ਼੍ਰੋਮਣੀ ਅਕਾਲੀ ਦਲ ’ਚੋਂ ਬਾਹਰ ਕੱਢਣ ਦੀ ਮੰਗ ਕੀਤੀ ਹੈ। ਇਸ ਸਬੰਧੀ ਹਲਕਾ ਮੌੜ ਦੇ ਸਰਕਲ ਪ੍ਰਧਾਨ, ਯੂਥ ਪ੍ਰਧਾਨ, ਸਾਬਕਾ ਚੇਅਰਮੈਨ, ਸਾਬਕਾ ਜ਼ਿਲ੍ਹਾ ਪਰਿਸ਼ਦ ਮੈਂਬਰ, ਸਾਬਕਾ ਸਰਪੰਚਾਂ ਅਤੇ ਸੀਨੀਅਰ ਆਗੂਆਂ ਨੇ ਬਠਿੰਡਾ ਵਿੱਚ ਪ੍ਰੈੱਸ ਕਾਨਫਰੰਸ ਕੀਤੀ ਤੇ ਬਠਿੰਡਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਨੂੰ ਇਕ ਮੰਗ ਪੱਤਰ ਸੌਂਪਿਆ, ਜਿਸ ’ਚ ਉਨ੍ਹਾਂ ਨੇ ਜਗਮੀਤ ਸਿੰਘ ਬਰਾੜ ਨੂੰ ਪਾਰਟੀ ’ਚੋਂ ਬਾਹਰ ਕੱਢਣ ਦੀ ਮੰਗ ਕੀਤੀ। ਅਕਾਲੀ ਆਗੂਆਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਜਗਮੀਤ ਬਰਾੜ ਨੂੰ ਪੂਰਾ ਮਾਣ ਸਤਿਕਾਰ ਦਿੱਤਾ ਸੀ, ਪਰ ਉਨ੍ਹਾਂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ’ਤੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਕਿਸੇ ਵੀ ਸਿਆਸੀ ਪਾਰਟੀ ਵਿਚ ਵਿਚਾਰਾਂ ਦਾ ਟਕਰਾਅ ਕੋਈ ਵੱਡੀ ਗੱਲ ਨਹੀਂ ਪਰ ਆਗੂਆਂ ਨੂੰ ਆਪਣੇ ਵਿਚਾਰ ਪਾਰਟੀ ਮੰਚ ’ਤੇ ਰੱਖਣੇ ਚਾਹੀਦੇ ਹਨ। ਜਗਮੀਤ ਬਰਾੜ ਨੂੰ ਵੀ ਆਪਣੀ ਗੱਲ ਪਾਰਟੀ ਮੰਚ ’ਤੇ ਹੀ ਰੱਖਣੀ ਚਾਹੀਦੀ ਸੀ। ਜਗਮੀਤ ਬਰਾੜ ਇਸੇ ਮੌੜ ਹਲਕੇ ਤੋਂ ਵਿਧਾਨ ਸਭਾ ਦੀ ਚੋਣ ਲੜੀ ਹੈ।

Total Views: 33 ,
Real Estate