ਰਾਜਾ ਵੜਿੰਗ ਤੇ ਖਹਿਰਾ ’ਤੇ ਐੱਫਆਈਆਰ ਦਰਜ , ਕੀ ਹੈ ਮਾਮਲਾ

ਆਮ ਆਦਮੀ ਪਾਰਟੀ ਵੱਲੋਂ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਖਿਲਾਫ਼ ਝੂਠੀਆਂ ਖ਼ਬਰਾਂ ਫੈਲਾਉਣ ਦੇ ਇਲਜ਼ਾਮਾਂ ਤਹਿਤ ਐਫ਼ਆਈਆਰ ਦਰਜ ਕੀਤੀ ਗਈ ਹੈ। ਪੰਜਾਬ ਸਰਕਾਰ ਵੱਲੋਂ ਇਸੇ ਹਫ਼ਤੇ ਸੂਬੇ ਦੇ 14 ਬੋਰਡਾਂ ਅਤੇ ਕਾਰਪਰੇਸ਼ਨਾਂ ਦੇ ਚੇਅਰਮੈਨ ਨਿਯੁਕਤ ਕੀਤੇ ਗਏ ਸਨ। ਸ਼ੁੱਕਰਵਾਰ ਨੂੰ ਕਾਂਗਰਸ ਦੇ ਆਗੂ ਸੁਖਪਾਲ ਸਿੰਘ ਖਹਿਰਾ ਨੇ ਇੱਕ ਟਵੀਟ ਕੀਤਾ ਅਤੇ ਦਾਅਵਾ ਕੀਤਾ ਕਿ ਚੇਅਰਮੈਨ ਲਗਾਏ ਜਾਣ ਦੀ ਚਿੱਠੀ ਉੱਪਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਸਤਖ਼ਤਾਂ ਦੀ ਥਾਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਦਸਤਖ਼ਤ ਹਨ। ਸੁਖਪਾਲ ਖਹਿਰਾ ਨੇ ਲਿਖਿਆ ਸੀ ਕਿ ਇੱਕ ਦਸਤਾਵੇਜ਼ੀ ਸਬੂਤ ਤੋਂ ਬਾਅਦ ਇਹ ਸਪਸ਼ਟ ਹੈ ਕਿ ਭਗਵੰਤ ਮਾਨ ਕੋਲ ਪੰਜਾਬ ਸਰਕਾਰ ਦੀਆਂ ਨਿਯੁਕਤੀਆਂ ਕਰਨ ਦੀ ਕੋਈ ਸ਼ਕਤੀ ਨਹੀਂ ਹੈ ਕਿਉਂਕਿ ਉਨ੍ਹਾਂ ਨੂੰ ਅਰਵਿੰਦ ਕੇਜਰੀਵਾਲ ਵੱਲੋਂ ਪ੍ਰਵਾਨ ਕੀਤਾ ਜਾਂਦਾ ਹੈ।
ਇਸੇ ਕਥਿਤ ਚਿੱਠੀ ਨੂੰ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਵੀ ਸ਼ੇਅਰ ਕੀਤੀ ਸੀ। ਚਿੱਠੀ ਨੂੰ ਝੂਠਾ ਕਰਾਰ ਦਿੰਦਿਆਂ ਆਮ ਆਦਮੀ ਪਾਰਟੀ ਨੇ ਮੁਹਾਲੀ ਦੇ ਫੇਜ਼ 5 ਵਿੱਚ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਸੁਖਪਾਲ ਖਹਿਰਾ ਖਿਲਾਫ਼ ਸ਼ਿਕਾਇਤ ਦਰਜ ਕਰਵਾਈ।
ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਐੱਫਆਈਆਰ ’ਤੇ ਚੁੱਕੇ ਸਵਾਲ ਪ੍ਰਧਾਨ ਪੰਜਾਬ ਕਾਂਗਰਸ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੀ ਐਫ਼ਆਈਆਰ ਵਿੱਚ ਆਪਣਾ ਨਾਮ ਸ਼ਾਮਲ ਕੀਤੇ ਜਾਣ ਨੂੰ ਬੇਤੁਕਾ ਦੱਸਿਆ ਹੈ।ਆਪਣੇ ਟਵੀਟ ਵਿੱਚ ਉਨ੍ਹਾਂ ਨੇ ਲਿਖਿਆ ਕਿ ਬੀਜੇਪੀ ਦੇ ਫੇਸਬੁੱਕ ਹੈਂਡਲ ਤੋਂ ਵੀ ਇਸ ਚਿੱਠੀ ਦੀ ਕਾਪੀ ਸਾਂਝੀ ਕੀਤੀ ਗਈ ਸੀ, ਤਾਂ ਉਨ੍ਹਾਂ ਖਿਲਾਫ਼ ਕੋਈ ਐਫ਼ਆਈਆਰ ਕਿਉਂ ਦਰਜ ਨਹੀਂ ਕੀਤੀ ਗਈ। ਸਿਰਫ਼ ਇਸ ਲਈ ਕਿ ਤੁਸੀਂ ਬੀਜੇਪੀ ਤੋਂ ਡਰਦੇ ਹੋ। ਮੁਹਾਲੀ ਦੇ ਇੱਕ ਫੇਜ਼ -5 ਦੇ ਥਾਣੇ ਵਿੱਚ ਆਮ ਆਦਮੀ ਪਾਰਟੀ ਦੀ ਜ਼ਿਲ੍ਹਾ ਪ੍ਰਧਾਨ ਪ੍ਰਭਜੋਤ ਕੌਰ ਵੱਲੋਂ ਰਿਪੋਰਟ ਲਿਖਵਾਈ ਗਈ ਹੈ। ਐਫ਼ਆਈਆਰ ਵਿੱਚ ਲਿਖਿਆ ਗਿਆ ਹੈ ਕਿ ਅਮਰਿੰਦਰ ਸਿੰਘ ਅਤੇ ਸੁਖਪਾਲ ਸਿੰਘ ਖਹਿਰਾ ਨੇ ਆਮ ਆਦਮੀ ਪਾਰਟੀ ਦੀ ਜਾਅਲੀ ਲੈਟਰਹੈਡ ਉਪਰ ਚੇਅਰਮੈਨਾਂ ਦੀ ਝੂਠੀ ਸੂਚੀ ਛਾਪ ਕੇ ਅਤੇ ਵੰਡ ਕੇ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕੀਤਾ ਹੈ।

Total Views: 125 ,
Real Estate