SGPC ਪ੍ਰਧਾਨ ਦੀ ਚੋਣ ਅੱਜ

ਸੁਖਬੀਰ ਬਾਦਲ ਵੱਲੋਂ ਬੀਬੀ ਜਗੀਰ ਕੌਰ ਨੂੰ ਚੋਣ ਮੈਦਾਨ ’ਚੋਂ ਹਟਣ ਦੀ ਅਪੀਲ

ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ 9 ਨਵੰਬਰ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਦੀ ਚੋਣ ਲਈ ਹੋਣ ਵਾਲੇ ਜਨਰਲ ਇਜਲਾਸ ਵਿੱਚ ਪ੍ਰਧਾਨ ਦੇ ਅਹੁਦੇ ਲਈ ਪਾਰਟੀ ਉਮੀਦਵਾਰ ਵਜੋਂ ਹਰਜਿੰਦਰ ਸਿੰਘ ਧਾਮੀ ਦੇ ਨਾਂ ਦਾ ਐਲਾਨ ਕੀਤਾ ਜਾ ਚੁੱਕਾ ਹੈ, ਪਰ ਇਸ ਦੇ ਬਾਵਜੂਦ ਪਾਰਟੀ ਦੀ ਰਵਾਇਤ ਮੁਤਾਬਕ ਬਾਕੀ ਅਹੁਦੇਦਾਰ ਚੁਣਨ ਦਾ ਅਧਿਕਾਰ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਤ ਕਮੇਟੀ ਮੈਂਬਰਾਂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਸੌਂਪ ਦਿੱਤੇ ਹਨ। ਇਨ੍ਹਾਂ ਸ਼੍ਰੋਮਣੀ ਕਮੇਟੀ ਮੈਂਬਰਾਂ ਦੀ ਮੀਟਿੰਗ ਇਥੇ ਤੇਜਾ ਸਿੰਘ ਸਮੁੰਦਰੀ ਹਾਲ ਸਥਿਤ ਮੁੱਖ ਦਫ਼ਤਰ ਵਿਚ ਹੋਈ। ਮੀਟਿੰਗ ਦੀ ਪ੍ਰਧਾਨਗੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਕੀਤੀ ਗਈ। ਉਨ੍ਹਾਂ ਦਾਅਵਾ ਕੀਤਾ ਕਿ ਅਕਾਲੀ ਦਲ, ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਅਹੁਦੇ ਦੀ ਚੋਣ ਵਿੱਚ ਇਤਿਹਾਸਕ ਜਿੱਤ ਹਾਸਲ ਕਰੇਗਾ। ਚੇਤੇ ਰਹੇ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਅਤੇ ਅੰਤ੍ਰਿੰਗ ਕਮੇਟੀ ਦੇ ਗਿਆਰਾਂ ਮੈਂਬਰਾਂ ਦੀ ਸਾਲਾਨਾ ਚੋਣ ਵਾਸਤੇ 9 ਨਵੰਬਰ ਨੂੰ ਜਨਰਲ ਇਜਲਾਸ ਹੋ ਰਿਹਾ ਹੈ। ਇਜਲਾਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਆਪਣੀ ਹੀ ਪਾਰਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨਾਲ ਮੁਕਾਬਲੇ ਵਿੱਚੋਂ ਲੰਘਣਾ ਪਵੇਗਾ। ਇਜਲਾਸ ਇੱਥੇ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਬਾਅਦ ਦੁਪਹਿਰ ਇੱਕ ਵਜੇ ਆਰੰਭ ਹੋਵੇਗਾ। ਜਨਰਲ ਇਜਲਾਸ ਤੋਂ ਇਕ ਦਿਨ ਪਹਿਲਾਂ ਅੱਜ ਸ਼ਾਮ ਇੱਥੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਨਾਲ ਸਬੰਧਤ ਸ਼੍ਰੋਮਣੀ ਕਮੇਟੀ ਮੈਂਬਰਾਂ ਦੀ ਮੀਟਿੰਗ ਕੀਤੀ ਹੈ। ਮੀਟਿੰਗ ਵਿੱਚ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਤ ਲਗਪਗ 107 ਸ਼੍ਰੋਮਣੀ ਕਮੇਟੀ ਮੈਂਬਰਾਂ ਦੇ ਸ਼ਾਮਲ ਹੋਣ ਦਾ ਦਾਅਵਾ ਕੀਤਾ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਕੁੱਲ 157 ਮੈਂਬਰਾਂ ਨੂੰ ਹੋਣ ਵਾਲੇ ਜਨਰਲ ਇਜਲਾਸ ਲਈ ਸੱਦਾ ਦਿੱਤਾ ਗਿਆ ਹੈ। ਅੱਜ ਦੀ ਮੀਟਿੰਗ ਵਿੱਚ ਵੱਡੀ ਗਿਣਤੀ ਮੈਂਬਰਾਂ ਦੀ ਸ਼ਮੂਲੀਅਤ ਨੂੰ ਦੇਖਣ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਦੇ ਚਿਹਰੇ ’ਤੇ ਰਾਹਤ ਦਿਖਾਈ ਦਿੱਤੀ ਹੈ ਜਦੋਂ ਕਿ ਪਹਿਲਾਂ ਉਹ ਇਸ ਚੋਣ ਨੂੰ ਲੈ ਕੇ ਕੁਝ ਤਣਾਅ ਵਿੱਚ ਸਨ।
ਐਤਕੀਂ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਖ਼ਿਲਾਫ਼ ਚੋਣ ਲੜਨ ਦਾ ਐਲਾਨ ਕੀਤਾ ਗਿਆ ਹੈ। ਬੀਬੀ ਜਗੀਰ ਕੌਰ ਦੇ ਆਪਣੇ ਇਸ ਸਟੈਂਡ ’ਤੇ ਬਜ਼ਿੱਦ ਰਹਿਣ ਕਾਰਨ ਸ਼੍ਰੋਮਣੀ ਅਕਾਲੀ ਦਲ ਵੱਲੋਂ ਮਹਿਲਾ ਆਗੂ ਨੂੰ ਪਾਰਟੀ ਵਿਚੋਂ ਫਾਰਗ ਕਰ ਦਿੱਤਾ ਗਿਆ ਹੈ। ਇਸ ਵੇਲੇ ਬੀਬੀ ਜਗੀਰ ਕੌਰ ਨੂੰ ਵਿਰੋਧੀ ਧਿਰ ਦੇ ਸ਼੍ਰੋਮਣੀ ਕਮੇਟੀ ਮੈਂਬਰਾਂ ਤੋਂ ਇਲਾਵਾ ਆਪਣੇ ਕੁਝ ਸਮਰਥਕ ਅਤੇ ਹਰਿਆਣਾ ਵਿੱਚ ਵੱਖਰੀ ਕਮੇਟੀ ਸਮਰਥਕ ਮੈਂਬਰਾਂ ਦੀ ਹਮਾਇਤ ਹਾਸਲ ਹੈ।

Total Views: 211 ,
Real Estate