ਰਾਸ਼ਟਰਪਤੀ ਦੀ ਦੂਜੀ ਚੰਡੀਗੜ੍ਹ ਫੇਰੀ ਮੌਕੇ ਵੀ ਪੰਜਾਬ ਦੇ ਮੁੱਖ ਮੰਤਰੀ ਰਹੇ ਗ਼ੈਰਹਾਜ਼ਰ

ਚੰਡੀਗੜ੍ਹ ਵਿੱਚ ਡੇਢ ਮਹੀਨੇ ਵਿੱਚ ਰਾਸ਼ਟਰਪਤੀ ਦੀ ਦੂਜੀ ਫੇਰੀ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਗੈਰ ਹਾਜ਼ਰੀ ਚਰਚਾ ਦਾ ਵਿਸ਼ਾ ਬਣੀ ਰਹੀ ਹੈ। ਰਾਸ਼ਟਰਪਤੀ ਦਰੋਪਦੀ ਮੁਰਮੂ 29 ਨਵੰਬਰ ਨੂੰ ਹਰਿਆਣਾ ਦੇ ਕੁਰੂਕਸ਼ੇਤਰ ਵਿੱਚ ਗੀਤਾ ਮਹਾਉਤਸਵ ਦਾ ਉਦਘਾਟਨ ਕਰਨ ਮਗਰੋਂ ਦੇਰ ਸ਼ਾਮ ਚੰਡੀਗੜ੍ਹ ਸਥਿਤ ਹਰਿਆਣਾ ਰਾਜ ਭਵਨ ਪਹੁੰਚੇ ਸਨ। ਇਸ ਮੌਕੇ ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਅ ਤੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਤੋਂ ਇਲਾਵਾ ਪੰਜਾਬ ਦੇ ਰਾਜਪਾਲ ਅਤੇ ਯੂਟੀ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਅਤੇ ਕੈਬਨਿਟ ਮੰਤਰੀ ਮੀਤ ਹੇਅਰ ਨੇ ਪਹੁੰਚ ਕੇ ਰਾਸ਼ਟਰਪਤੀ ਦਾ ਸਵਾਗਤ ਕੀਤਾ। ਰਾਸ਼ਟਰਪਤੀ ਦਰੋਮਦੀ ਮੁਰਮੂ ਭਾਵੇਂ ਹਰਿਆਣਾ ਸਰਕਾਰ ਦੇ ਸਮਾਗਮਾਂ ਵਿੱਚ ਸ਼ਿਰਕਤ ਕਰਨ ਪਹੁੰਚੇ ਸਨ, ਪਰ ਸ਼ਾਮ ਨੂੰ ਰਾਜਧਾਨੀ ਚੰਡੀਗੜ੍ਹ ਵਿੱਚ ਆਉਣ ’ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਗੈਰ ਹਾਜ਼ਰੀ ਚਰਚਾ ਦਾ ਵਿਸ਼ਾ ਬਣੀ ਰਹੀ ਹੈ। ਉਸ ਤੋਂ ਬਾਅਦ 30 ਨਵੰਬਰ ਨੂੰ ਵੀ ਦੁਪਹਿਰ ਤੱਕ ਰਾਸ਼ਟਰਪਤੀ ਚੰਡੀਗੜ੍ਹ ਵਿੱਚ ਰਹੇ ਪਰ ਪੰਜਾਬ ਦੇ ਮੁੱਖ ਮੰਤਰੀ ਮੁਲਾਕਾਤ ਲਈ ਨਹੀਂ ਪਹੁੰਚੇ। ਚੰਡੀਗੜ੍ਹ ਹਵਾਈ ਅੱਡੇ ’ਤੇ ਰਾਸ਼ਟਰਪਤੀ ਦਰੋਪਦੀ ਮੁਰਮੂ ਨੂੰ ਵਿਦਾਇਗੀ ਦਿੰਦੇ ਹੋਏ ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਅ, ਮੁੱਖ ਮੰਤਰੀ ਮਨੋਹਰ ਲਾਲ ਖੱਟਰ, ਪੰਜਾਬ ਦੇ ਮੰਤਰੀ ਮੀਤ ਹੇਅਰ ਅਤੇ ਹੋਰ।
ਭਾਰਤੀ ਹਵਾਈ ਸੈਨਾ ਦਿਵਸ ’ਤੇ 8 ਅਕਤੂਬਰ ਨੂੰ ਸਮਾਗਮ ਵਿੱਚ ਹਿੱਸਾ ਲੈਣ ਲਈ ਰਾਸ਼ਟਰਪਤੀ ਦਰੋਪਦੀ ਮੁਰਮੂ ਚੰਡੀਗੜ੍ਹ ਪਹੁੰਚੇ ਸਨ। ਉਸ ਸਮੇਂ ਵੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਗੈਰ ਹਾਜ਼ਰ ਰਹੇ ਸਨ। ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਰਾਸ਼ਟਰਪਤੀ ਦੀ ਫੇਰੀ ’ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਗੈਰ ਹਾਜ਼ਰੀ ਬਾਰੇ ਰਾਸ਼ਟਰਪਤੀ ਦੀ ਹਾਜ਼ਰੀ ਵਿੱਚ ਨਰਾਜ਼ਗੀ ਜਾਹਿਰ ਕੀਤੀ ਸੀ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਦੀ ਗੈਰ ਹਾਜ਼ਰੀ ਨੂੰ ਗ਼ਰਸੰਵਿਧਾਨਕ ਕਰਾਰ ਦਿੱਤਾ ਸੀ।

Total Views: 44 ,
Real Estate