ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ‘ਵੀਰ ਬਾਲ ਦਿਵਸ’ ਵਜੋਂ ਮਨਾਉਣ ਦਾ ਵਿਰੋਧ

ਭਾਰਤ ਸਰਕਾਰ ਵਲੋਂ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਵਸ ਨੂੰ ‘ਵੀਰ ਬਾਲ ਦਿਵਸ’ ਵਜੋਂ ਮਨਾਉਣ ਤੋਂ ਇਕ ਦਿਨ ਪਹਿਲਾਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਸਰਕਾਰ ਵੱਲੋਂ ਮਨਾਏ ਜਾ ਰਹੇ ਵੀਰ ਬਾਲ ਦਿਵਸ ਨੂੰ ਰੱਦ ਕਰ ਦਿੱਤਾ ਹੈ। ਉਨ੍ਹਾਂ ਇਸ ਨੂੰ ਸਾਹਿਬਜ਼ਾਦੇ ਸ਼ਹਾਦਤ ਦਿਵਸ ਵਜੋਂ ਮਨਾਉਣ ਦੀ ਅਪੀਲ ਕੀਤੀ ਹੈ। ਕੇਂਦਰ ਵਲੋਂ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਦੇਸ਼ ਪੱਧਰ ’ਤੇ ਮਨਾਉਣ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ ਜਿਸ ਵਿਚ ਇਸ ਦਿਵਸ ਨੂੰ ਵੀਰ ਬਾਲ ਦਿਵਸ ਦਾ ਨਾਂ ਦਿੱਤਾ ਗਿਆ। ਸ੍ਰੀ ਅਕਾਲ ਤਖਤ ਵਲੋਂ ਬਣਾਈ ਗਈ ਸਿੱਖ ਵਿਦਵਾਨਾਂ ਦੀ ਕਮੇਟੀ ਨੇ ਇਸ ਦਿਵਸ ਦਾ ਨਾਂ ‘ਸਾਹਿਬਜ਼ਾਦੇ ਸ਼ਹਾਦਤ’ ਦਿਵਸ ਰੱਖਣ ਦਾ ਸੁਝਾਅ ਦਿੱਤਾ ਸੀ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਇਸ ਮਾਮਲੇ ਵਿਚ ਕੇਂਦਰ ’ਤੇ ਦੋਸ਼ ਲਾਇਆ ਕਿ ਉਹ ਸਿੱਖਾਂ ਦੇ ਇਤਿਹਾਸ ਨੂੰ ਰਲਗੱਡ ਕਰਨਾ ਚਾਹੁੰਦੀ ਹੈ। ਸਿੱਖ ਕੌਮ ਦੀਆਂ ਪ੍ਰੰਪਰਾਵਾਂ ਖ਼ਿਲਾਫ਼ ਜਾ ਕੇ ਭਾਰਤ ਸਰਕਾਰ ਵੱਲੋਂ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੇ ਦਿਵਸ ਨੂੰ ਵੀਰ ਬਾਲ ਦਿਵਸ ਵਜੋਂ ਮਨਾਉਣਾ ਦੁਨੀਆ ਦੇ ਧਰਮ ਇਤਿਹਾਸ ਅੰਦਰ ਸਭ ਤੋਂ ਵੱਡੀ ਸ਼ਹਾਦਤ ਤੇ ਮੁੱਲਵਾਨ ਵਿਰਾਸਤ ਨੂੰ ਖੋਰਾ ਲਗਾਉਣ ਦੀ ਕੋਝੀ ਸਾਜ਼ਿਸ਼ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਸਾਹਿਬਜ਼ਾਦਿਆਂ ਨੂੰ ਸੱਚਮੁੱਚ ਹੀ ਸ਼ਰਧਾ ਤੇ ਸਤਿਕਾਰ ਭੇਟ ਕਰਨਾ ਚਾਹੁੰਦੀ ਹੈ ਤਾਂ ਉਸ ਨੂੰ ਸਾਹਿਬਜ਼ਾਦੇ ਸ਼ਹਾਦਤ ਦਿਵਸ ਵਜੋਂ ਇਹ ਦਿਹਾੜਾ ਮਨਾਉਣ ਵਿੱਚ ਕੀ ਪ੍ਰੇਸ਼ਾਨੀ ਹੈ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਸਰਕਾਰ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਵੀਰ ਬਾਲ ਦਿਵਸ ਵਜੋਂ ਮਨਾਉਣ ਦੀ ਜ਼ਿੱਦ ਕਰ ਰਹੀ ਹੈ ਉਸ ਤੋਂ ਸਪਸ਼ਟ ਹੈ ਕਿ ਇਹ ਖੇਡ ਪੰਥ ਵਿਰੋਧੀ ਸ਼ਕਤੀਆਂ ਦੇ ਇਸ਼ਾਰੇ ’ਤੇ ਖੇਡੀ ਜਾ ਰਹੀ ਹੈ।
ਦਲ ਖਾਲਸਾ ਨੇ ਸ੍ਰੀ ਅਕਾਲ ਤਖਤ ਦੇ ਜਥੇਦਾਰ ਨੂੰ ਅਪੀਲ ਕੀਤੀ ਹੈ ਕਿ ਜਿਹੜੇ ਸਿੱਖ ਆਗੂ ਸਰਕਾਰੀ ਸਰਪ੍ਰਸਤੀ ਹੇਠ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਵੀਰ ਬਾਲ ਦਿਵਸ ਵਜੋਂ ਮਨਾ ਰਹੇ ਹਨ, ਉਨ੍ਹਾਂ ਨੂੰ ਸ੍ਰੀ ਅਕਾਲ ਤਖਤ ’ਤੇ ਤਲਬ ਕੀਤਾ ਜਾਵੇ। ਜਥੇਬੰਦੀ ਨੇ ਸ੍ਰੀ ਅਕਾਲ ਤਖਤ ਦੇ ਜਥੇਦਾਰ ਨੂੰ ਇਸ ਮਾਮਲੇ ਦਾ ਨੋਟਿਸ ਲੈਣ ਲਈ ਕਿਹਾ ਹੈ।

Total Views: 331 ,
Real Estate