ਸੰਕੇਤਕ ਪੱਟੀਆਂ 21 ਫਰਵਰੀ ਤੋਂ ਪਹਿਲਾਂ ਪੰਜਾਬੀ ਭਾਸ਼ਾ ’ਚ ਕੀਤੀਆਂ ਜਾਣ- ਡਾ. ਜਗਰੀਤ ਕੌਰ ਸੰਧੂ

ਸ੍ਰੀ ਮੁਕਤਸਰ ਸਾਹਿਬ 17 ਜਨਵਰੀ (ਕੁਲਦੀਪ ਸਿੰਘ ਘੁਮਾਣ) ਪੰਜਾਬ ਰਾਜ ਦੇ ਸਮੂਹ ਸਰਕਾਰੀ ਅਤੇ ਗੈਰ-ਸਰਕਾਰੀ ਸੰਸਥਾਵਾਂ ਦਫ਼ਤਰਾਂ, ਵਿਭਾਗਾਂ, ਅਦਾਰਿਆਂ, ਵਿੱਦਿਅਕ ਅਦਾਰਿਆਂ, ਬੋਰਡਾਂ, ਨਿਗਮਾਂ ਤੋਂ ਇਲਾਵਾ ਪਬਲਿਕ ਤੇ ਪ੍ਰਾਈਵੇਟ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਆਦਿ ਦੇ ਨਾਂਅ ’ਤੇ ਸੜਕਾਂ ਦੇ ਨਾਂਅ, ਪੱਟੀਆਂ ਮੀਲ ਪੱਥਰ, ਸਾਈਨ ਬੋਰਡ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿਚ ਲਿਖੇ ਜਾਣ । ਜੇਕਰ ਕਿਸੇ ਹੋਰ ਭਾਸ਼ਾ ਵਿਚ ਨਾਮ ਲਿਖਣਾ ਹੋਵੇ ਤਾਂ ਪੰਜਾਬੀ ਭਾਸ਼ਾ ਤੋਂ ਬਾਅਦ ਲਿਖਿਆ ਜਾਵੇ । ਇਹ ਜਾਣਕਾਰੀ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਜਗਰੀਤ ਕੌਰ ਸੰਧੂ ਨੇ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਦੇ ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਵਿਭਾਗ ਵੱਲੋਂ ਇਸ ਸਬੰਧੀ ਹਦਾਇਤਾਂ ਵੀ ਜਾਰੀ ਕੀਤੀਆਂ ਗਈਆਂ ਹਨ । ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਇਸ ਮਾਮਲੇ ਪ੍ਰਤੀ ਬੇਹੱਦ ਸੰਜੀਦਾ ਹੈ, ਇਸ ਲਈ ਕਿਸੇ ਪ੍ਰਕਾਰ ਦੀ ਅਣਗਹਿਲੀ ਨਾ ਵਰਤੀ ਜਾਵੇ । ਜ਼ਿਲ੍ਹਾ ਭਾਸ਼ਾ ਅਫ਼ਸਰ ਨੇ ਕਿਹਾ ਹੈ ਕਿ ਪੰਜਾਬੀ ਸਾਡੀ ਮਾਤ ਭਾਸ਼ਾ ਪੰਜਾਬ ਰਾਜ ਦੀ ਜਿੰਦ-ਜਾਨ ਅਤੇ ਪੰਜਾਬੀਅਤ ਦਾ ਮਾਣ ਹੈ ਅਤੇ ਸਾਡਾ ਸਾਰਿਆਂ ਦਾ ਇਹ ਨੈਤਿਕ ਤੌਰ ’ਤੇ ਫ਼ਰਜ਼ ਬਣਦਾ ਹੈ ਕਿ ਅਸੀਂ ਮਾਤ ਭਾਸ਼ਾ ਨੂੰ ਬਣਦਾ ਮਾਣ-ਸਤਿਕਾਰ ਦੇਈਏ । ਉਨ੍ਹਾਂ ਸਬੰਧਿਤ ਹੁਕਮਾਂ ਅਧੀਨ ਆਉਂਦੇ ਸਾਰੇ ਅਦਾਰਿਆਂ ਨੂੰ ਅਪੀਲ ਕੀਤੀ ਕਿ ਉਹ ਆਪੋ-ਆਪਣੇ ਅਧਿਕਾਰ ਖੇਤਰ ਵਿਚ ਆਉਂਦੇ ਸਥਾਨਾਂ ਦੀ ਪੜਤਾਲ ਕਰਨ ਅਤੇ ਸ਼ਬਦ-ਜੋੜ ਠੀਕ ਹੋਣ ’ਤੇ ਵਿਸ਼ੇਸ਼ ਤੌਰ ’ਤੇ ਧਿਆਨ ਦਿੱਤਾ ਜਾਵੇ ।

Total Views: 238 ,
Real Estate