
ਸ੍ਰੀ ਮੁਕਤਸਰ ਸਾਹਿਬ 10 ਫਰਵਰੀ ( ਕੁਲਦੀਪ ਸਿੰਘ ਘੁਮਾਣ )-ਜ਼ਿਲ੍ਹਾ ਭਾਸ਼ਾ ਦਫ਼ਤਰ, ਸ੍ਰੀ ਮੁਕਤਸਰ ਸਾਹਿਬ ਵੱਲੋਂ ਨਗਰ ਕੌਂਸਲ, ਸ੍ਰੀ ਮੁਕਤਸਰ ਸਾਹਿਬ ਦੇ ਕਾਰਜ ਸਾਧਕ ਅਫ਼ਸਰ ਸ੍ਰੀ ਰਜ਼ਨੀਸ਼ ਕੁਮਾਰ ਨਾਲ ਮੀਟਿੰਗ ਕੀਤੀ ਗਈ । ਮੀਟਿੰਗ ਦੌਰਾਨ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਜਗਰੀਤ ਕੌਰ ਸੰਧੂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਹੁਕਮਾਂ ਦੀ ਰੋਸ਼ਨੀ ਵਿੱਚ ਭਾਸ਼ਾ ਵਿਭਾਗ ਪੰਜਾਬ ਵੱਲੋਂ ਸਰਕਾਰੀ/ ਅਰਧ ਸਰਕਾਰੀ ਦਫ਼ਤਰਾਂ/ ਵਿਭਾਗਾਂ/ ਅਦਾਰਿਆਂ / ਸੰਸਥਾਵਾਂ / ਬੋਰਡਾਂ ਨਿਗਮਾਂ ਅਤੇ ਗ਼ੈਰ-ਸਰਕਾਰੀ ਸੰਸਥਾਵਾਂ/ ਪਬਲਿਕ ਅਤੇ ਪ੍ਰਾਈਵੇਟ ਦੁਕਾਨਾਂ ਦੇ ਨਾਮ, ਨਾਮ ਪੱਟੀਆਂ, ਸਾਈਨ ਬੋਰਡ ਆਦਿ ਪੰਜਾਬੀ ‘ਚ ਲਿਖਣ ਲਈ ਵਿੱਢੀ ਮੁਹਿੰਮ ਤਹਿਤ ਮੀਟਿੰਗ ਆਯੋਜਿਤ ਕੀਤੀ ਗਈ । ਮੀਟਿੰਗ ਵਿੱਚ ਅੱਜ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਜਗਰੀਤ ਕੌਰ ਸੰਧੂ ਅਤੇ ਕਾਰਜ ਸਾਧਕ ਅਫ਼ਸਰ ਰਜ਼ਨੀਸ਼ ਕੁਮਾਰ ਵੱਲੋਂ ਵਪਾਰ ਮੰਡਲ, ਸ੍ਰੀ ਮੁਕਤਸਰ ਸਾਹਿਬ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਨਾਲ ਉਪਰੋਕਤ ਵਿਸ਼ੇ ਦੇ ਸਬੰਧ ਵਿੱਚ ਵਿਚਾਰ ਵਟਾਂਦਰਾ ਕੀਤਾ । ਜ਼ਿਲ੍ਹਾ ਭਾਸ਼ਾ ਅਫ਼ਸਰ ਵੱਲੋਂ ਉਨ੍ਹਾਂ ਨੂੰ ਸਰਕਾਰ ਵੱਲੋਂ ਜਾਰੀ ਕੀਤੀਆਂ ਹਦਾਇਤਾਂ ਅਤੇ ਨਿਰਦੇਸ਼ਾਂ ਸਬੰਧੀ ਪੱਤਰ ਸੌਂਪਿਆ ਗਿਆ । ਨਗਰ ਕੌਂਸਲ ਪ੍ਰਧਾਨ ਅਤੇ ਵਪਾਰ ਮੰਡਲ ਵੱਲੋਂ ਬਹੁਤ ਹੀ ਸਕਾਰਤਮਕ ਹੁੰਗਾਰਾ ਭਰਿਆ ਗਿਆ ।



















