ਅਰਦਾਸ ਦੌਰਾਨ ਹਰਿਆਣਾ ਕਮੇਟੀ ਤੇ ਸ਼੍ਰੋਮਣੀ ਕਮੇਟੀ ਦੇ ਆਗੂ ਹੱਥੋਪਾਈ

ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਆਗੂਆਂ ਦਰਮਿਆਨ ਕੁਰੂਕਸ਼ੇਤਰ ਦੇ ਗੁਰਦੁਆਰੇ ਵਿੱਚ ਹੱਥੋਪਾਈ ਹੋ ਗਈ। ਵਿਵਾਦ ਵਧਣ ਤੋਂ ਬਾਅਦ ਪੁਲੀਸ ਨੇ ਇਕ ਧਿਰ ਦੇ ਸਮਰਥਕਾਂ ਨੂੰ ਬਾਹਰ ਕੱਢਿਆ ਜਿਸ ਤੋਂ ਬਾਅਦ ਮਾਹੌਲ ਸ਼ਾਂਤ ਹੋਇਆ। ਇਸ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਮੈਂਬਰ ਸਣੇ 14 ਜਣਿਆਂ ਖ਼ਿਲਾਫ਼ ਸ਼ਿਕਾਇਤ ਕੀਤੀ ਗਈ ਹੈ। ਖਬਰਾਂ ਅਨੁਸਾਰ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਕਰਮਜੀਤ ਸਿੰਘ, ਸਾਬਕਾ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ ਅਤੇ ਹੋਰ ਮੈਂਬਰ ਇਤਿਹਾਸਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਦੀ ਸੇਵਾ ਸੰਭਾਲਣ ਤੋਂ ਬਾਅਦ ਸ਼ੁਕਰਾਨਾ ਅਰਦਾਸ ਕਰਨ ਪੁੱਜੇ ਸਨ। ਦੀਵਾਨ ਦੌਰਾਨ ਹੀ ਗੁਰੂਘਰ ਦੀ ਸੇਵਾ ਸੰਭਾਲਣ ਦਾ ਵਿਰੋਧ ਕਰ ਰਹੇ ਸ਼੍ਰੋਮਣੀ ਕਮੇਟੀ ਦੇ ਸਮਰਥਕਾਂ ਅਤੇ ਉਨ੍ਹਾਂ ਨਾਲ ਆਏ ਹੋਰਨਾਂ ਨੇ ਹਰਿਆਣਾ ਕਮੇਟੀ ਮੈਂਬਰਾਂ ਤੋਂ ਮਾਈਕ ਖੋਹਣ ਦੀ ਕੋਸ਼ਿਸ਼ ਕੀਤੀ। ਇਸ ਤੋਂ ਬਾਅਦ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਮਰਥਕਾਂ ਵਿੱਚ ਝਗੜਾ ਸ਼ੁਰੂ ਹੋ ਗਿਆ। ਇਸ ਮੌਕੇ ਬਲਜੀਤ ਸਿੰਘ ਦਾਦੂਵਾਲ ਦੀ ਸੁਰੱਖਿਆ ’ਚ ਤਾਇਨਾਤ ਪੁਲੀਸ ਮੁਲਾਜ਼ਮਾਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਮਰਥਕਾਂ ਨੂੰ ਗੁਰਦੁਆਰੇ ਵਿਚੋਂ ਬਾਹਰ ਕੱਢ ਦਿੱਤਾ। ਇਸ ਤੋਂ ਬਾਅਦ ਪੁਲੀਸ ਸ਼੍ਰੋਮਣੀ ਕਮੇਟੀ ਸਮਰਥਕਾਂ ਨੂੰ ਆਪਣੇ ਨਾਲ ਥਾਣਾ ਕ੍ਰਿਸ਼ਨਾ ਗੇਟ ਲੈ ਗਈ।ਸ਼੍ਰੋਮਣੀ ਕਮੇਟੀ ਮੈਂਬਰ ਸਮੇਤ 14 ਖ਼ਿਲਾਫ਼ ਪੁਲੀਸ ਨੂੰ ਸ਼ਿਕਾਇਤ ਕੀਤੀ ਗਈ ਹੈ। ਅਰਦਾਸ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਚਐਸਜੀਐਮਸੀ ਦੇ ਪ੍ਰਧਾਨ ਕਰਮਜੀਤ ਸਿੰਘ ਨੇ ਕਿਹਾ ਕਿ ਅਰਦਾਸ ਮੌਕੇ ਸ਼੍ਰੋਮਣੀ ਕਮੇਟੀ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਤਜਿੰਦਰ ਪਾਲ ਸਿੰਘ ਢਿੱਲੋਂ ਅਤੇ ਉਨ੍ਹਾਂ ਨਾਲ ਆਏ ਛੇ ਜਣਿਆਂ ਨੇ ਆਉਂਦੇ ਹੀ ਹੰਗਾਮਾ ਸ਼ੁਰੂ ਕਰ ਦਿੱਤਾ।  ਹੋਏ ਹੰਗਾਮੇ ਦੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਤੇ ਦਿੱਲੀ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਦਿੱਲੀ ਤੋਂ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਕਿਹਾ ਕਿ ਸਿੱਖ ਕੌਮ ਨੇ ਕਿੰਨੀਆਂ ਕੁਰਬਾਨੀਆਂ ਤੇ ਸਿਦਕੀ ਸੰਘਰਸ਼ ਤੋਂ ਬਾਅਦ ਅੱਜ ਤੋਂ 102 ਸਾਲ ਪਹਿਲਾ ਪਵਿੱਤਰ ਗੁਰਧਾਮਾਂ ਦਾ ਪ੍ਰਬੰਧ ਆਪਣੇ ਹੱਥਾਂ ਵਿਚ ਲਿਆ ਸੀ ਪਰ ਅੱਜ ਦੇ ਸਮੇਂ ਮੁੜ ਤੋਂ ਨਰੈਣੂ ਮਹੰਤ ਦੇ ਵਾਰਿਸ ਸਮੇਂ ਦੀਆਂ ਸਰਕਾਰਾਂ ਨਾਲ ਮਿਲ ਕੇ ਸਾਡੇ ਪਵਿੱਤਰ ਗੁਰਧਾਮਾਂ ਤੇ ਕਬਜ਼ੇ ਕਰ ਰਹੇ ਹਨ।
Total Views: 172 ,
Real Estate