
ਵਾਰਸ ਪੰਜਾਬ ਦੇ ਜਥੇਬੰਦੀ ਮੁਖੀ ਅੰਮ੍ਰਿਤਪਾਲ ਸਿੰਘ ਨੇ ਖਦਸ਼ਾ ਪ੍ਰਗਟ ਕੀਤਾ ਹੈ ਕਿ ਏਜੰਸੀਆਂ ਉਹਨਾਂ ਦਾ ਕਤਲ ਕਰਵਾ ਸਕਦੀਆਂ ਹਨ। ਉਹਨਾਂ ਇਹ ਵੀ ਕਿਹਾ ਹੈ ਕਿ ਉਹਨਾਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਧਮਕੀ ਨਹੀਂ ਦਿੱਤੀ ਬਲਕਿ ਉਲਟਾ ਉਹਨਾਂ ਨੇ ਮੈਨੂੰ ਧਮਕੀ ਦਿੱਤੀ ਹੈ। ਮੀਡੀਆ ਨਾਲ ਗੱਲਬਾਤ ਕਰਦਿਆਂ ਭਾਈ ਅੰਮ੍ਰਿਤਪਾਲ ਸਿੰਘ ਨੇ ਅਜਨਾਲਾ ਪੁਲਿਸ ਵੱਲੋਂ ਉਹਨਾਂ ਖਿਲਾਫ ਧਾਰਾ 295 ਏ ਤਹਿਤ ਦਰਜ ਕੇਸ ਨੂੰ ਵੀ ਗਲਤ ਕਰਾਰ ਦਿੱਤਾ ਅਤੇ ਕਿਹਾ ਕਿ ਦੋ ਸਿੱਖਾਂ ਦੀ ਆਪਸੀ ਲੜਾਈ ਵਿਚ ਅਜਿਹੀ ਧਾਰਾ ਲਾਉਣੀ ਕਿਸੇ ਵੀ ਤਰੀਕੇ ਜਾਇਜ਼ ਨਹੀਂ। ਉਹਨਾਂ ਇਹ ਵੀ ਕਿਹਾ ਕਿ ਇਕ ਮਾਨਸਿਕ ਤੌਰ ’ਤੇ ਬਿਮਾਰ ਵਿਅਕਤੀ ਦੇ ਕਹਿਣ ’ਤੇ ਉਹਨਾਂ ਤੇ ਉਹਨਾਂ ਦੇ ਸਾਥੀਆਂ ਖਿਲਾਫ ਕੇਸ ਦਰਜ ਕਰ ਦਿੱਤਾ ਗਿਆ ਜੋ ਬਿਲਕੁਲ ਗਲਤ ਹੈ। ਉਹਨਾਂ ਨੇ ਆਪਣੇ ਸਾਥੀ ਨਾਲ ਪੁਲਿਸ ਵੱਲੋਂ ਵਧੀਕੀ ਕਰਨ ਦਾ ਵੀ ਵਿਰੋਧ ਕੀਤਾ ਤੇ ਮੰਗ ਕੀਤੀ ਕਿ ਉਹਨਾਂ ਦੇ ਸਾਥੀ ਨੂੰ ਤੁਰੰਤ ਰਿਹਾਅ ਕੀਤਾ ਜਾਵੇ। ਉਹਨਾਂ ਇਹ ਵੀ ਐਲਾਨ ਕੀਤਾ ਕਿ ਉਹ ਭਲਕੇ 23 ਫਰਵਰੀ ਨੂੰ ਅਜਨਾਲਾ ਪੁਲਿਸ ਥਾਣੇ ਜਾਣਗੇ ਅਤੇ ਜੇਕਰ ਪੁਲਿਸ ਉਹਨਾਂ ਨੂੰ ਗ੍ਰਿਫਤਾਰ ਕਰਨਾ ਚਾਹੇ ਤਾਂ ਕਰ ਸਕਦੀ ਹੈ।



















