ਕੋਟਕਪੂਰਾ ਗੋਲੀ ਕਾਂਡ: SITਵੱਲੋਂ ਇੱਕ ਆਈਏਐੱਸ ਤੇ ਤਿੰਨ ਸੇਵਾਮੁਕਤ ਆਈਪੀਐੱਸ ਅਧਿਕਾਰੀ ਤਲਬ

ਪੰਜਾਬ ਵਿੱਚ ਅਕਾਲੀ-ਭਾਜਪਾ ਸਰਕਾਰ ਸਮੇਂ ਵਾਪਰੇ ਕੋਟਕਪੂਰਾ ਪੁਲੀਸ ਗੋਲੀ ਕਾਂਡ ਦੀ ਜਾਂਚ ਦੇ ਮਾਮਲੇ ਵਿੱਚ ਵਧੀਕ ਡੀਜੀਪੀ ਐੱਲ.ਕੇ. ਯਾਦਵ ਦੀ ਅਗਵਾਈ ਹੇਠਲੀ ਸਿਟ ਵੱਲੋਂ ਇੱਕ ਆਈਏਐੱਸ ਅਤੇ ਤਿੰਨ ਆਈਪੀਐਸ ਅਧਿਕਾਰੀ ਤਲਬ ਕੀਤੇ ਗਏ ਹਨ। ਸਿਟ ਵੱਲੋਂ ਇਨ੍ਹਾਂ ਅਧਿਕਾਰੀਆਂ ਤੋਂ ਸੋਮਵਾਰ ਨੂੰ ਚੰਡੀਗੜ੍ਹ ਵਿੱਚ ਪੁੱਛ-ਪੜਤਾਲ ਕੀਤੀ ਜਾਵੇਗੀ। ਯਾਦਵ ਦੀ ਅਗਵਾਈ ਵਾਲੀ ਵਿਸ਼ੇਸ਼ ਜਾਂਚ ਟੀਮ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਨਾਲ ਸਕੱਤਰ ਵਜੋਂ ਤਾਇਨਾਤ ਰਹੇ ਆਈਏਐੱਸ ਅਧਿਕਾਰੀ ਗਗਨਦੀਪ ਸਿੰਘ ਬਰਾੜ, ਸਾਬਕਾ ਡੀਜੀਪੀ ਇਕਬਾਲਪ੍ਰੀਤ ਸਿੰਘ ਸਹੋਤਾ, ਰੋਹਿਤ ਚੌਧਰੀ ਅਤੇ ਸਾਬਕਾ ਡੀਆਈਜੀ ਰਣਬੀਰ ਸਿੰਘ ਖੱਟੜਾ ਨੂੰ ਪੁੱਛ-ਪੜਤਾਲ ਲਈ ਬੁਲਾਇਆ ਹੈ। ਇੱਕ ਸੇਵਾਮੁਕਤ ਸੀਨੀਅਰ ਅਧਿਕਾਰੀ ਨੇ ਸਿਟ ਵੱਲੋਂ ਤਲਬ ਕੀਤੇ ਜਾਣ ਦੀ ਪੁਸ਼ਟੀ ਵੀ ਕੀਤੀ ਹੈ। ਇਸ ਸੇਵਾਮੁਕਤ ਅਧਿਕਾਰੀ ਨੇ ਦੱਸਿਆ ਕਿ ਕੋਟਕਪੂਰਾ ਪੁਲੀਸ ਗੋਲੀ ਕਾਂਡ ਦੇ ਮਾਮਲੇ ਵਿੱਚ ਦੋਸ਼ ਪੱਤਰ ਜਾਰੀ ਕੀਤੇ ਜਾਣ ਤੋਂ ਬਾਅਦ ਵੀ ਸੇਵਾਮੁਕਤ ਅਤੇ ਸੇਵਾ ਕਰ ਰਹੇ ਅਧਿਕਾਰੀਆਂ ਨੂੰ ਤਲਬ ਕੀਤੇ ਜਾਣ ਤੋਂ ਇਹ ਤੱਥ ਸਾਹਮਣੇ ਆਉਂਦੇ ਹਨ ਕਿ ਇਸ ਮਾਮਲੇ ਦੀ ਤਫ਼ਤੀਸ਼ ਹਾਲੇ ਵੀ ਮੁਕੰਮਲ ਨਹੀਂ ਹੋਈ। ਅਦਾਲਤ ਦੇ ਹੁਕਮਾਂ ਮੁਤਾਬਕ ਜਾਂਚ ਛੇ ਮਹੀਨਿਆਂ ’ਚ ਮੁਕੰਮਲ ਕੀਤੀ ਜਾਣੀ ਸੀ। ਸਿਟ ਨੇ ਕੁੱਝ ਦਿਨ ਪਹਿਲਾਂ ਹੀ ਫਰੀਦਕੋਟ ਦੀ ਸਬੰਧਤ ਅਦਾਲਤ ਵਿੱਚ ਦੋਸ਼ ਪੱਤਰ ਪੇਸ਼ ਕਰਦਿਆਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਸਮੇਤ ਹੋਰਾਂ ਦੇ ਨਾਮ ਦੋਸ਼ੀਆਂ ਦੀ ਸੂਚੀ ਵਿੱਚ ਦਰਜ ਕੀਤੇ ਸਨ। ਮਹੱਤਵਪੂਰਨ ਤੱਥ ਇਹ ਵੀ ਹੈ ਕਿ ਇਨ੍ਹਾਂ ਚਾਰਾਂ ਅਧਿਕਾਰੀਆਂ ਤੋਂ ਸਿਟ ਵੱਲੋਂ ਪਹਿਲਾਂ ਵੀ ਪੁੱਛ-ਪੜਤਾਲ ਕੀਤੀ ਜਾ ਚੁੱਕੀ ਹੈ।ਸਾਲ 2015 ਵਿੱਚ ਵਾਪਰੀ ਘਟਨਾ ਸਮੇਂ ਫਰੀਦਕੋਟ ਵਿੱਚ ਡਿਪਟੀ ਕਮਿਸ਼ਨਰ ਦੇ ਅਹੁਦੇ ’ਤੇ ਤਾਇਨਾਤ ਰਹੇ ਆਈਏਐੱਸ ਅਧਿਕਾਰੀ ਨੂੰ ਵੀ ਸਿਟ ਵੱਲੋਂ ਤਲਬ ਕੀਤਾ ਜਾ ਚੁੱਕਾ ਹੈ। ਪੁਲੀਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਦੋਸ਼ ਪੱਤਰ ਪੇਸ਼ ਕੀਤੇ ਜਾਣ ਤੋਂ ਬਾਅਦ ਵੀ ਸਿਟ ਵੱਲੋਂ ਅਧਿਕਾਰੀਆਂ ਤੋਂ ਪੁੱਛ-ਪੜਤਾਲ ਕੀਤੀ ਜਾਣੀ ਕਾਫੀ ਅਹਿਮੀਅਤ ਰੱਖਦੀ ਹੈ। ਅਕਾਲੀ-ਭਾਜਪਾ ਸਰਕਾਰ ਦੇ ਸਮੇਂ ਸਹੋਤਾ ਦੀ ਅਗਵਾਈ ਹੇਠ ਸਿਟ ਦਾ ਗਠਨ ਕੀਤਾ ਗਿਆ ਸੀ। ਆਰ.ਐੱਸ ਖਟੜਾ ਵੀ ਇਸ ਜਾਂਚ ਨਾਲ ਜੁੜੇ ਰਹੇ ਹਨ। ਇਸੇ ਤਰ੍ਹਾਂ ਗਗਨਦੀਪ ਸਿੰਘ ਬਰਾੜ ਮੁੱਖ ਮੰਤਰੀ ਦਫ਼ਤਰ ਵਿੱਚ ਤਾਇਨਾਤ ਸਨ। ਇਸ ਕਰਕੇ ਇਨ੍ਹਾਂ ਅਧਿਕਾਰੀਆਂ ਤੋਂ ਕਈ ਤੱਥਾਂ ਬਾਰੇ ਪੁਸ਼ਟੀ ਕੀਤੀ ਜਾਣੀ ਹੈ। ਸਿਟ ਨਾਲ ਜੁੜੇ ਇੱਕ ਅਧਿਕਾਰੀ ਅਨੁਸਾਰ ਲੋੜ ਪੈਣ ’ਤੇ ਸਪਲੀਮੈਂਟਰੀ ਚਲਾਨ ਵੀ ਪੇਸ਼ ਕੀਤਾ ਜਾ ਸਕਦਾ ਹੈ। ਜ਼ਿਕਰਯੋਗ ਹੈ ਕਿ ਸਾਲ 2015 ਵਿੱਚ ਜਦੋਂ ਫਰੀਦਕੋਟ ਜ਼ਿਲ੍ਹੇ ਦੇ ਪਿੰਡ ਬਰਗਾੜੀ ਵਿੱਚ ਬੇਅਦਬੀ ਦੀ ਘਟਨਾ ਵਾਪਰੀ ਸੀ ਤਾਂ ਇਸ ਦੇ ਰੋਸ ਵਜੋਂ ਕੋਟਕਪੂਰਾ ਚੌਕ ਵਿੱਚ ਪ੍ਰਦਰਸ਼ਨ ਕਰ ਰਹੇ ਲੋਕਾਂ ’ਤੇ ਪੁਲੀਸ ਵੱਲੋਂ ਲਾਠੀਚਾਰਜ ਅਤੇ ਗੋਲੀਆਂ ਚਲਾਈਆਂ ਗਈਆਂ ਸਨ। ਇਸ ਦੌਰਾਨ ਕਈ ਵਿਅਕਤੀ ਜ਼ਖਮੀ ਹੋ ਗਏ ਸਨ। ਇਸੇ ਤਰ੍ਹਾਂ ਬਹਿਬਲ ਕਲਾਂ ਵਿੱਚ ਪੁਲੀਸ ਵੱਲੋਂ ਚਲਾਈ ਗਈ ਗੋਲੀ ਨਾਲ ਦੋ ਵਿਅਕਤੀਆਂ ਦੀ ਮੌਤ ਹੋ ਗਈ ਸੀ। ਇਸ ਮਾਮਲੇ ਦੀ ਜਾਂਚ ਜਾਰੀ ਹੈ।

Total Views: 79 ,
Real Estate