
ਕੋਟਕਪੂਰਾ ਗੋਲੀ ਕਾਂਡ ਤਹਿਤ ਪੁਲੀਸ ਅਧਿਕਾਰੀਆਂ ਵੱਲੋਂ ਸ਼ਾਂਤਮਈ ਰੋਸ ਧਰਨੇ ’ਤੇ ਬੈਠੀ ਸਿੱਖ ਸੰਗਤ ਖ਼ਿਲਾਫ਼ ਦਰਜ ਮੁਕੱਦਮੇ ਨੂੰ ਸਾਜ਼ਿਸ਼ ਦੱਸਦਿਆਂ ਜਾਂਚ ਟੀਮ ਨੇ ਸਿੱਖ ਧਰਨਾਕਾਰੀਆਂ ਨੂੰ ਕਲੀਨ ਚਿੱਟ ਦੇ ਦਿੱਤੀ ਹੈ ਅਤੇ ਨਾਲ ਹੀ ਇਸ ਕੇਸ ਵਿੱਚ ਆਪਣੀਆਂ ਸ਼ਕਤੀਆਂ ਦੀ ਦੁਰਵਰਤੋਂ ਕਰਕੇ ਬੇਕਸੂਰ ਲੋਕਾਂ ਖ਼ਿਲਾਫ਼ ਝੂਠੇ ਗਵਾਹ, ਸਬੂਤ ਅਤੇ ਕੇਸ ਬਣਾਉਣ ਦੇ ਦੋਸ਼ ਹੇਠ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ, ਆਈਜੀ ਪਰਮਰਾਜ ਸਿੰਘ ਉਮਰਾਨੰਗਲ, ਫਰੀਦਕੋਟ ਦੇ ਤਤਕਾਲੀ ਐੱਸਐੱਸਪੀ ਸੁਖਮਿੰਦਰ ਸਿੰਘ ਮਾਨ ਅਤੇ ਥਾਣਾ ਸਿਟੀ ਕੋਟਕਪੂਰਾ ਦੇ ਸਾਬਕਾ ਐੱਸਐੱਚਓ ਗੁਰਦੀਪ ਸਿੰਘ ਪੰਧੇਰ ਨੂੰ ਮੁਕੱਦਮਾ ਨੰਬਰ 192 ਮਿਤੀ 14 ਅਕਤੂਬਰ, 2015 ਵਿੱਚ ਮੁਲਜ਼ਮ ਨਾਮਜ਼ਦ ਕੀਤਾ ਹੈ। ਜਾਂਚ ਟੀਮ ਨੇ ਇਨ੍ਹਾਂ ਪੁਲੀਸ ਅਧਿਕਾਰੀਆਂ ਖ਼ਿਲਾਫ਼ ਇਲਾਕਾ ਮੈਜਿਸਟਰੇਟ ਦੀ ਅਦਾਲਤ ਵਿੱਚ ਵੱਖਰਾ ਚਲਾਨ ਪੇਸ਼ ਕਰ ਦਿੱਤਾ ਹੈ। ਇਸ ਚਲਾਨ ਦੇ ਆਧਾਰ ’ਤੇ ਅਦਾਲਤ ਨੇ ਇਨ੍ਹਾਂ ਪੁਲੀਸ ਅਧਿਕਾਰੀਆਂ ਨੂੰ ਨੋਟਿਸ ਭੇਜ ਕੇ 23 ਮਾਰਚ ਨੂੰ ਅਦਾਲਤ ਵਿੱਚ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ ਹਨ। ਦੱਸਣਯੋਗ ਹੈ ਕਿ ਕੋਟਕਪੂਰਾ ਗੋਲੀ ਕਾਂਡ ਤੋਂ ਬਾਅਦ ਕੋਟਕਪੂਰਾ ਪੁਲੀਸ ਨੇ ਧਰਨੇ ’ਤੇ ਬੈਠੀ ਸਿੱਖ ਸੰਗਤ ਖ਼ਿਲਾਫ਼ ਪੁਲੀਸ ’ਤੇ ਕਾਤਲਾਨਾ ਹਮਲਾ ਕਰਨ ਦੇ ਦੋਸ਼ਾਂ ਹੇਠ ਕੇਸ ਦਰਜ ਕੀਤਾ ਸੀ ਅਤੇ ਧਰਨਾਕਾਰੀਆਂ ਖ਼ਿਲਾਫ਼ ਕਥਿਤ ਤੌਰ ’ਤੇ ਸਬੂਤ ਤੇ ਕੁਝ ਗਵਾਹ ਵੀ ਇਕੱਠੇ ਕੀਤੇ ਸਨ। ਜਾਂਚ ਟੀਮ ਨੇ ਪੁਲੀਸ ਦੀ ਇਸ ਕਾਰਵਾਈ ਨੂੰ ਝੂਠੀ ਅਤੇ ਗਿਣੀ-ਮਿਥੀ ਸਾਜ਼ਿਸ਼ ਕਰਾਰ ਦਿੰਦਿਆਂ ਕਿਸੇ ਵੀ ਧਰਨਾਕਾਰੀ ਖ਼ਿਲਾਫ਼ ਅਦਾਲਤ ਵਿੱਚ ਚਲਾਨ ਪੇਸ਼ ਨਹੀਂ ਕੀਤਾ, ਸਗੋਂ ਝੂਠੇ ਕੇਸ ਦੀ ਕਥਿਤ ਸਾਜ਼ਿਸ਼ ਰਚਣ ਵਾਲਿਆਂ ਨੂੰ ਮੁਲਜ਼ਮ ਨਾਮਜ਼ਦ ਕਰਕੇ ਉਨ੍ਹਾਂ ਖ਼ਿਲਾਫ਼ ਅਦਾਲਤ ਵਿੱਚ ਚਲਾਨ ਪੇਸ਼ ਕਰ ਦਿੱਤਾ ਹੈ।


















