ਕੋਟਕਪੂਰਾ ਗੋਲੀ ਕਾਂਡ: ਸੁਖਬੀਰ ਬਾਦਲ ਨੂੰ ਨਹੀਂ ਮਿਲੀਆਂ ਚਲਾਨ ਦੀਆਂ ਨਕਲਾਂ,ਅਦਾਲਤ ਨੇ ਅਰਜ਼ੀ ਕੀਤੀ ਰੱਦ

 
ਅਕਾਲੀ ਦਲ ਦੇ ਪ੍ਰਧਾਨ ਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵੱਲੋਂ ਫਰੀਦਕੋਟ ਮੈਜਿਸਟਰੇਟ ਦੀ ਅਦਾਲਤ ਵਿੱਚ ਚਲਾਨ ਦੀਆਂ ਨਕਲਾਂ ਲੈਣ ਲਈ ਦਿੱਤੀ ਅਰਜ਼ੀ ਨੂੰ ਵਧੀਕ ਚੀਫ਼ ਜੁਡੀਸ਼ਲ ਮੈਜਿਸਟਰੇਟ ਅਜੈਪਾਲ ਸਿੰਘ ਨੇ ਰੱਦ ਕਰ ਦਿੱਤਾ ਹੈ। ਸੁਖਬੀਰ ਸਿੰਘ ਬਾਦਲ ਨੇ ਅਰਜ਼ੀ ਦੇ ਕੇ ਮੰਗ ਕੀਤੀ ਸੀ ਕਿ ਜਾਂਚ ਟੀਮ ਵੱਲੋਂ ਉਨ੍ਹਾਂ ਨੂੰ ਕੋਟਕਪੂਰਾ ਗੋਲੀ ਕਾਂਡ ਵਿੱਚ ਨਾਮਜ਼ਦ ਕਰ ਕੇ 7 ਹਜ਼ਾਰ ਪੰਨਿਆਂ ਦਾ ਚਲਾਨ ਪੇਸ਼ ਕੀਤਾ ਗਿਆ ਹੈ ਅਤੇ ਉਹ ਇਸ ਕੇਸ ਵਿੱਚ ਜ਼ਮਾਨਤ ਲੈਣ ਲਈ ਵਧੀਕ ਸੈਸ਼ਨ ਜੱਜ ਦੀ ਅਦਾਲਤ ਵਿੱਚ ਅਰਜ਼ੀ ਦੇ ਚੁੱਕੇ ਹਨ ਜਿਸ ਵਿੱਚ ਬਹਿਸ ਲਈ ਉਨ੍ਹਾਂ ਨੂੰ ਚਲਾਨ ਦੀਆਂ ਨਕਲਾਂ ਦੀ ਜ਼ਰੂਰਤ ਹੈ। ਵਿਸ਼ੇਸ਼ ਜਾਂਚ ਟੀਮ ਨੇ ਸੁਖਬੀਰ ਬਾਦਲ ਦੀ ਅਰਜ਼ੀ ਦਾ ਵਿਰੋਧ ਕਰਦਿਆਂ ਅਦਾਲਤ ਨੂੰ ਦੱਸਿਆ ਕਿ ਕਾਨੂੰਨ ਮੁਤਾਬਿਕ ਮੁਲਜ਼ਮ ਅਦਾਲਤ ਵਿੱਚ ਪੇਸ਼ ਹੋਣ ਤੋਂ ਬਾਅਦ ਹੀ ਚਲਾਨ ਦੀਆਂ ਨਕਲਾਂ ਹਾਸਲ ਕਰ ਸਕਦਾ ਹੈ। ਅਦਾਲਤ ਨੇ ਸੁਖਬੀਰ ਬਾਦਲ ਨੂੰ ਇਸ ਵੇਲੇ ਚਲਾਨ ਦੀਆਂ ਨਕਲਾਂ ਦੇਣ ਤੋਂ ਇਨਕਾਰ ਕਰ ਦਿੱਤਾ ਅਤੇ ਉਸ ਦੀ ਅਰਜ਼ੀ ਖਾਰਜ ਕਰ ਦਿੱਤੀ। ਇਸੇ ਕੇਸ ਵਿੱਚ ਫ਼ਰੀਦਕੋਟ ਦੇ ਸਾਬਕਾ ਐੱਸ.ਐੱਸ.ਪੀ. ਸੁਖਮਿੰਦਰ ਮਾਨ ਨੇ ਵੀ ਚਲਾਨ ਦੀਆਂ ਨਕਲਾਂ ਮੰਗੀਆਂ ਹਨ ਜਿਸ ਉੱਪਰ ਮੰਗਲਵਾਰ ਨੂੰ ਸੁਣਵਾਈ ਹੋਵੇਗੀ। ਇਸੇ ਤਰ੍ਹਾਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਜ਼ਮਾਨਤ ਅਰਜ਼ੀ ਉੱਪਰ ਮੰਗਲਵਾਰ ਨੂੰ ਵਧੀਕ ਸੈਸ਼ਨ ਜੱਜ ਰਾਜੀਵ ਕਾਲੜਾ ਦੀ ਅਦਾਲਤ ਵਿੱਚ ਸੁਣਵਾਈ ਹੋਣੀ ਹੈ।
Total Views: 247 ,
Real Estate