ਵਿਜੀਲੈਂਸ ਵੱਲੋਂ ਚਰਨਜੀਤ ਚੰਨੀ ਤੋਂ ਸੱਤ ਘੰਟੇ ਪੁੱਛਗਿੱਛ

ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸੂਬੇ ਦੇ ਸਾਬਕਾ ਮੁੱਖ ਮੰਤਰੀ ਤੇ ਕਾਂਗਰਸ ਆਗੂ ਚਰਨਜੀਤ ਸਿੰਘ ਚੰਨੀ ਤੋਂ ਸੱਤ ਘੰਟੇ ਪੁੱਛ ਪੜਤਾਲ ਦੌਰਾਨ ਕਾਂਗਰਸ ਸਰਕਾਰ ਦੇ ਸਮੇਂ ਕਥਿਤ ਚਰਚਿਤ ਭ੍ਰਿਸ਼ਟਾਚਾਰ ਮਾਮਲਿਆਂ ਅਤੇ ਗੈਰ ਕਾਨੂੰਨੀ ਗਤੀਵਿਧੀਆਂ ਬਾਰੇ ਸਵਾਲ ਕੀਤੇ। ਚੰਨੀ ਸਵੇਰੇ 11 ਵਜੇ ਦੇ ਕਰੀਬ ਵਿਜੀਲੈਂਸ ਭਵਨ ਪਹੁੰਚੇ ਤੇ ਦੇਰ ਸ਼ਾਮ ਤੱਕ ਵਿਜੀਲੈਂਸ ਦੀ ਤਫ਼ਤੀਸ਼ ਦਾ ਸਾਹਮਣਾ ਕਰਦੇ ਰਹੇ। ਇਸ ਤੋਂ ਪਹਿਲਾਂ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਵਿਜੀਲੈਂਸ ਦੀ ਜਾਂਚ ‘ਸਿਆਸੀ ਖੇਡ’ ਹੈ। ਹੁਣ ਜਦੋਂ ਜਲੰਧਰ ਦੀ ਜ਼ਿਮਨੀ ਚੋਣ ਦਾ ਐਲਾਨ ਹੋ ਚੁੱਕਾ ਹੈ ਤਾਂ ਸਰਕਾਰ ਨੇ ਵਿਰੋਧੀਆਂ ਨੂੰ ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਕਿਹਾ, ‘‘ਮੇਰੇ ਖ਼ਿਲਾਫ਼ ਡੂੰਘੀ ਸਾਜ਼ਿਸ਼ ਰਚੀ ਜਾ ਰਹੀ ਹੈ ਅਤੇ ਅੱਜ ਮੇਰੀ ਗ੍ਰਿਫ਼ਤਾਰੀ ਵੀ ਹੋ ਸਕਦੀ ਹੈ।’’ ਨਾਲ ਹੀ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਉਹ ਕਿਸੇ ਤੋਂ ਡਰਨ ਵਾਲੇ ਨਹੀਂ ਅਤੇ ਹਰ ਜਾਂਚ ਦਾ ਸਾਹਮਣਾ ਕਰਨ ਲਈ ਤਿਆਰ ਹਨ। ਚੰਨੀ ਨੇ ਕਿਹਾ ਕਿ ਉਨ੍ਹਾਂ ਨੂੰ ਜਾਨ ਤੋਂ ਵੀ ਮਾਰਿਆ ਜਾ ਸਕਦਾ ਹੈ। ਚੰਨੀ ਨੇ ਦੱਸਿਆ ਕਿ ਉਨ੍ਹਾਂ ਦੇ ਘਰ ਦੀ ਕੁਰਕੀ ਹੋਣ ਦੇ ਆਰਡਰ ਹੋਏ ਹਨ। ਇਸ ਸਬੰਧੀ ਉਨ੍ਹਾਂ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਤੋਂ ਸਟੇਅ ਲਈ ਹੋਈ ਹੈ।

Total Views: 406 ,
Real Estate