
ਕਾਂਗਰਸੀ ਨੇਤਾ ਨਵਜੋਤ ਸਿੰਘ ਸਿੱਧੂ ਨੇ ਦਾਅਵਾ ਕੀਤਾ ਹੈ ਕਿ ਉੁਨ੍ਹਾਂ ਦੀ ਪਟਿਆਲਾ ਸਥਿਤ ਰਿਹਾਇਸ਼ ਵਿੱਚ ਬੀਤੀ ਸ਼ਾਮ ਨੂੰ ਇੱਕ ਸ਼ੱਕੀ ਵਿਅਕਤੀ ਦਾਖ਼ਲ ਹੋ ਗਿਆ। ਉਨ੍ਹਾਂ ਇਸ ਘਟਨਾ ਨੂੰ ਸੁਰੱਖਿਆ ਪ੍ਰਬੰਧਾਂ ਵਿੱਚ ਕੁਤਾਹੀ ਕਰਾਰ ਦਿੱਤਾ ਹੈ। ਸਿੱਧੂ ਨੇ ਕਿਹਾ ਕਿ ਉਨ੍ਹਾਂ ਮਾਮਲਾ ਪੰਜਾਬ ਪੁਲੀਸ ਮੁਖੀ ਦੇ ਧਿਆਨ ਵਿੱਚ ਲਿਆ ਦਿੱਤਾ ਹੈ। ਕਾਂਗਰਸੀ ਆਗੂ ਨੇ ਟਵੀਟ ਕੀਤਾ, ‘‘ਅੱਜ ਸ਼ਾਮ ਕਰੀਬ ਸੱਤ ਵਜੇ ਮੇਰੀ ਰਿਹਾਇਸ਼ ਦੀ ਛੱਤ ’ਤੇ ਇੱਕ ਅਣਪਛਾਤਾ ਸ਼ੱਕੀ ਵਿਅਕਤੀ ਦੇਖਿਆ ਗਿਆ। ਜਦੋਂ ਘਰ ਵਿੱਚ ਕੰਮ ਕਰਨ ਵਾਲੇ ਵਿਅਕਤੀ ਨੇ ਮਦਦ ਲਈ ਅਲਾਰਮ ਵਜਾਇਆ ਤਾਂ ਉਹ ਤੁਰੰਤ ਮੌਕੇ ਤੋਂ ਫ਼ਰਾਰ ਹੋ ਗਿਆ। ਇਸ ਸਬੰਧੀ ਡੀਜੀਪੀ ਪੰਜਾਬ ਪੁਲੀਸ ਨਾਲ ਗੱਲਬਾਤ ਹੋ ਗਈ ਹੈ ਅਤੇ ਐੱਸਐੱਸਪੀ ਪਟਿਆਲਾ ਨੂੰ ਵੀ ਸੂਚਿਤ ਕਰ ਦਿੱਤਾ ਗਿਆ ਹੈ। ਸੁਰੱਖਿਆ ਵਿੱਚ ਕੁਤਾਹੀ ਮੈਨੂੰ ਪੰਜਾਬ ਲਈ ਆਵਾਜ਼ ਉਠਾਉਣ ਤੋਂ ਨਹੀਂ ਰੋਕ ਸਕੇਗੀ।’’ ਇਸ ਮਗਰੋਂ ਪਟਿਆਲਾ ਦੇ ਐੱਸਐੱਸਪੀ ਵਰੁਣ ਸ਼ਰਮਾ ਨੇ ਸਿੱਧੂ ਦੀ ਰਿਹਾਇਸ਼ ਦਾ ਦੌਰਾ ਕੀਤਾ। ਇੱਕ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਇਲਾਕੇ ਦੀ ਸੀਸੀਟੀਵੀ ਫੁਟੇਜ਼ ਖੰਘਾਲੀ ਜਾ ਰਹੀ ਹੈ।



















