ਕਿਸ ਨੇ ਕੀਤੀ ਸੁਖਬੀਰ ਅਤੇ ਮਨਪ੍ਰੀਤ ਬਾਦਲ ਨੂੰ ਮੁੜ ਇਕੱਠੇ ਹੋਣ ਦੀ ਅਪੀਲ਼?

ਪ੍ਰਕਾਸ਼ ਸਿੰਘ ਬਾਦਲ ਦੀ ਅੰਤਿਮ ਅਰਦਾਸ ਦੇ ਮੌਕੇ ’ਤੇ ਕੌਮੀ ਪੱਧਰ ਦੀਆਂ ਵੱਡੀਆਂ ਹਸਤੀਆਂ ਸਮੇਤ ਪੰਜਾਬ ਦੀਆਂ ਵੱਖ ਵੱਖ ਰਾਜਸੀ ਪਾਰਟੀਆਂ ਦੇ ਆਗੂਆਂ ਨੇ ਵੀ ਹਾਜ਼ਰੀ ਲਵਾਈ। ਖਾਸਤੌਰ ’ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਲੋਕਸਭਾ ਸਪੀਕਰ ਓਮ ਬਿਰਲਾ ਵੀ ਅੰਤਿਮ ਅਰਦਾਸ ਵਿਚ ਸ਼ਾਮਿਲ ਹੋਏ। ਅਤਿੰਮ ਅਰਦਾਸ ਦੇ ਮੌਕੇ ’ਤੇ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਨੇ ਆਪਣੇ ਸੰਖੇਪ ਭਾਸ਼ਣ ਵਿਚ ਉਚੇਚੇ ਤੌਰ ’ਤੇ ਸੁਖਬੀਰ ਸਿੰਘ ਬਾਦਲ ਅਤੇ ਮਨਪ੍ਰੀਤ ਸਿੰਘ ਬਾਦਲ ਦੀ ਜੋੜੀ ਨੂੰ ਮੁੜ ਇਕੱਠਾ ਹੋਣ ਦੀ ਅਪੀਲ ਕੀਤੀ। ਇਹ ਅਪੀਲ ਇਸ ਕਰਕੇ ਵੀ ਅਹਿਮ ਹੈ ਕਿ ਪ੍ਰੋ. ਚੰਦੂਮਾਜਰਾ ਤੋਂ ਪਹਿਲਾਂ ਮਨਪ੍ਰੀਤ ਸਿੰਘ ਬਾਦਲ ਜਦੋਂ ਸਟੇਜ ਤੋਂ ਬੋਲੇ ਤਾਂ ਉਹਨਾਂ ਨੇ ਭਾਵੁਕ ਅੰਦਾਜ਼ ਵਿਚ ਪ੍ਰਕਾਸ਼ ਸਿੰਘ ਬਾਦਲ ਦੀ ਲੀਡਰਸ਼ਿਪ ਦੀ ਰੱਜ ਕੇ ਤਰੀਫ਼ ਕੀਤੀ। ਉਹਨਾਂ ਕਿਹਾ ਕਿ ਬਾਦਲ ਦੇ ਤੁਰ ਜਾਣ ਨਾਲ ਪੰਜਾਬ ਅਤੇ ਦੇਸ਼ ਨੂੰ ਬਹੁਤ ਵੱਡਾ ਘਾਟਾ ਪਿਆ ਹੈ। ਇਸ ਉਪਰ ਟਿੱਪਣੀ ਕਰਦਿਆਂ ਹੀ ਚੰਦੂਮਾਜਰਾ ਨੇ ਕਿਹਾ ਕਿ ਬਾਦਲ ਨੂੰ ਸੱਚੀ ਸ਼ਰਧਾਂਜਲੀ ਇਹ ਹੀ ਹੈ ਕਿ ਸੁਖਬੀਰ ਬਾਦਲ ਅਤੇ ਮਨਪ੍ਰੀਤ ਬਾਦਲ ਦੀ ਜੋੜੀ ਇਕੱਠੀ ਹੋਵੇ। ਇਸ ਮਾਮਲੇ ਬਾਰੇ ਸੀਨੀਅਰ ਅਕਾਲੀ ਨੇਤਾ ਬਲਵਿੰਦਰ ਸਿੰਘ ਭੂੰਦੜ ਵੱਲ਼ੋਂ ਵੀ ਆਪਣੇ ਤਰੀਕੇ ਨਾਲ ਅਕਾਲੀ ਦਲ ਨੂੰ ਇਕੱਠਾ ਹੋਣ ਦੀ ਗੱਲ ਕੀਤੀ ਗਈ। ਵੱਡਾ ਸਵਾਲ ਇਹ ਪੈਦਾ ਹੁੰਦਾ ਹੈ ਕਿ ਬਹੁਤ ਤਿੱਖੇ ਵਿਰੋਧ ਦੇ ਬਾਵਜੂਦ ਕੀ ਸੁਖਬੀਰ ਬਾਦਲ ਅਤੇ ਮਨਪ੍ਰੀਤ ਬਾਦਲ ਇਕੱਠੇ ਹੋ ਸਕਦੇ ਹਨ?ਕੀ ਅਕਾਲੀ ਦਲ ਨੂੰ ਛੱਡ ਕੇ ਗਏ ਟਕਸਾਲੀ ਆਗੂ ਸੁਖਬੀਰ ਸਿੰਘ ਬਾਦਲ ਦੇ ਕਹਿਣ ਉਪਰ ਵਾਪਿਸ ਆ ਸਕਦੇ ਹਨ? ਅਸਲ ਵਿਚ ਸੁਖਬੀਰ ਸਿੰਘ ਬਾਦਲ ਦੀ ਪਹੁੰਚ ਤੋਂ ਪਰੇਸ਼ਾਨ ਹੋ ਕੇ ਹੀ ਕਈ ਆਗੂਆਂ ਨੇ ਅਕਾਲੀ ਦਲ ਨੂੰ ਅਲਵਿਦਾ ਆਖੀ ਸੀ।

Total Views: 183 ,
Real Estate