
ਪੰਜਾਬ ਸਰਕਾਰ ਨੇ 10 ਜੂਨ ਤੋਂ ਝੋਨੇ ਦੀ ਲੁਆਈ ਜ਼ੋਨ ਵਾਈਜ਼ ਕਰਨ ਨੂੰ ਹਰੀ ਝੰਡੀ ਦੇ ਦਿੱਤੀ ਹੈ। ਹਾਲਾਂਕਿ ਪਿਛਲੇ ਸਾਲ ਨਾਲੋਂ ਐਤਕੀਂ ਥੋੜ੍ਹਾ ਜਿਹਾ ਹੀ ਫੇਰਬਦਲ ਕੀਤਾ ਗਿਆ ਹੈ। ਮੁੱਖ ਮੰਤਰੀ ਨੇ ਲਾਈਵ ਸੁਨੇਹੇ ਜ਼ਰੀਏ ਕਿਹਾ ਕਿ ਕਿਸਾਨ ਮਿਲਣੀਆਂ ਵਿਚ ਵੀ ਪੜਾਅਵਾਰ ਲੁਆਈ ਦੇ ਸੁਝਾਅ ਪ੍ਰਾਪਤ ਹੋਏ ਸਨ। ਉਨ੍ਹਾਂ ਦੱਸਿਆ ਕਿ ਸੂਬੇ ਵਿਚ ਆਗਾਮੀ ਸਾਉਣੀ ਸੀਜ਼ਨ ਦੌਰਾਨ ਝੋਨੇ ਦੀ ਨਿਰਵਿਘਨ ਬਿਜਾਈ ਨੂੰ ਯਕੀਨੀ ਬਣਾਉਣ ਲਈ ਪੁਖ਼ਤਾ ਤਿਆਰੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਝੋਨੇ ਦੀ ਬਿਜਾਈ 10 ਜੂਨ, 16 ਜੂਨ, 19 ਜੂਨ ਅਤੇ 21 ਜੂਨ ਨੂੰ ਸ਼ੁਰੂ ਹੋਵੇਗੀ। ਬਿਜਾਈ ਦੀ ਪੜਾਅ ਵਾਰ ਵਿਧੀ ਨੂੰ ਲਾਗੂ ਕਰਨ ਲਈ ਸੂਬੇ ਨੂੰ ਚਾਰ ਜ਼ੋਨਾਂ ਵਿੱਚ ਵੰਡਿਆ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪਹਿਲੇ ਪੜਾਅ ਵਿੱਚ ਕੌਮਾਂਤਰੀ ਸਰਹੱਦ ’ਤੇ ਕੰਡਿਆਲੀ ਤਾਰ ਤੋਂ ਪਰਲੇ ਪਾਸੇ ਦੇ ਖੇਤਰਾਂ ਵਿੱਚ ਝੋਨੇ ਦੀ ਲੁਆਈ ਦਾ ਕੰਮ 10 ਜੂਨ ਤੋਂ ਸ਼ੁਰੂ ਹੋ ਜਾਵੇਗਾ। ਦੂਜੇ ਪੜਾਅ ਵਿੱਚ ਸੱਤ ਜ਼ਿਲ੍ਹਿਆਂ ਫ਼ਿਰੋਜ਼ਪੁਰ, ਫ਼ਰੀਦਕੋਟ, ਪਠਾਨਕੋਟ, ਸ੍ਰੀ ਫ਼ਤਿਹਗੜ੍ਹ ਸਾਹਿਬ, ਗੁਰਦਾਸਪੁਰ, ਐੱਸ.ਬੀ.ਐੱਸ.ਨਗਰ ਅਤੇ ਤਰਨ ਤਾਰਨ ਵਿੱਚ 16 ਜੂਨ ਤੋਂ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਈ ਜਾਵੇਗੀ ਜਦੋਂ ਕਿ ਪਿਛਲੇ ਵਰ੍ਹੇ ਇਸ ਜ਼ੋਨ ਵਿਚ ਲੁਆਈ 14 ਜੂਨ ਨੂੰ ਸ਼ੁਰੂ ਹੋਈ ਸੀ। ਉਨ੍ਹਾਂ ਦੱਸਿਆ ਕਿ ਤੀਜੇ ਪੜਾਅ ਤਹਿਤ ਸੱਤ ਜ਼ਿਲ੍ਹਿਆਂ ਰੂਪਨਗਰ, ਐੱਸ.ਏ.ਐੱਸ.ਨਗਰ, ਕਪੂਰਥਲਾ, ਲੁਧਿਆਣਾ, ਫ਼ਾਜ਼ਿਲਕਾ, ਬਠਿੰਡਾ ਅਤੇ ਅੰਮ੍ਰਿਤਸਰ ਵਿੱਚ 19 ਜੂਨ ਤੋਂ ਝੋਨਾ ਲਾਉਣਾ ਯਕੀਨੀ ਬਣਾਇਆ ਜਾਵੇਗਾ ਜਦਕਿ ਬਾਕੀ ਦੇ ਨੌਂ ਜ਼ਿਲ੍ਹਿਆਂ ਪਟਿਆਲਾ, ਜਲੰਧਰ, ਮੋਗਾ, ਸ੍ਰੀ ਮੁਕਤਸਰ ਸਾਹਿਬ, ਹੁਸ਼ਿਆਰਪੁਰ, ਸੰਗਰੂਰ, ਮਾਲੇਰਕੋਟਲਾ, ਬਰਨਾਲਾ ਅਤੇ ਮਾਨਸਾ ਵਿੱਚ ਝੋਨੇ ਦੀ ਲੁਆਈ 21 ਜੂਨ ਤੋਂ ਸ਼ੁਰੂ ਹੋਵੇਗੀ। ਇਨ੍ਹਾਂ ਸਾਰੇ ਜ਼ੋਨਾਂ ਨੂੰ ਨਿਰਵਿਘਨ ਅੱਠ ਘੰਟੇ ਬਿਜਲੀ ਸਪਲਾਈ ਦਿੱਤੀ ਜਾਵੇਗੀ।






















