ਅਕਾਲੀ ਦਲ ਐੱਸਜੀਪੀਸੀ ਚੋਣਾਂ ਲਈ ਤਿਆਰ: ਸੁਖਬੀਰ

ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਖਿਆ ਕਿ ਪਾਰਟੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਤਿਆਰ ਹੈ। ਉਨ੍ਹਾਂ ਕਿਹਾ ਕਿ ਮਹਾਰਾਸ਼ਟਰ ਵਿਚ ਸਿੱਖ ਨੌਜਵਾਨਾਂ ‘ਤੇ ਅਣਮਨੁੱਖੀ ਤਸ਼ੱਦਦ ਤੋਂ ਸਮੁੱਚਾ ਸਿੱਖ ਭਾਈਚਾਰਾ ਸਦਮੇ ਵਿੱਚ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਵੀ ਕਈ ਵਾਰ ਅਜਿਹਾ ਭਾਣਾ ਵਾਪਰ ਚੁੱਕਾ ਹੈ। ਉਨ੍ਹਾਂ ਮਹਾਰਾਸ਼ਟਰ ਸਰਕਾਰ ਤੋਂ ਮੁਲਜ਼ਮਾਂ ਲਈ ਸਖ਼ਤ ਸਜ਼ਾ ਦੀ ਮੰਗ ਕੀਤੀ। ਸ਼੍ਰੋਮਣੀ ਅਕਾਲੀ ਦਲ ਵੱਲੋਂ ਮਰਹੂਮ ਪ੍ਰਕਾਸ਼ ਸਿੰਘ ਬਾਦਲ ਨੂੰ ਸ਼ਰਧਾਂਜਲੀ ਦੇਣ ਲਈ ਮੋਗਾ ‘ਚ ਰੱਖੇ ਸਮਾਗਮ ਮੌਕੇ ਸੁਖਬੀਰ ਬਾਦਲ ਨੇ ਦੱਸਿਆ ਕਿ ਉਨ੍ਹਾਂ ਅੱਜ ਮਹਾਰਾਸ਼ਟਰ ਦੇ ਮੁੱਖ ਮੰਤਰੀ ਨੂੰ ਪੱਤਰ ਲਿਖ ਕੇ ਸੂਬੇ ਵਿੱਚ ਲੋਕਾਂ ਵਿੱਚ ਫ਼ਿਰਕੂ ਸਦਭਾਵਨਾ ਕਾਇਮ ਕਰਨ ਵਾਸਤੇ ਜਾਗਰੂਕਤਾ ਮੁਹਿੰਮ ਚਲਾਉਣ ਦਾ ਸੱਦਾ ਦਿੱਤਾ ਹੈ। ਉਨ੍ਹਾਂ ਪੀੜਤ ਕ੍ਰਿਪਾਲ ਸਿੰਘ ਦੇ ਪਰਿਵਾਰ ਨੂੰ ਦੋ ਲੱਖ ਰੁਪਏ ਅਤੇ ਜ਼ਖ਼ਮੀ ਅਰੁਣ ਸਿੰਘ ਤਾਕ ਤੇ ਗੋਰਾ ਸਿੰਘ ਢੁਡਾਨੀ ਦੇ ਪਰਿਵਾਰ ਨੂੰ ਇੱਕ-ਇੱਕ ਲੱਖ ਰੁਪਏ ਦੀ ਮਾਲੀ ਸਹਾਇਤਾ ਦੇਣ ਦਾ ਐਲਾਨ ਵੀ ਕੀਤਾ।
ਇਸ ਮੌਕੇ ਸੁਖਬੀਰ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਸ਼ਬਦੀ ਹਮਲਾ ਕਰਦਿਆਂ ਆਖਿਆ ਕਿ ਸਾਬਕਾ ਕੈਬਨਿਟ ਮੰਤਰੀ ਡਾ. ਇੰਦਰਬੀਰ ਸਿੰਘ ਨਿੱਝਰ ਨੂੰ ਸੱਚ ਬੋਲਣ ਦੀ ਭਾਰੀ ਕੀਮਤ ਚੁਕਾਉਣੀ ਪਈ ਹੈ। ਉਨ੍ਹਾਂ ਕਿਹਾ ਕਿ ਭਾਵੇਂ ਨਿੱਝਰ ਨੇ ਨਿੱਜੀ ਕਾਰਨਾਂ ਦਾ ਹਵਾਲਾ ਦੇ ਕੇ ਵਜ਼ੀਰੀ ਛੱਡੀ ਹੈ ਪਰ ਲੋਕ ਸਭ ਜਾਣਦੇ ਹਨ।

Total Views: 200 ,
Real Estate