ਵਿਜੀਲੈਂਸ ਨੇ ਪਰਲਜ਼ ਗਰੁੱਪ ਦੀਆਂ ਖ਼ੁਰਦ ਬੁਰਦ ਜਾਇਦਾਦਾਂ ਦੀ ਪੜਤਾਲ ਵਿੱਢੀ

ਵਿਜੀਲੈਂਸ ਬਿਊਰੋ ਨੇ ਪੰਜਾਬ ਵਿਚ ਪਰਲਜ਼ ਗਰੁੱਪ ਦੀਆਂ ਖ਼ੁਰਦ ਬੁਰਦ ਹੋਈਆਂ ਜਾਇਦਾਦਾਂ ਦੀ ਜਾਂਚ ਵਿੱਢ ਦਿੱਤੀ ਹੈ। ਇਨ੍ਹਾਂ ਜਾਇਦਾਦਾਂ ਨੂੰ ਖ਼ੁਰਦ ਬੁਰਦ ਕਰਨ ਵਿੱਚ ਭੂਮਿਕਾ ਨਿਭਾਉਣ ਵਾਲੇ ਅਫ਼ਸਰਾਂ ’ਤੇ ਵੀ ਉਂਗਲ ਉੱਠੇਗੀ। ਇੱਕ ਮਹੀਨਾ ਪਹਿਲਾਂ ਪਰਲਜ਼ ਗਰੁੱਪ ਦੀ ਕਰੋੜਾਂ ਰੁਪਏ ਦੀ ਧੋਖਾਧੜੀ ਦੀ ਜਾਂਚ ਵਿਜੀਲੈਂਸ ਨੂੰ ਸੌਂਪੀ ਸੀ। ਵਿਜੀਲੈਂਸ ਨੇ ਇਸ ਲਈ ਜ਼ੀਰਾ ਥਾਣੇ ਵਿੱਚ ਪਰਲਜ਼ ਗਰੁੱਪ ਦੇ ਘਪਲੇ ਬਾਰੇ ਵਰ੍ਹਾ 2020 ਵਿੱਚ ਦਰਜ ਐਫ.ਆਈ.ਆਰ ਨੰਬਰ 79 ਅਤੇ 2023 ਵਿੱਚ ਮੁਹਾਲੀ ਦੇ ਸਟੇਟ ਕ੍ਰਾਈਮ ਥਾਣੇ ਵਿਚ ਦਰਜ ਐਫ.ਆਈ.ਆਰ ਨੰਬਰ ਇੱਕ ਨੂੰ ਆਧਾਰ ਬਣਾਇਆ ਹੈ। ਵਿਜੀਲੈਂਸ ਬਿਊਰੋ ਨੇ ਹੁਣ ਮਾਲ ਵਿਭਾਗ ਨੂੰ ਪੱਤਰ ਲਿਖਿਆ ਹੈ, ਜਿਸ ਵਿੱਚ ਪਰਲਜ਼ ਗਰੁੱਪ ਦੀਆਂ ਜਾਇਦਾਦਾਂ ਦੀ ਪੜਤਾਲ ਅਤੇ ਇਨ੍ਹਾਂ ਦੀ ਸੰਪਤੀ ਵਿਚ ਹੋਏ ਫੇਰਬਦਲ ਨੂੰ ਲੈ ਕੇ ਵੇਰਵੇ ਮੰਗੇ ਗਏ ਹਨ। ਜਾਂਚ ਏਜੰਸੀ ਨੇ ਉਨ੍ਹਾਂ ਸੰਪਤੀਆਂ ਬਾਰੇ ਪੁੱਛਿਆ ਹੈ ਜਿਨ੍ਹਾਂ ਦੇ ਜ਼ਮੀਨੀ ਰਿਕਾਰਡ ਵਿੱਚ ਨਵੀਆਂ ਐਂਟਰੀਆਂ ਦਰਜ ਹੋਈਆਂ ਹਨ। ਡਿਪਟੀ ਕਮਿਸ਼ਨਰਾਂ ਨੂੰ ਮਾਲ ਰਿਕਾਰਡ ਵਿਚ ਦਰਜ ਇਨ੍ਹਾਂ ਐਂਟਰੀਆਂ ਦੀ ਨਿੱਜੀ ਤੌਰ ’ਤੇ ਤਸਦੀਕ ਕੀਤੇ ਜਾਣ ਦੀ ਗੱਲ ਆਖੀ ਗਈ ਹੈ। ਇਨ੍ਹਾਂ ਜਾਇਦਾਦਾਂ ਦੇ ਹੋਏ ਤਬਾਦਲਿਆਂ ਅਤੇ ਰਜਿਸਟਰੀਆਂ ਆਦਿ ਬਾਰੇ ਵੀ ਪੁੱਛਿਆ ਹੈ। ਇਸ ਬਾਰੇ ਡਿਪਟੀ ਕਮਿਸ਼ਨਰਾਂ ਨੂੰ ਲੋੜੀਂਦੀਆਂ ਹਦਾਇਤਾਂ ਜਾਰੀ ਕਰਨ ਵਾਸਤੇ ਆਖਿਆ ਗਿਆ ਹੈ। ਪਰਲਜ਼ ਗਰੁੱਪ ਦੀਆਂ ਨਾਜਾਇਜ਼ ਕਬਜ਼ੇ ਹੇਠਲੀਆਂ ਸੰਪਤੀਆਂ ਦੀ ਸ਼ਨਾਖ਼ਤ ਕਰਕੇ ਇਨ੍ਹਾਂ ਕਬਜ਼ਿਆਂ ਨੂੰ ਹਟਾਏ ਜਾਣ ਦੀ ਗੱਲ ਵੀ ਆਖੀ ਗਈ ਹੈ। ਇਸ ਗਰੁੱਪ ਦੀਆਂ ਸੰਪਤੀਆਂ ’ਤੇ ਡਿਸਪਲੇਅ ਬੋਰਡ ਲਾਏ ਜਾਣ ਬਾਰੇ ਵੀ ਕਿਹਾ ਗਿਆ ਹੈ। ਜਿੱਥੇ-ਜਿੱਥੇ ਪਰਲਜ਼ ਗਰੁੱਪ ਦੀ ਜਾਇਦਾਦ ਹੈ, ਉਥੇ ਉਨ੍ਹਾਂ ਦੀ ਖੇਤੀ ਲਈ ਅਤੇ ਵਪਾਰਕ ਵਰਤੋਂ ਕੀਤੇ ਜਾਣ ਦੀ ਗੱਲ ਵੀ ਤੋਰੀ ਗਈ ਹੈ ਤਾਂ ਜੋ ਇਸ ਦੀ ਕਮਾਈ ਨਾਲ ਨਿਵੇਸ਼ਕਾਂ ਨੂੰ ਰਾਹਤ ਦਿੱਤੀ ਜਾ ਸਕੇ।

Total Views: 372 ,
Real Estate