ਸਾਂਝੇ ਸਿਵਲ ਕੋਡ ਦੀ ਹਮਾਇਤ ’ਚ ਨਿੱਤਰੀ ‘ਆਪ’

ਭਾਰਤ ‘ਚ ਸਾਂਝੇ ਸਿਵਲ ਕੋਡ ਬਾਰੇ ਭਾਜਪਾ ਤੇ ਕਾਂਗਰਸ ਵਿਚ ਜਾਰੀ ਤਕਰਾਰ ਦਰਮਿਆਨ ਆਮ ਆਦਮੀ ਪਾਰਟੀ (ਆਪ) ਨੇ ਇਸ ਕੋਡ ਦੀ ‘ਸਿਧਾਂਤਕ ਹਮਾਇਤ’ ਦਾ ਐਲਾਨ ਕੀਤਾ ਹੈ। ‘ਆਪ’ ਦੇ ਕੌਮੀ ਜਨਰਲ ਸਕੱਤਰ ਡਾ. ਸੰਦੀਪ ਪਾਠਕ ਨੇ ਕਿਹਾ ਕਿ ਉਹ ਸਿਧਾਂਤਕ ਤੌਰ ’ਤੇ ਸਾਂਝੇ ਸਿਵਲ ਕੋਡ ਦੀ ਹਮਾਇਤ ਕਰਦੇ ਹਨ। ਉਨ੍ਹਾਂ ਕਿਹਾ ਕਿ ਕੋਡ ਨੂੰ ਸਿਆਸੀ ਪਾਰਟੀਆਂ ਤੇ ਗੈਰ-ਸਿਆਸੀ ਧਿਰਾਂ ਸਣੇ ਸਾਰੇ ਸਬੰਧਤ ਭਾਈਵਾਲਾਂ ਨਾਲ ਵਿਆਪਕ ਵਿਚਾਰ ਚਰਚਾ ਤੋਂ ਬਾਅਦ ਸਰਬਸੰਮਤੀ ਨਾਲ ਲਿਆਂਦਾ ਜਾਣਾ ਚਾਹੀਦਾ ਹੈ। ਪਾਠਕ ਨੇ ਕਿਹਾ, ‘‘ਸਾਡਾ ਮੰਨਣਾ ਹੈ ਕਿ ਸਾਨੂੰ ਅਜਿਹੇ ਮੁੱਦਿਆਂ ’ਤੇ ਸਾਰਿਆਂ ਦੀ ਸਹਿਮਤੀ ਨਾਲ ਹੀ ਅੱਗੇ ਵਧਣਾ ਚਾਹੀਦਾ ਹੈ। ਅਸੀਂ ਮੰਨਦੇ ਹਾਂ ਕਿ ਸਾਂਝੇ ਸਿਵਲ ਕੋਡ ਨੂੰ ਉਦੋਂ ਹੀ ਲਾਗੂ ਕੀਤਾ ਜਾਵੇ ਜਦੋਂ ਸਾਰੀਆਂ ਸਬੰਧਤ ਧਿਰਾਂ ਇਸ ਬਾਰੇ ਸਹਿਮਤ ਹੋਣ।’’ ਉਨ੍ਹਾਂ ਕਿਹਾ, ‘‘ਆਪ ਸਿਧਾਂਤਕ ਤੌਰ ’ਤੇ ਸਾਂਝੇ ਸਿਵਲ ਕੋਡ ਦੀ ਹਮਾਇਤ ਕਰਦੀ ਹੈ। ਸੰਵਿਧਾਨ ਦੀ ਧਾਰਾ 44 ਵੀ ਇਸ ਦੀ ਵਕਾਲਤ ਕਰਦੀ ਹੈ।’’ ਉਧਰ ‘ਆਪ’ ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਸੰਵਿਧਾਨ ਦੀ ਧਾਰਾ 44 ਵਿੱਚ ਸਾਂਝੇ ਸਿਵਲ ਕੋਡ ਦੀ ਵਿਵਸਥਾ ਹੈ। ਇਸ ਲਈ ‘‘ਅਸੀਂ ਵੀ ਸਿਧਾਂਤਕ ਤੌਰ ’ਤੇ ਇਸ ਦੀ ਹਮਾਇਤ ਕਰਦੇ ਹਾਂ।’’

Total Views: 170 ,
Real Estate