ਸ੍ਰੋਮਣੀ ਕਮੇਟੀ ਨੇ ਪੀਟੀਸੀ ਨੂੰ ਪ੍ਰਸਾਰਣ ਸੇਵਾ ਜਾਰੀ ਰੱਖਣ ਲਈ ਕਿਹਾ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਪ੍ਰਸਾਰਣ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਵੱਲੋਂ ਕੀਤੇ ਗਏ ਆਦੇਸ਼ ਅਨੁਸਾਰ ਆਪਣਾ ਯੂਟਿਊਬ ਚੈਨਲ ਸ਼ੁਰੂ ਕਰਨ ਦੇ ਨਾਲ-ਨਾਲ ਆਪਣਾ ਸੈਟੇਲਾਈਟ ਚੈਨਲ ਸਥਾਪਿਤ ਹੋਣ ਤੱਕ ਪੀਟੀਸੀ ਚੈਨਲ ਦੇ ਪ੍ਰਬੰਧਕਾਂ ਨੂੰ ਗੁਰਬਾਣੀ ਪ੍ਰਸਾਰਣ ਜਾਰੀ ਰੱਖਣ ਦੀ ਅਪੀਲ ਕੀਤੀ ਹੈ।ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਇਕ ਬਿਆਨ ਵਿਚ ਕਿਹਾ ਕਿ 23 ਜੁਲਾਈ ਨੂੰ ਪੀਟੀਸੀ ਚੈਨਲ ਦਾ ਇਕਰਾਰਨਾਮਾ ਖ਼ਤਮ ਹੋ ਰਿਹਾ ਹੋਣ ਕਾਰਨ ਸ਼੍ਰੋਮਣੀ ਕਮੇਟੀ ਵੱਲੋਂ ਆਪਣੇ ਯੂਟਿਊਬ/ਵੈੱਬ ਚੈਨਲ ’ਤੇ 24 ਜੁਲਾਈ ਤੋਂ ਗੁਰਬਾਣੀ ਪ੍ਰਸਾਰਣ ਦੀ ਸੇਵਾ ਸ਼ੁਰੂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪਰੰਤੂ ਵਿਸ਼ਵ ਭਰ ਦੀਆਂ ਸੰਗਤਾਂ ਵੱਲੋਂ ਕੀਤੀ ਜਾ ਰਹੀ ਮੰਗ ’ਤੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸ਼੍ਰੋਮਣੀ ਕਮੇਟੀ ਨੂੰ ਆਪਣਾ ਚੈਨਲ ਸਥਾਪਤ ਕਰਨ ਤੱਕ ਕਿਸੇ ਚੈਨਲ ਰਾਹੀਂ ਪ੍ਰਸਾਰਣ ਸੇਵਾ ਜਾਰੀ ਰੱਖਣ ਦਾ ਆਦੇਸ਼ ਕੀਤਾ ਹੈ। ਸ਼੍ਰੋਮਣੀ ਕਮੇਟੀ ਜਥੇਦਾਰ ਸਾਹਿਬ ਦੇ ਇਸ ਆਦੇਸ਼ ਅਤੇ ਸੰਗਤ ਦੀਆਂ ਭਾਵਨਾਵਾਂ ਦੀ ਕਦਰ ਕਰਦੀ ਹੈ, ਜਿਸ ਤਹਿਤ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਰਾਇ ਮਸ਼ਵਰਾ ਕਰਕੇ ਫਿਲਹਾਲ ਪੀਟੀਸੀ ਨੂੰ ਪ੍ਰਸਾਰਣ ਸੇਵਾ ਜਾਰੀ ਰੱਖਣ ਲਈ ਕਿਹਾ ਹੈ।

Total Views: 137 ,
Real Estate