16 ਕਿਸਾਨ ਜਥੇਬੰਦੀਆਂ ਵੱਲੋਂ ਕਿਸਾਨੀ ਮੰਗਾਂ ਲਈ ਚੰਡੀਗੜ੍ਹ ਵਿੱਚ ਪੱਕੇ ਮੋਰਚੇ ਦੇ ਕਰਨ ਦੇ ਕੀਤੇ ਐਲਾਨ ਦੇ ਮੱਦੇਨਜ਼ਰ ਹਰਿਆਣਾ ਪੁਲੀਸ ਨੇ ਸੂਬੇ ਦੇ 100 ਦੇ ਕਰੀਬ ਕਿਸਾਨ ਆਗੂਆਂ ਨੂੰ ਹਿਰਾਸਤ ਵਿੱਚ ਲੈ ਗਿਆ। ਪੁਲੀਸ ਦੀ ਕਾਰਵਾਈ ਤੋਂ ਬਾਅਦ ਵੀ ਵੱਡੀ ਗਿਣਤੀ ’ਚ ਕਿਸਾਨਾਂ ਨੇ ਅੰਬਾਲਾ ਵਿੱਚ ਇਕੱਠੇ ਹੋ ਕੇ ਪ੍ਰਦਰਸ਼ਨ ਮਗਰੋਂ ਚੰਡੀਗੜ੍ਹ ਵੱਲ ਕੂਚ ਕੀਤਾ। ਹਰਿਆਣਾ ਪੁਲੀਸ ਨੇ ਕਿਸਾਨਾਂ ਨੂੰ ਅੱਗੇ ਵਧਣ ਤੋਂ ਰੋਕਣ ਲਈ ਭਾਰੀ ਫੋਰਸ ਤਾਇਨਾਤ ਕੀਤੀ ਹੋਈ ਸੀ। ਪੁਲੀਸ ਨੇ ਅੰਬਾਲਾ ਵਿੱਚੋਂ ਭਾਰਤੀ ਕਿਸਾਨ ਯੂਨੀਅਨ ਸ਼ਹੀਦ ਭਗਤ ਸਿੰਘ ਦੇ ਪ੍ਰਧਾਨ ਅਮਰਜੀਤ ਸਿੰਘ ਮੋੜੀ ਸਣੇ ਹੋਰਨਾਂ ਕਿਸਾਨ ਆਗੂਆਂ ਨੂੰ ਹਿਰਾਸਤ ਵਿੱਚ ਲਿਆ। ਇਸੇ ਦੌਰਾਨ ਪੁਲੀਸ ਤੇ ਕਿਸਾਨਾਂ ਦਰਮਿਆਨ ਹੋਈ ਖਿੱਚ-ਧੂਹ ਦੌਰਾਨ ਇਕ ਨੌਜਵਾਨ ਟਰੈਕਟਰ ਹੇਠਾਂ ਆ ਗਿਆ ਅਤੇ ਉਸ ਦੀ ਲੱਤ ਟੁੱਟ ਗਈ। ਪੀੜਤ ਦੀ ਪਛਾਣ ਰਵਿੰਦਰ ਸਿੰਘ ਵਜੋਂ ਹੋਈ ਹੈ, ਜਿਸ ਨੂੰ ਪਹਿਲਾਂ ਅੰਬਾਲਾ ਦੇ ਹਸਪਤਾਲ ਵਿੱਚ ਭਰਤੀ ਕਰਵਾਇਆ ਤੇ ਬਾਅਦ ਵਿੱਚ ਮੁਹਾਲੀ ਦੇ ਨਿੱਜੀ ਹਸਪਤਾਲ ਰੈੱਫਰ ਕਰ ਦਿੱਤਾ ਗਿਆ। ਹਰਿਆਣਾ ਪੁਲੀਸ ਨੇ ਹਰਿਆਣਾ ਦੇ ਕਿਸਾਨਾਂ ਨੂੰ ਚੰਡੀਗੜ੍ਹ ਵੱਲ ਵਧਣ ਤੋਂ ਰੋਕਣ ਲਈ ਸ਼ੰਭੂ ਬਾਰਡਰ ’ਤੇ ਵੀ ਨਾਕਾਬੰਦੀ ਕੀਤੀ ਹੋਈ ਸੀ। ਇੱਥੇ ਵੀ ਪੁਲੀਸ ਤੇ ਕਿਸਾਨਾਂ ਦਰਮਿਆਨ ਮਾਮੂਲੀ ਖਿਚ-ਧੂਹ ਹੋਈ ਹੈ। ਜ਼ਿਕਰਯੋਗ ਹੈ ਕਿ ਕਿਸਾਨ ਜਥੇਬੰਦੀਆਂ ਨੇ ਉਕਤ ਮੰਗਾਂ ਸਬੰਧੀ ਅੱਜ ਚੰਡੀਗੜ੍ਹ ’ਚ ਟਰੈਕਟਰ ਮਾਰਚ ਕੱਢਣਾ ਸੀ, ਜਿਨ੍ਹਾਂ ਨੂੰ ਪੁਲੀਸ ਨੇ ਚੰਡੀਗੜ੍ਹ ਪਹੁੰਚਣ ਤੋਂ ਪਹਿਲਾਂ ਹੀ ਰਾਹ ਵਿੱਚ ਰੋਕ ਦਿੱਤਾ।
ਕਿਸਾਨ ਆਗੂ ਹਰਿਆਣਾ ਪੁਲੀਸ ਨੇ ਹਿਰਾਸਤ ’ਚ ਲਏ
Total Views: 135 ,
Real Estate


















