ਪਰਲਜ਼ ਕੇਸ ਨਾਲ ਸਬੰਧਿਤ ਤਿੰਨ ਭਗੌੜੇ ਗੁਜਰਾਤ ਤੋਂ ਗ੍ਰਿਫ਼ਤਾਰ

ਪੰਜਾਬ ਵਿਜੀਲੈਂਸ ਬਿਊਰੋ ਨੇ ਪਰਲਜ਼ ਕੇਸ ਵਿੱਚ ਲੋੜੀਂਦੇ ਤਿੰਨ ਭਗੌੜੇ ਮੁਲਜ਼ਮਾਂ ਨੂੰ ਅਹਿਮਦਾਬਾਦ ਤੋਂ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਹਰਕੀਰਤ ਸਿੰਘ ਵਾਸੀ ਪਿੰਡ ਸ਼ਮਸ਼ਪੁਰ ਜ਼ਿਲ੍ਹਾ ਫਤਹਿਗੜ੍ਹ ਸਾਹਿਬ, ਪ੍ਰਭਜੋਤ ਸਿੰਘ ਵਾਸੀ ਪਿੰਡ ਗੋਨਿਆਣਾ ਕਲਾਂ ਜ਼ਿਲ੍ਹਾ ਬਠਿੰਡਾ ਅਤੇ ਪਰਦੀਪ ਸਿੰਘ ਵਾਸੀ ਪਿੰਡ ਜਲਵੇੜਾ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਵਜੋਂ ਹੋਈ ਹੈ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਥਾਣਾ ਸ਼ਹਿਰੀ ਜ਼ੀਰਾ, ਜ਼ਿਲ੍ਹਾ ਫਿਰੋਜ਼ਪੁਰ ਵਿਖੇ ਆਈਪੀਸੀ ਦੀ ਧਾਰਾ 406, 420, 467, 468, 471 ਅਤੇ 120-ਬੀ ਤਹਿਤ ਐਫਆਈਆਰ ਨੰਬਰ 79 ਮਿਤੀ 16-07-2020 ਵਿੱਚ ਲੋੜੀਂਦੇ ਸਨ। ਇਸ ਕੇਸ ਵਿੱਚ ਉਕਤ ਮੁਲਜ਼ਮਾਂ ’ਤੇ ਪਿੰਡ ਘੋਲੂਮਾਜਰਾ, ਜ਼ਿਲ੍ਹਾ ਐਸ.ਏ.ਐਸ.ਨਗਰ ਵਿਖੇ ਪੀ.ਏ.ਸੀ.ਐਲ. ਦੀਆਂ ਵੱਲ-ਵੱਖ ਜਾਇਦਾਦਾਂ ਦੀ ਗੈਰ-ਕਾਨੂੰਨੀ ਤੌਰ ’ਤੇ ਤਬਾਦਲਾ-ਏ-ਮਲਕੀਅਤ ਕਰਨ ਦਾ ਦੋਸ਼ ਹੈ। ਇਨ੍ਹਾਂ ਨੂੰ ਇਸ ਗੱਲ ਦਾ ਪੂਰਾ ਇਲਮ ਸੀ ਕਿ ਸੁਪਰੀਮ ਕੋਰਟ ਨੇ ਪਹਿਲਾਂ ਹੀ ਪੀ.ਏ.ਸੀ.ਐਲ. ਨੂੰ ਕਿਸੇ ਵੀ ਅਜਿਹੀ ਜਾਇਦਾਦ ਨੂੰ ਵੇਚਣ/ ਤਬਾਦਲਾ-ਏ-ਮਲਕੀਅਤ ਕਰਨ ’ਤੇ ਰੋਕ ਲਗਾਈ ਹੋਈ ਹੈ, ਜਿਸ ਵਿੱਚ ਪੀ.ਏ.ਸੀ.ਐਲ. ਦਾ ਕਿਸੇ ਵੀ ਰੂਪ ਵਿੱਚ, ਕੋਈ ਅਧਿਕਾਰ ਜਾਂ ਹਿੱਤ ਬਣਦਾ ਹੈ, ਪਰ ਬਾਵਜੂਦ ਇਸਦੇ ਇਨ੍ਹਾਂ ਨੇ ਜਾਇਦਾਦਾਂ ਦੀ ਫ਼ਰੋਖ਼ਤ/ ਤਬਾਦਲਾ-ਏ-ਮਲਕੀਅਤ ਦਾ ਅਮਲ ਜਾਰੀ ਰੱਖਿਆ।

Total Views: 189 ,
Real Estate