
ਬਰਨਾਲਾ ‘ਚ ਹੌਲਦਾਰ ਕਤਲ ਮਾਮਲੇ ‘ਚ ਪੁਲਿਸ ਨੇ ਮੁਲਜ਼ਮ ਪਰਮਜੀਤ ਸਿੰਘ ਪੰਮਾ ਠੀਕਰੀਵਾਲਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮਿਲੀ ਜਾਣਕਾਰੀ ਅਨੁਸਾਰ ਦੋਸ਼ੀ ਦੀ ਲੱਤ ‘ਚ ਗੋਲੀ ਲੱਗੀ ਹੈ ਅਤੇ ਉਸ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।ਪੁਲਿਸ ਵੱਲੋਂ ਹਵਲਦਾਰ ਦਰਸ਼ਨ ਸਿੰਘ ਦਾ ਕਤਲ ਕਰਨ ਵਾਲੇ 4 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਬਰਨਾਲਾ ਪੁਲਿਸ ਨੇ ਇਨ੍ਹਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਦੇ ਕਬਜ਼ੇ ‘ਚੋਂ ਇੱਕ ਪਿਸਤੌਲ ਅਤੇ 2 ਜਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ। ਮੁਲਜ਼ਮਾਂ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ। ਡੀਜੀਪੀ ਨੇ ਦੱਸਿਆ ਕਿ ਛੇਤੀ ਹੀ ਮੁਲਜ਼ਮਾਂਬਾਰੇ ਹੋਰ ਜਾਣਕਾਰੀ ਦਿੱਤੀ ਜਾਵੇਗੀ। ਬਰਨਾਲਾ ਸ਼ਹਿਰ ‘ਚ ਐਤਵਾਰ ਦੇਰ ਰਾਤ ਪੁਲਿਸ ਮੁਲਾਜ਼ਮ ਦਾ ਕਤਲ ਕਰ ਦਿੱਤਾ ਗਿਆ। ਇਹ ਘਟਨਾ ਸ਼ਹਿਰ ਦੇ 25 ਏਕੜ ਏਰੀਏ ਦੀ ਹੈ, ਜਿਥੇ ਰੈਸਟੋਰੈਂਟ ਵਿੱਚ ਕਬੱਡੀ ਖਿਡਾਰੀਆਂ ਅਤੇ ਰੈਸਟੋਰੈਂਟ ਦੇ ਵਰਕਰਾਂ ਵਿੱਚ ਝਗੜਾ ਹੋ ਗਿਆ। ਇਸ ਤੋਂ ਬਾਅਦ ਸਿਟੀ ਵਨ ਦੀ ਪੁਲਿਸ ਮੌਕੇ ’ਤੇ ਪੁੱਜੀ ਤਾਂ ਰੈਸਟੋਰੈਂਟ ‘ਚ ਕਥਿਤ ਲੜਾਈ ਕਰਨ ਵਾਲੇ ਕਬੱਡੀ ਖਿਡਾਰੀਆਂ ਨੂੰ ਕਾਰ ‘ਚ ਬੈਠਣ ਲਈ ਕਿਹਾ ਗਿਆ ਅਤੇ ਪੁਲਿਸ ਮੁਲਾਜ਼ਮਾਂ ਨਾਲ ਉਨ੍ਹਾਂ ਦੀ ਬਹਿਸ ਵੀ ਹੋਈ। ਮੁਲਜ਼ਮਾਂ ਨੇ ਹੌਲਦਾਰ ਦਰਸ਼ਨ ਸਿੰਘ ਦੀ ਕੁੱਟਮਾਰ ਕਰਕੇ ਉਸ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ, ਜਿਸ ਨੂੰ ਸਿਵਲ ਹਸਪਤਾਲ ਬਰਨਾਲਾ ਵਿਖੇ ਦਾਖ਼ਲ ਕਰਵਾਇਆ ਗਿਆ, ਜਿਥੇ ਉਸ ਦੀ ਮੌਤ ਹੋ ਗਈ।



















