ਸਰਕਾਰੀ ਅਧਿਕਾਰੀ ਨੂੰ ਪਰਾਲੀ ਸਾੜਨ ਲਈ ਮਜਬੂਰ ਕਰਨ ਵਾਲਿਆਂ ’ਤੇ FIR ਦਰਜ ਕਰਨ ਦੇ ਹੁਕਮ

ਇਕ ਵੀਡੀਓ ਵਿੱਚ ਕਿਸਾਨਾਂ ਵੱਲੋਂ ਸਰਕਾਰੀ ਕਰਮਚਾਰੀ ਨੂੰ ਪਰਾਲੀ ਸਾੜਨ ਲਈ ਮਜਬੂਰ ਕਰਨ ਦੀ ਘਟਨਾ ਦਾ ਗੰਭੀਰ ਨੋਟਿਸ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਹਨਾਂ ਖਿਲਾਫ਼ ਐਫ.ਆਈ.ਆਰ. ਦਰਜ ਕਰਨ ਦੇ ਹੁਕਮ ਦਿੱਤੇ ਹਨ। ਇਕ ਬਿਆਨ ਵਿੱਚ ਮੁੱਖ ਮੰਤਰੀ ਨੇ ਇਸ ਘਟਨਾ ਦੀ ਸਖ਼ਤ ਨਿਖੇਧੀ ਕਰਦਿਆਂ ਇਸ ਨੂੰ ਸੂਬੇ ਦੇ ਲੋਕਾਂ ਖਿਲਾਫ ਅਣਮਨੁੱਖੀ ਕਾਰਾ ਦੱਸਿਆ। ਮੁੱਖ ਮੰਤਰੀ ਨੇ ਕਿਹਾ ਕਿ ਮਹਾਨ ਗੁਰੂ ਸਾਹਿਬਾਨ ਨੇ ਹਵਾ (ਪਵਨ) ਨੂੰ ਗੁਰੂ, ਪਾਣੀ (ਪਾਣੀ) ਨੂੰ ਪਿਤਾ ਅਤੇ ਜ਼ਮੀਨ (ਧਰਤ) ਨੂੰ ਮਾਤਾ ਦਾ ਦਰਜਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਬੜੇ ਦੁੱਖ ਦੀ ਗੱਲ ਹੈ ਕਿ ਇਸ ਘਟਨਾ ਤੋਂ ਪਤਾ ਲਗਦਾ ਹੈ ਕਿ ਸੂਬੇ ਵਿੱਚ ਲੋਕਾਂ ਵੱਲੋਂ ਮਹਾਨ ਗੁਰੂਆਂ ਦੇ ਸੰਦੇਸ਼ ਦਾ ਸਤਿਕਾਰ ਨਹੀਂ ਕੀਤਾ ਜਾ ਰਿਹਾ।
ਮੁੱਖ ਮੰਤਰੀ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਸੂਬਾ ਸਰਕਾਰ ਇਸ ਘਿਨਾਉਣੀ ਘਟਨਾ ਦੇ ਵਾਪਰਨ ’ਤੇ ਮੂਕ ਦਰਸ਼ਕ ਬਣ ਕੇ ਨਹੀਂ ਬੈਠ ਸਕਦੀ ਅਤੇ ਨਾ ਹੀ ਅਰਾਜਕਤਾ ਫੈਲਾਉਣ ਦੀ ਇਜਾਜ਼ਤ ਦੇ ਸਕਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਅਧਿਕਾਰੀ ਖੇਤਾਂ ਵਿੱਚ ਪਰਾਲੀ ਨਾ ਸਾੜਨ ਦਾ ਸੰਦੇਸ਼ ਲੈ ਕੇ ਗਿਆ ਸੀ ਪਰ ਉਥੇ ਜੁੜੀ ਭੀੜ ਨੇ ਅਧਿਕਾਰੀ ਦੇ ਹੱਥ ਵਿੱਚ ਸੀਖਾਂ ਦੀ ਡੱਬੀ ਫੜਾ ਕੇ ਪਰਾਲੀ ਨੂੰ ਅੱਗ ਲਾਉਣ ਲਈ ਮਜਬੂਰ ਕੀਤਾ ਜਿਸ ਨੂੰ ਕਿਸੇ ਵੀ ਕੀਮਤ ਉਤੇ ਸਹਿਣ ਨਹੀਂ ਕੀਤਾ ਜਾ ਸਕਦਾ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਪੁਲਿਸ ਨੂੰ ਇਸ ਮੰਦਭਾਗੀ ਘਟਨਾ ਵਿੱਚ ਸ਼ਾਮਲ ਲੋਕਾਂ ਦੀ ਸ਼ਨਾਖ਼ਤ ਕਰਕੇ ਕੇਸ ਕਰਨ ਲਈ ਆਖਿਆ ਹੈ।

Total Views: 255 ,
Real Estate