ਸ਼੍ਰੋਮਣੀ ਕਮੇਟੀ ਦੇ ਵਫ਼ਦ ਵੱਲੋਂ ਗੁਰਦੁਆਰਾ ਚੋਣ ਕਮਿਸ਼ਨਰ ਨਾਲ ਮੁਲਾਕਾਤ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਅੱਜ ਇਕ ਵਫਦ ਨੇ ਮੁੱਖ ਕਮਿਸ਼ਨਰ ਗੁਰਦੁਆਰਾ ਚੋਣਾਂ ਜਸਟਿਸ (ਸੇਵਾਮੁਕਤ) ਐੱਸਐੱਸ ਸਾਰੋਂ ਨਾਲ ਮੁਲਾਕਾਤ ਕਰ ਕੇ ਸ਼੍ਰੋਮਣੀ ਕਮੇਟੀ ਦੀਆਂ ਜਨਰਲ ਚੋਣਾਂ ਲਈ ਵੋਟਾਂ ਬਣਾਉਣ ਦੀ ਪ੍ਰਕਿਰਿਆ ਸਰਲ ਕਰਨ ਦੇ ਨਾਲ-ਨਾਲ ਇਸ ਦੇ ਸਮੇਂ ਵਿਚ ਵਾਧਾ ਕਰਨ ਦੀ ਮੰਗ ਕੀਤੀ। ਵਫ਼ਦ ਵਿੱਚ ਭਾਈ ਰਾਜਿੰਦਰ ਸਿੰਘ ਮਹਤਿਾ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸੁਰਜੀਤ ਸਿੰਘ ਭਿੱਟੇਵੱਡ, ਸਤਵਿੰਦਰ ਸਿੰਘ ਟੌਹੜਾ, ਭੁਪਿੰਦਰ ਸਿੰਘ ਭਲਵਾਨ ਅਤੇ ਮੀਤ ਸਕੱਤਰ ਲਖਬੀਰ ਸਿੰਘ ਸ਼ਾਮਲ ਸਨ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੀਆਂ ਜਨਰਲ ਚੋਣਾਂ ਲਈ ਵੋਟਾਂ ਬਣਾਉਣ ਵਾਸਤੇ ਆਰੰਭੀ ਗਈ ਪ੍ਰਕਿਰਿਆ ਵਿੱਚ ਸਿੱਖ ਸੰਗਤ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਬਾਰੇ ਜਸਟਿਸ ਐੱਸਐੱਸ ਸਾਰੋਂ ਨਾਲ ਮੁਲਾਕਾਤ ਕੀਤੀ ਗਈ ਹੈ। ਉਨ੍ਹਾਂ ਮੁੱਖ ਕਮਿਸ਼ਨਰ ਕੋਲੋਂ ਵੋਟ ਬਣਾਉਣ ਦੀ ਪ੍ਰਕਿਰਿਆ ਸਰਲ ਕਰਨ ਵਾਸਤੇ ਵੋਟਰ ਫਾਰਮ ਦੇ ਨਾਲ ਸ਼ਨਾਖ਼ਤੀ ਦਸਤਾਵੇਜ਼ ਦੀ ਫੋਟੋਕਾਪੀ ਲਗਾਉਣ ਦੀ ਥਾਂ ਫਾਰਮ ਵਿੱਚ ਸਿਰਫ ਆਧਾਰ/ਵੋਟਰ ਕਾਰਡ ਦਾ ਨੰਬਰ ਲਿਖਣ ਅਤੇ ਸਮੂਹਿਕ ਤੌਰ ’ਤੇ ਵੋਟਰ ਫਾਰਮ ਜਮ੍ਹਾਂ ਕਰਵਾਉਣ ਨੂੰ ਪ੍ਰਵਾਨਗੀ ਦੇਣ ਦੀ ਮੰਗ ਕੀਤੀ ਹੈ। ਇਸੇ ਤਰ੍ਹਾਂ ਵੋਟਾਂ ਬਣਾਉਣ ਲਈ 21 ਅਕਤੂਬਰ ਤੋਂ 15 ਨਵੰਬਰ ਤੱਕ ਦਾ ਸਮਾਂ ਬਹੁਤ ਘੱਟ ਹੋਣ ਕਰਕੇ ਇਸ ਵਿੱਚ ਵਾਧਾ ਅਤੇ ਬੂਥ ਪੱਧਰ ’ਤੇ ਵਿਸ਼ੇਸ਼ ਕੈਂਪ ਲਾਉਣ ਦੀ ਮੰਗ ਕੀਤੀ ਗਈ। ਉਨ੍ਹਾਂ ਕਿਹਾ ਕਿ ਵੋਟ ਬਣਾਉਣ ਵਾਲੇ ਫਾਰਮ ਵਿੱਚ ਅਨੁਸੂਚਤਿ ਜਾਤੀਆਂ ਵਾਲਾ ਕਾਲਮ ਬੇਮਾਇਨਾ ਹੈ, ਇਸ ਨੂੰ ਖ਼ਤਮ ਕੀਤਾ ਜਾਵੇ।

Total Views: 147 ,
Real Estate