ਪੰਜਾਬ ਸਰਕਾਰ ਨੇ ਪੰਜ ਨਗਰ ਨਿਗਮਾਂ ਅਤੇ 41 ਨਗਰ ਕੌਂਸਲਾਂ ਦੀਆਂ ਚੋਣਾਂ ਅਗਲੇ ਸਾਲ ਜਨਵਰੀ ਵਿੱਚ ਕਰਵਾਉਣ ਦਾ ਫ਼ੈਸਲਾ ਕੀਤਾ ਹੈ। ‘ਆਪ’ ਸਰਕਾਰ ਨੇ ਨਗਰ ਕੌਂਸਲ ਚੋਣਾਂ ਤੋਂ ਤੁਰੰਤ ਬਾਅਦ ਪੰਚਾਇਤੀ ਚੋਣਾਂ ਕਰਾਏ ਜਾਣ ਦੀ ਰੂਪ-ਰੇਖਾ ਉਲੀਕੀ ਹੈ। ਸੂਬਾ ਚੋਣ ਕਮਿਸ਼ਨ ਵੱਲੋਂ ਜਲਦ ਹੀ ਤਰੀਕਾਂ ਦਾ ਐਲਾਨ ਕੀਤਾ ਜਾਵੇਗਾ। ਉਸ ਤੋਂ ਪਹਿਲਾਂ ਪੰਜਾਬ ਦੇ 13 ਲੋਕ ਸਭਾ ਹਲਕਿਆਂ ਵਿਚ ‘ਆਪ’ ਸਰਕਾਰ ਵੱਲੋਂ ਰੈਲੀਆਂ ਕੀਤੀਆਂ ਜਾਣਗੀਆਂ ਤਾਂ ਜੋ ਚੋਣਾਂ ਤੋਂ ਪਹਿਲਾਂ ਸਿਆਸੀ ਭਾਰ ਤੋਲਿਆ ਜਾ ਸਕੇ। ਅੰਮ੍ਰਿਤਸਰ ਅਤੇ ਪਟਿਆਲਾ ਵਿਚ ਪਹਿਲਾਂ ਹੀ ਇਹ ਪ੍ਰੋਗਰਾਮ ਹੋ ਚੁੱਕੇ ਹਨ ਜਦੋਂਕਿ ਭਲਕੇ ਹੁਸ਼ਿਆਰਪੁਰ ਹਲਕੇ ਵਿਚ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਸਮਾਗਮਾਂ ਵਿਚ ਸ਼ਮੂਲੀਅਤ ਕਰ ਰਹੇ ਹਨ। ਵੇਰਵਿਆਂ ਅਨੁਸਾਰ ਹੁਸ਼ਿਆਰਪੁਰ ਤੋਂ ਬਾਅਦ ਗੁਰਦਾਸਪੁਰ ਲੋਕ ਸਭਾ ਹਲਕੇ ਵਿਚ ਵੱਡੀ ਸਿਆਸੀ ਰੈਲੀ ਕੀਤੀ ਜਾਣੀ ਹੈ। ਸੰਗਰੂਰ ਲੋਕ ਸਭਾ ਹਲਕੇ ਦੀ ਰੈਲੀ ਧੂਰੀ ਵਿਚ ਹੋਵੇਗੀ। ਇਸੇ ਤਰ੍ਹਾਂ 20 ਦਸੰਬਰ ਤੱਕ ਸਾਰੇ ਲੋਕ ਸਭਾ ਹਲਕਿਆਂ ਵਿਚ ਪ੍ਰੋਗਰਾਮ ਕੀਤੇ ਜਾਣੇ ਹਨ। ਮੁੱਖ ਮੰਤਰੀ ਨੇ ਪਹਿਲਾਂ ਹੀ ਐਲਾਨ ਕੀਤਾ ਹੈ ਕਿ ਸ਼ਹੀਦੀ ਸਪਤਾਹ ਕਰਕੇ 20 ਦਸੰਬਰ ਤੋਂ 30 ਦਸੰਬਰ ਤੱਕ ਕੋਈ ਸਰਕਾਰੀ ਸਮਾਗਮ ਕਿਧਰੇ ਵੀ ਨਹੀਂ ਕਰਵਾਏ ਜਾਣਗੇ। ਅਹਿਮ ਸੂਤਰਾਂ ਨੇ ਦੱਸਿਆ ਕਿ ਲੋਹੜੀ ਤੋਂ ਬਾਅਦ ਨਗਰ ਕੌਂਸਲ ਚੋਣਾਂ ਹੋਣ ਦੀ ਸੰਭਾਵਨਾ ਹੈ ਜਿਸ ਦੀ ਤਿਆਰੀ ਮੁਕੰਮਲ ਹੋ ਚੁੱਕੀ ਹੈ। ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨੇ ਦੱਸਿਆ ਕਿ ਨਗਰ ਕੌਂਸਲ ਅਤੇ ਪੰਚਾਇਤੀ ਚੋਣਾਂ ਦਾ ਐਲਾਨ ਜਲਦੀ ਹੀ ਕਰ ਦਿੱਤਾ ਜਾਵੇਗਾ ਅਤੇ ਇਹ ਚੋਣਾਂ ਇੱਕ ਦੂਸਰੇ ਤੋਂ ਥੋੜ੍ਹੇ ਵਕਫ਼ੇ ਵਿਚ ਹੀ ਕਰਵਾਈਆਂ ਜਾਣਗੀਆਂ। ਪੰਜਾਬ ਸਰਕਾਰ ਨੇ ਪਹਿਲਾਂ 15 ਨਵੰਬਰ ਤੱਕ ਚੋਣਾਂ ਕਰਾਏ ਜਾਣ ਦੀ ਤਰੀਕ ਤੈਅ ਕੀਤੀ ਸੀ ਪਰ ਅਜਿਹਾ ਸੰਭਵ ਨਹੀਂ ਹੋ ਸਕਿਆ ਸੀ। ਸਥਾਨਕ ਸਰਕਾਰਾਂ ਵਿਭਾਗ ਵੱਲੋਂ ਇਨ੍ਹਾਂ ਚੋਣਾਂ ਨੂੰ ਲੈ ਕੇ ਨੋਟੀਫ਼ਿਕੇਸ਼ਨ ਪਹਿਲਾਂ ਹੀ ਜਾਰੀ ਕੀਤਾ ਜਾ ਚੁੱਕਾ ਹੈ ਅਤੇ ਹੁਣ ਸਟੇਟ ਚੋਣ ਕਮਿਸ਼ਨ ਵੱਲੋਂ ਤਰੀਕਾਂ ਦਾ ਐਲਾਨ ਕੀਤਾ ਜਾਵੇਗਾ। ਨਗਰ ਨਿਗਮਾਂ ’ਚੋਂ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਪਟਿਆਲਾ ਅਤੇ ਫਗਵਾੜਾ ਨਗਰ ਨਿਗਮ ਦੀ ਚੋਣ ਹੋਵੇਗੀ। ਫਗਵਾੜਾ ਦੀ ਪਹਿਲੀ ਚੋਣ ਹੋਣੀ ਹੈ ਜਦੋਂਕਿ ਬਾਕੀ ਚਾਰ ਨਿਗਮਾਂ ਦੀ ਮਿਆਦ ਜਨਵਰੀ 2023 ਵਿਚ ਹੀ ਖ਼ਤਮ ਹੋ ਚੁੱਕੀ ਹੈ। ਇਨ੍ਹਾਂ ਨਿਗਮਾਂ ਦੀ ਵਾਰਡਬੰਦੀ ਦਾ ਕੰਮ ਮੁਕੰਮਲ ਹੋ ਚੁੱਕਾ ਹੈ। ‘ਆਪ’ ਸਰਕਾਰ ਲਈ ਇਹ ਚੋਣਾਂ ਪ੍ਰੀਖਿਆ ਬਣਨਗੀਆਂ। ਚੋਣਾਂ ਦੀ ਤਿਆਰੀ ਵਜੋਂ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਜਲੰਧਰ, ਅੰਮ੍ਰਿਤਸਰ ਅਤੇ ਲੁਧਿਆਣਾ ਵਿਚ ‘ਸਰਕਾਰ-ਸਨਅਤਕਾਰ ਮਿਲਣੀ’ ਪ੍ਰੋਗਰਾਮ ਕੀਤੇ ਹਨ। ਆਮ ਆਦਮੀ ਪਾਰਟੀ ਵੱਲੋਂ ਵੱਡੇ ਸ਼ਹਿਰਾਂ ਵਿਚ ਚੋਣਾਂ ਦੀ ਤਿਆਰੀ ਵਜੋਂ ਟੀਮਾਂ ਦਾ ਗਠਨ ਕੀਤਾ ਜਾ ਚੁੱਕਾ ਹੈ।
ਜਨਵਰੀ ਵਿੱਚ ਨਿਗਮ ਤੇ ਕੌਂਸਲ ਚੋਣਾਂ
Total Views: 288 ,
Real Estate



















