ਵਿਜੀਲੈਂਸ ਬਿਊਰੋ ਪੰਜਾਬ ਨੇ ਤਾਪ ਬਿਜਲੀ ਘਰਾਂ ਅਤੇ ਸੂਰਜੀ ਊਰਜਾ ਦੇ ‘ਬਿਜਲੀ ਖ਼ਰੀਦ ਸਮਝੌਤਿਆਂ’ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ। ਪਾਵਰਕੌਮ ਨੇ ਬਿਜਲੀ ਖ਼ਰੀਦ ਸਮਝੌਤਿਆਂ ਨਾਲ ਸਬੰਧਤ ਸਾਰਾ ਰਿਕਾਰਡ ਵਿਜੀਲੈਂਸ ਨੂੰ ਸੌਂਪ ਦਿੱਤਾ ਹੈ। ਜਾਣਕਾਰੀ ਮੁਤਾਬਕ ਵਿਜੀਲੈਂਸ ਨੇ ਮਾਮਲੇ ਦੇ ਤਕਨੀਕੀ ਪੱਖਾਂ ਨੂੰ ਸਮਝਣ ਲਈ ਬਿਜਲੀ ਮਾਹਿਰਾਂ ਦਾ ਸਹਿਯੋਗ ਲੈਣਾ ਸ਼ੁਰੂ ਕੀਤਾ ਹੈ। ਅਕਾਲੀ-ਭਾਜਪਾ ਗੱਠਜੋੜ ਸਰਕਾਰ ਸਮੇਂ ਸਾਲ 2007-17 ਦੌਰਾਨ ਤਾਪ ਬਿਜਲੀ ਘਰਾਂ ਨਾਲ ਹੋਏ ਬਿਜਲੀ ਖ਼ਰੀਦ ਸਮਝੌਤਿਆਂ ਨੂੰ ਲੈ ਕੇ ਤਤਕਾਲੀ ਸਿਆਸਤਦਾਨ ਵੀ ਹੁਣ ਵਿਜੀਲੈਂਸ ਦੇ ਨਿਸ਼ਾਨੇ ’ਤੇ ਆ ਗਏ ਹਨ। ਚੇਤੇ ਰਹੇ ਕਿ ਚੰਨੀ ਹਕੂਮਤ ਨੇ ਵੀ 11 ਨਵੰਬਰ, 2021 ਨੂੰ ਇਨ੍ਹਾਂ ਸਮਝੌਤਿਆਂ ਦੀ ਜਾਂਚ ਮੁੱਖ ਵਿਜੀਲੈਂਸ ਕਮਿਸ਼ਨਰ ਜਸਟਿਸ (ਰਿਟਾਇਰਡ) ਮਹਿਤਾਬ ਸਿੰਘ ਗਿੱਲ ਤੋਂ ਕਰਾਉਣ ਦਾ ਐਲਾਨ ਕੀਤਾ ਸੀ ਅਤੇ ਉਨ੍ਹਾਂ 3 ਦਸੰਬਰ, 2021 ਨੂੰ ਇਨ੍ਹਾਂ ਸਮਝੌਤਿਆਂ ਨਾਲ ਸਬੰਧਤ ਰਿਕਾਰਡ ਤਲਬ ਕੀਤਾ ਸੀ। ਇਹ ਜਾਂਚ ਕਿਸੇ ਤਣ-ਪੱਤਣ ਨਹੀਂ ਲੱਗੀ ਸੀ। ਹੁਣ ਵਿਜੀਲੈਂਸ ਬਿਊਰੋ ਜਸਟਿਸ ਗਿੱਲ ਵੱਲੋਂ ਕੀਤੀ ਜਾਂਚ ਦੇ ਤੱਥ ਵੀ ਵੇਖੇਗੀ। ਗੋਇੰਦਵਾਲ ਥਰਮਲ ਪਲਾਂਟ ਪਾਵਰਕੌਮ ਵੱਲੋਂ ਖ਼ਰੀਦੇ ਜਾਣ ਕਰਕੇ ਇਹ ਥਰਮਲ ਜਾਂਚ ਦੇ ਘੇਰੇ ਤੋਂ ਬਾਹਰ ਹੋ ਗਿਆ ਹੈ।
ਬਿਜਲੀ ਸਮਝੌਤੇ: ਵਿਜੀਲੈਂਸ ਵੱਲੋਂ ਪੜਤਾਲ ਸ਼ੁਰੂ
Total Views: 474 ,
Real Estate



















