ਜ਼ਹਿਰੀਲੀ ਸ਼ਰਾਬ ਕਾਰਨ ਮੌਤਾਂ: ਚੋਣ ਕਮਿਸ਼ਨ ਨੇ ਪੰਜਾਬ ਕੋਲੋਂ ਰਿਪੋਰਟ ਮੰਗੀ

ਪੰਜਾਬ ਦੇ ਸੰਗਰੂਰ ਜ਼ਿਲ੍ਹੇ ਦੇ ਦਿੜ੍ਹਬਾ ਤੇ ਸੁਨਾਮ ਬਲਾਕ ਵਿੱਚ ਕਥਿਤ ਜ਼ਹਿਰੀਲੀ ਸ਼ਰਾਬ ਪੀਣ ਦੇ ਮਾਮਲੇ ਵਿੱਚ ਮ੍ਰਿਤਕਾਂ ਦੀ ਕੁੱਲ ਗਿਣਤੀ 21 ਹੋ ਗਈ ਹੈ। ਉਧਰ, ਭਾਰਤੀ ਚੋਣ ਕਮਿਸ਼ਨ ਨੇ ਇਸ ਪੂਰੇ ਮਾਮਲੇ ’ਤੇ ਅੱਜ ਪੰਜਾਬ ਸਰਕਾਰ ਦੇ ਮੁੱਖ ਸਕੱਤਰ ਅਤੇ ਡੀਜੀਪੀ ਤੋਂ ਫੌਰੀ ਰਿਪੋਰਟ ਮੰਗ ਲਈ ਹੈ।ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਰਾਹੀਂ ਸੂਬੇ ਦੇ ਮੁੱਖ ਸਕੱਤਰ ਅਤੇ ਪੰਜਾਬ ਦੇ ਡੀਜੀਪੀ ਨੂੰ ਪੱਤਰ ਲਿਖਿਆ ਹੈ। ਚੋਣ ਕਮਿਸ਼ਨ ਨੇ ਪੱਤਰ ਵਿੱਚ ਕਿਹਾ ਕਿ ਸੰਗਰੂਰ ਜ਼ਿਲ੍ਹੇ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਹੁਣ ਤੱਕ ਲਗਪਗ 21 ਮੌਤਾਂ ਹੋ ਚੁੱਕੀਆਂ ਹਨ, ਜਦੋਂਕਿ ਇੰਨੇ ਹੀ ਲੋਕ ਸੰਗਰੂਰ ਤੇ ਪਟਿਆਲਾ ਜ਼ਿਲ੍ਹੇ ਦੇ ਵੱਖ-ਵੱਖ ਹਸਪਤਾਲਾਂ ਵਿੱਚ ਜ਼ੇਰੇ ਇਲਾਜ ਹਨ। ਉਨ੍ਹਾਂ ਸਮੁੱਚੇ ਘਟਨਾਕ੍ਰਮ ਬਾਰੇ ਮੁੱਢਲੀ ਵਿਸਥਾਰਿਤ ਰਿਪੋਰਟ ਅੱਜ ਹੀ ਫੌਰੀ ਦੇਣ ਦੇ ਹੁਕਮ ਦਿੱਤੇ ਹਨ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ਕਿਹਾ ਕਿ ਇਸ ਸਬੰਧੀ ਰਿਪੋਰਟ ਮਿਲਣ ਮਗਰੋਂ ਫੌਰੀ ਭਾਰਤੀ ਚੋਣ ਕਮਿਸ਼ਨ ਨੂੰ ਜਾਣੂੰ ਕਰਵਾਇਆ ਜਾਵੇਗਾ।

Total Views: 170 ,
Real Estate