ਮੀਂਹ ਤੇ ਝੱਖੜ ਕਾਰਨ ਕਣਕਾਂ ਦਾ ਨੁਕਸਾਨ

ਪੰਜਾਬ ਦੇ ਬਹੁਤੇ ਹਿੱਸਿਆਂ ’ਚ ਪਏ ਮੀਂਹ ਤੇ ਗੜਿਆਂ ਅਤੇ ਚੱਲੀਆਂ ਤੇਜ਼ ਹਵਾਵਾਂ ਨੇ ਕਿਸਾਨਾਂ ਨੂੰ ਫਿਕਰਾਂ ਵਿੱਚ ਪਾ ਦਿੱਤਾ ਹੈ। ਮੀਂਹ ਪੈਣ ਅਤੇ ਤੇਜ਼ ਹਵਾਵਾਂ ਕਾਰਨ ਕਈ ਜ਼ਿਲ੍ਹਿਆਂ ’ਚ ਕਣਕ ਦੀ ਫਸਲ ਖੇਤਾਂ ਵਿੱਚ ਵਿਛ ਗਈ ਹੈ ਜਿਸ ਨਾਲ ਕਿਸਾਨਾਂ ਨੂੰ ਝਾੜ ਘਟਣ ਦਾ ਖਦਸ਼ਾ ਹੈ। ਕਈ ਥਾਵਾਂ ’ਤੇ ਗੜੇ ਪੈਣ ਕਾਰਨ ਵੀ ਫਸਲਾਂ ਦਾ ਨੁਕਸਾਨ ਹੋਇਆ ਹੈ। ਮਿਲੀ ਜਾਣਕਾਰੀ ਅਨੁਸਾਰ ਮੀਂਹ ਤੇ ਝੱਖੜ ਕਾਰਨ ਪੰਜਾਬ ਦੇ ਸ੍ਰੀ ਮੁਕਤਸਰ ਸਾਹਿਬ, ਬਠਿੰਡਾ, ਸੰਗਰੂਰ, ਮਾਨਸਾ, ਲੁਧਿਆਣਾ, ਜਲੰਧਰ ਤੇ ਅੰਮ੍ਰਿਤਸਰ ਤੇ ਹੋਰਨਾਂ ਕਈ ਜ਼ਿਲ੍ਹਿਆਂ ਵਿੱਚ ਕਣਕ ਦੀ ਫ਼ਸਲ ਖੇਤਾਂ ਵਿੱਚ ਵਿਛ ਗਈ ਹੈ ਅਤੇ ਫਸਲਾਂ ਦੀ ਵਾਢੀ ਨੇੜੇ ਆਉਣ ਸਮੇਂ ਪਏ ਮੀਂਹ ਨੇ ਕਿਸਾਨਾਂ ਦੇ ਸਾਹ ਸੁਕਾ ਦਿੱਤੇ ਹਨ। ਮੌਸਮ ਵਿਭਾਗ ਨੇ ਅਗਲੇ ਤਿੰਨ-ਚਾਰ ਦਿਨ ਮੌਸਮ ਸਾਫ ਰਹਿਣ ਦੀ ਪੇਸ਼ੀਨਗੋਈ ਕੀਤੀ ਹੈ। ਜਾਣਕਾਰੀ ਅਨੁਸਾਰ ਲੰਘੀ ਸ਼ਾਮ ਤੋਂ ਤੇਜ਼ ਹਵਾਵਾਂ ਚੱਲ ਰਹੀਆਂ ਸਨ। ਉਸ ਤੋਂ ਬਾਅਦ ਦੇਰ ਰਾਤ ਝੱਖੜ ਦੇ ਨਾਲ ਪਏ ਤੇਜ਼ ਮੀਂਹ ਅਤੇ ਕਈ ਥਾਵਾਂ ’ਤੇ ਗੜੇ ਪੈਣ ਕਾਰਨ ਫਸਲਾਂ ਦਾ ਨੁਕਸਾਨ ਹੋਇਆ ਹੈ। ਮੌਸਮ ਵਿਭਾਗ ਅਨੁਸਾਰ ਲੰਘੀ ਰਾਤ 40 ਤੋਂ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲੀਆਂ ਹਨ। ਇਸ ਦੇ ਨਾਲ ਹੀ ਜ਼ਿਲ੍ਹਾ ਪਟਿਆਲਾ ਦੇ ਰਾਜਪੁਰਾ ਤੇ ਹਰਿਆਣਾ ਦੇ ਨਾਲ ਲਗਦੇ ਜ਼ਿਲ੍ਹਿਆਂ ਵਿੱਚ ਕਈ ਥਾਵਾਂ ’ਤੇ ਵੀ ਗੜੇ ਪਏ ਹਨ। ਬਠਿੰਡਾ ਦੇ ਇੱਕ ਕਿਸਾਨ ਨੇ ਕਿਹਾ ਕਿ ਬੇਮੌਸਮੇ ਮੀਂਹ ਕਾਰਨ ਉਨ੍ਹਾਂ ਦੀ ਕਣਕ ਦਾ ਝਾੜ ਪ੍ਰਭਾਵਿਤ ਹੋਵੇਗਾ।

Total Views: 113 ,
Real Estate