ਲੋਕ ਸਭਾ ਚੋਣਾਂ ‘ਚ ਤਿੰਨ ਪਾਰਟੀਆਂ ਦੇ ਪ੍ਰਧਾਨਾਂ ਦਾ ਭਵਿੱਖ ਦਾਅ ‘ਤੇ ਲੱਗਿਆ

ਪੰਜ ਮੌਜੂਦਾ ਮੰਤਰੀਆਂ ਦੀ ਕਿਸਮਤ ਵੀ ਮਸ਼ੀਨਾਂ ਵਿਚ ਬੰਦ

ਵੀਰਪਾਲ ਭਗਤਾ, ਭਗਤਾ ਭਾਈਕਾ- ਦੇਸ਼ ਭਰ ਵਿਚ ਹੋਈਆਂ ਲੋਕ ਸਭਾ ਚੋਣਾਂ ਦੌਰਾਨ ਪੰਜਾਬ ਦੇ ਚੋਣ ਮਹੌਲ ਵਿਚ ਸਰਗਰਮ ਵੱਖ-ਵੱਖ ਰਾਜਨੀਤਕ ਪਾਰਟੀਆਂ ਦੇ ਸੂਬਾ ਪ੍ਰਧਾਨਾਂ ਵਿਚੋਂ ਤਿੰਨ ਪਾਰਟੀਆਂ ਦੇ ਪ੍ਰਧਾਨ ਚੋਣ ਮੈਦਾਨ ਵਿਚ ਕੁੱਦੇ ਹੋਏ ਹਨ। ਇਨ੍ਹਾਂ ਵਿਚ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਅਤੇ ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਸ਼ਾਮਿਲ ਹਨ। ਜਿਸ ਕਰਕੇ ਇਨ੍ਹਾਂ ਤਿੰਨੋਂ ਪ੍ਰਧਾਨਾਂ ਦਾ ਸਿਆਸੀ ਭਵਿੱਖ ਪੂਰੀ ਤਰ੍ਹਾਂ ਦਾਅ ‘ਤੇ ਲੱਗਾ ਹੋਇਆ ਹੈ। ਇਸ ਚੋਣ ਲਈ ਪੰਜਾਬ ਦੇ ਪੰਜ ਮੌਜੂਦਾ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਕੁਲਦੀਪ ਸਿੰਘ ਧਾਲੀਵਾਲ, ਗੁਰਮੀਤ ਸਿੰਘ ਮੀਤ ਹੇਅਰ, ਡਾ. ਬਲਵੀਰ ਸਿੰਘ ਅਤੇ ਲਾਲਜੀਤ ਸਿੰਘ ਭੁੱਲਰ ਦੀ ਕਿਸਮਤ ਵੀ ਮਸ਼ੀਨਾਂ ਵਿਚ ਬੰਦ ਹੋ ਚੁੱਕੀ ਹੈ। ਇੰਨ੍ਹਾਂ ਮੰਤਰੀ ਲਈ ਚੋਣ ਜਿੱਤਣਾ ਵੀ ਵਕਾਰ ਦਾ ਸਵਾਲ ਬਣ ਗਿਆ ਹੈ।
ਪੰਜਾਬ ਦੇ 13 ਲੋਕ ਸਭਾ ਹਲਕਿਆਂ ਲਈ 328 ਉਮੀਦਵਾਰਾਂ ਦੀ ਕਿਸਮਤ ਵੋਟਿੰਗ ਮਸ਼ੀਨਾਂ ਵਿਚ ਬੰਦ ਹੋ ਚੁੱਕੀ ਹੈ, ਜਿਸ ਕਰਕੇ ਸੋਸਲ ਮੀਡੀਆਂ ਤੇ ਗੀਤ “ ਨੀ ਕਿਸਮਤ ਚੰਦਰੀ ਬੰਦ ਪਈ ਹੈ ਵਿਚ ਮਸ਼ੀਨਾਂ ਦੇ“ ਚਰਚੇ ਹੋ ਰਹੇ ਹਨ।
ਇਸ ਵਾਰ ਕਾਂਗਰਸ ਵੱਲੋਂ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਲੋਕ ਸਭਾ ਹਲਕਾ ਲੁਧਿਆਣਾ ਤੋਂ ਚੋਣ ਮੈਦਾਨ ਵਿਚ ਉਤਾਰਿਆ ਗਿਆ ਹੈ, ਉਹ ਪਿਛਲੀ ਵਾਰ ਬਠਿੰਡਾ ਲੋਕ ਸਭਾ ਹਲਕੇ ਤੋਂ ਕਾਂਗਰਸ ਦੇ ਉਮੀਦਵਾਰ ਸਨ ਪਰ ਅਕਾਲੀ ਉਮੀਦਵਾਰ ਹਰਸਿਮਰਤ ਕੌਰ ਬਾਦਲ ਹੱਥੋਂ ਚੋਣ ਹਾਰ ਗਏ ਸਨ। ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਲੋਕ ਸਭਾ ਹਲਕਾ ਸੰਗਰੂਰ ਤੋਂ ਇਸ ਵਾਰ ਮੁੜ ਕਿਸ਼ਮਤ ਅਜ਼ਮਾਈ ਕਰ ਰਹੇ ਹਨ। ਉਹ ਸੰਨ 2022 ਵਿਚ ਹੋਈ ਲੋਕ ਸਭਾ ਹਲਕਾ ਸੰਗਰੂਰ ਦੀ ਜ਼ਿਮਨੀ ਚੋਣ ਵਿੱਚ ਜੇਤੂ ਰਹੇ ਸਨ। ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਲੋਕ ਸਭਾ ਹਲਕਾ ਸ਼੍ਰੀ ਅਨੰਦਪੁਰ ਸਾਹਿਬ ਤੋਂ ਚੋਣ ਮੈਦਾਨ ਵਿਚ ਨਿੱਤਰੇ ਹੋਏ ਹਨ। ਜਦਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਜੋ ਕਿ ਪਿਛਲੀਆਂ ਲੋਕ ਸਭਾ ਚੋਣਾਂ ਵਿੱਚ ਫਿਰੋਜ਼ਪੁਰ ਹਲਕੇ ਤੋਂ ਜੇਤੂ ਰਹੇ ਸਨ, ਪਰ ਇਸ ਵਾਰ ਉਹ ਚੋਣ ਨਹੀਂ ਲੜੇ। ਪਿਛਲੀਆਂ 2019 ਦੀਆਂ ਲੋਕ ਸਭਾ ਚੋਣਾਂ ਦੌਰਾਨ ਸੱਤ ਰਾਜਨੀਤਕ ਪਾਰਟੀਆਂ ਦੇ ਸੂਬਾ ਪ੍ਰਧਾਨਾਂ ਨੇ ਵੱਖ-ਵੱਖ ਹਲਕਿਆਂ ਤੋਂ ਆਪਣੀ ਕਿਸਮਤ ਅਜ਼ਮਾਈ ਸੀ ਪਰ ਇਨ੍ਹਾਂ ਵਿਚੋਂ ਸਿਰਫ਼ ਦੋ ਪਾਰਟੀਆਂ ਦੇ ਪ੍ਰਧਾਨ ਹੀ ਸੰਸਦ ਦੀਆਂ ਪੌੜੀਆਂ ਚੜ੍ਹ ਸਕਣ ਵਿਚ ਸਫਲ ਹੋਏ। ਇਨ੍ਹਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਆਮ ਆਦਮੀ ਪਾਰਟੀ ਦੇ ਪ੍ਰਧਾਨ ਭਗਵੰਤ ਮਾਨ ਸਨ। ਜਦਕਿ ਕਾਂਗਰਸ ਦੇ ਤਤਕਾਲੀ ਪ੍ਰਧਾਨ ਸੂਬਾ ਪ੍ਰਧਾਨ ਸੁਨੀਲ ਕੁਮਾਰ ਜਾਖੜ ਅਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਤੋਂ ਇਲਾਵਾ ਉਸ ਸਮੇਂ ਸੂਬੇ ਦੀ ਸਿਆਸਤ ‘ਚ ਸਰਗਰਮ ਤਿੰਨ ਪਾਰਟੀਆਂ ਪੰਜਾਬ ਏਕਤਾ ਪਾਰਟੀ ਦੇ ਸੂਬਾ ਪ੍ਰਧਾਨ ਸੁਖਪਾਲ ਸਿੰਘ ਖਹਿਰਾ, ਲੋਕ ਇਨਸਾਫ ਪਾਰਟੀ ਦੇ ਸੂਬਾ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਅਤੇ ਨਵਾਂ ਪੰਜਾਬ ਪਾਰਟੀ ਦੇ ਪ੍ਰਧਾਨ ਡਾ. ਧਰਮਵੀਰ ਗਾਂਧੀ ਚੋਣ ਹਾਰ ਗਏ ਸਨ। ਜਦ ਕਿ ਇਸ ਵਾਰ ਸੁਖਪਾਲ ਸਿੰਘ ਖਹਿਰਾ, ਸਿਮਰਜੀਤ ਸਿੰਘ ਬੈਂਸ ਅਤੇ ਡਾ. ਧਰਮਵੀਰ ਗਾਂਧੀ ਕਾਂਗਰਸ ਵਿਚ ਸਾਮਿਲ ਹੋ ਚੁੱਕੇ ਹਨ। ਇੰਨ੍ਹਾਂ ਲੋਕ ਸਭਾ ਚੋਣਾਂ ਦੌਰਾਨ ਕਾਂਗਰਸ ਵੱਲੋਂ ਸੁਖਪਾਲ ਸਿੰਘ ਖਹਿਰਾ ਲੋਕ ਸਭਾ ਹਲਕਾ ਸੰਗਰੂਰ ਅਤੇ ਡਾ. ਧਰਮਵੀਰ ਗਾਂਧੀ ਲੋਕ ਸਭਾ ਹਲਕਾ ਪਟਿਆਲਾ ਤੋਂ ਚੋਣ ਮੈਦਾਨ ਵਿਚ ਸਨ। ਲੋਕ ਸਭਾ ਚੋਣਾਂ ਦੇ ਨਤੀਜੇ ਭਾਵੇਂ 4 ਜੂਨ ਨੂੰ ਆਉਣੇ ਹਨ ਪਰ ਵੱਖ ਵੱਖ ਉਮੀਦਵਾਰਾਂ ਦੇ ਸਮੱਰਥਕ ਆਪੋ ਆਪਣੀ ਪਾਰਟੀ ਦੀ ਜਿੱਤ ਦੇ ਦਾਅਵੇ ਕਰ ਰਹੇ ਹਨ।
ਲੋਕ ਸਭਾ ਚੋਣਾਂ ਦੇ ਨਤੀਜੇ ਅਗਲੀਆਂ ਵਿਧਾਨ ਸਭਾ ਸਬੰਧੀ ਸਿਆਸੀ ਪਾਰਟੀਆਂ ਦਾ ਭਵਿੱਖ ਵੀ ਤੈਅ ਕਰਨਗੇ। ਸਿਆਸੀ ਲੋਕਾਂ ਵਿਚ ਇਹ ਵੀ ਚਰਚਾ ਹੈ ਲੋਕ ਸਭਾ ਸੀਟਾਂ ਦੀ ਜਿੱਤ ਹਾਰ ਦੇ ਨਾਲ ਨਾਲ ਵਿਧਾਨ ਸਭਾ ਹਲਕਿਆਂ ਵਿਚ ਕਿਸ ਪਾਰਟੀ ਨੂੰ ਕਿੰਨ੍ਹੇ ਅਤੇ ਕਿਹੜੇ-ਕਿਹੜੇ ਵਿਧਾਨ ਸਭਾ ਹਲਕੇ ਵਿਚੋਂ ਲੀਡ ਮਿਲੀ ਵੀ ਅਹਿਮ ਗੱਲ ਹੋਵੇਗੀ। ਸਿਆਸੀ ਲੋਕਾਂ ਦਾ ਕਹਿਣਾ ਹੈ ਕਿ ਪਿਛਲੀਆ ਵਿਧਾਨ ਸਭਾ ਚੋਣਾਂ ਸਮੇਂ ਸੱਤਾਧਾਰੀ ਧਿਰ ਆਪ ਦੇ 92 ਵਿਧਾਇਕ ਚੁਣੇ ਗਏ ਸਨ ਅਤੇ ਪਰ ਇਸ ਵਾਰ ਵੇਖਣਾ ਹੋਵੇਗਾ ਕਿ ਆਪ ਪਹਿਲਾ ਨਾਲੋਂ ਕਿੰਨ੍ਹੇ ਵਿਧਾਨ ਸਭਾ ਹਲਕਿਆਂ ਵਿਚ ਵੱਧਦੀ ਜਾਂ ਘੱਟਦੀ ਹੈ। ਸਿਆਸੀ ਪਾਰਟੀਆਂ ਦੇ ਸੂਬਾ ਪ੍ਰਧਾਨ ਆਪੋ ਆਪਣੀ ਕੁਰਸੀ ਬਚਾਉਣ ਲਈ ਲੋਕ ਸਭਾ ਚੋਣਾਂ ਵਿਚ ਚੰਗੇ ਨਤੀਜਿਆਂ ਦੇ ਨਾਲ ਨਾਲ ਵਿਧਾਨ ਸਭਾ ਹਲਕਿਆਂ ਵਿਚ ਪਹਿਲਾ ਦੇ ਮੁਕਾਬਲੇ ਇਸ ਵਾਰ ਵੱਧ ਹਲਕਿਆਂ ਵਿਚ ਲੀਡ ਦੀ ਉਮੀਦ ਵਿਚ ਹਨ।

Total Views: 127 ,
Real Estate