
ਹਿਮਾਚਲ ਪ੍ਰਦੇਸ਼ ਦੇ ਤਿੰਨ ਜ਼ਿਲ੍ਹਿਆਂ ਵਿੱਚ ਬੱਦਲ ਫਟਣ ਮਗਰੋਂ ਲਾਪਤਾ 45 ਵਿਅਕਤੀਆਂ ਦੀ ਭਾਲ ਲਈ ਚੱਲ ਰਹੀ ਬਚਾਅ ਮੁਹਿੰਮ ਅੱਜ ਮੁੜ ਸ਼ੁਰੂ ਕੀਤੀ ਗਈ ਹੈ। ਹਾਲਾਂਕਿ, ਇਸ ਸਬੰਧੀ ਕੋਈ ਸਫਲਤਾ ਨਹੀਂ ਮਿਲੀ। ਅਧਿਕਾਰੀਆਂ ਨੇ ਅੱਜ ਦੱਸਿਆ ਕਿ ਫੌਜ, ਕੌਮੀ ਆਫ਼ਤ ਪ੍ਰਬੰਧਨ ਬਲ (ਐੱਨਡੀਆਰਐੱਫ), ਸੂਬਾ ਆਫਤ ਪ੍ਰਬੰਧਨ ਬਲ (ਐੱਸਡੀਆਰਐੱਫ), ਕੇਂਦਰੀ ਉਦਯੋਗਿਕ ਸੁਰੱਖਿਆ ਬਲ (ਸੀਆਈਐੱਸਐੱਫ), ਪੁਲੀਸ ਅਤੇ ਹੋਮਗਾਰਡ ਦੀਆਂ ਟੀਮਾਂ ਦੇ ਕੁੱਲ 410 ਬਚਾਅ ਕਰਮੀ ਡਰੋਨਾਂ ਦੀ ਮਦਦ ਨਾਲ ਲਾਪਤਾ ਲੋਕਾਂ ਦੀ ਭਾਲ ਕਰ ਰਹੇ ਹਨ। ਬੁੱਧਵਾਰ ਰਾਤ ਨੂੰ ਕੁੱਲੂ ਦੇ ਨਿਰਮੰਡ, ਸੈਂਜ, ਮਲਾਨਾ ਇਲਾਕਿਆਂ, ਜਦੋਂਕਿ ਮੰਡੀ ਦੇ ਪਧਾਰ ਤੇ ਸ਼ਿਮਲਾ ਦੀ ਰਾਮਪੁਰ ਸਬ-ਡਿਵੀਜ਼ਨ ਵਿੱਚ ਬੱਦਲ ਫਟਣ ਮਗਰੋਂ ਆਏ ਹੜ੍ਹ ਵਿੱਚ ਹੁਣ ਤੱਕ ਅੱਠ ਜਣੇ ਮਾਰੇ ਗਏ ਹਨ।ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਸ਼ੁੱਕਰਵਾਰ ਨੂੰ ਰਾਮਪੁਰ ਦੇ ਸਮੇਜ ਪਿੰਡ ਦਾ ਦੌਰਾ ਕੀਤਾ ਸੀ ਜਿੱਥੋਂ ਦੇ 30 ਤੋਂ ਵੱਧ ਲੋਕ ਲਾਪਤਾ ਹਨ। ਉਨ੍ਹਾਂ ਨੇ ਪੀੜਤ ਪਰਿਵਾਰਾਂ ਨੂੰ 50 ਹਜ਼ਾਰ ਰੁਪਏ ਦੀ ਫੌਰੀ ਰਾਹਤ ਦੇਣ ਦਾ ਐਲਾਨ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਜ਼ਰੂਰੀ ਘਰੇਲੂ ਵਸਤਾਂ ਦੇ ਨਾਲ-ਨਾਲ ਪੰਜ ਹਜ਼ਾਰ ਰੁਪਏ ਮਹੀਨਾ ਮਕਾਨ ਦਾ ਕਿਰਾਇਆ ਅਗਲੇ ਤਿੰਨ ਮਹੀਨਿਆਂ ਲਈ ਦਿੱਤਾ ਜਾਵੇਗਾ।



















