ਗੁਰਮੀਤ ਸਿੰਘ ਖੁੱਡੀਆਂ ਵੱਲੋਂ ਕੇਂਦਰੀ ਖੇਤੀਬਾੜੀ ਮੰਤਰੀ ਨੂੰ ਅੰਦੋਲਨਕਾਰੀ ਕਿਸਾਨਾਂ ਨਾਲ ਗੱਲਬਾਤ ਕਰਨ ਦੀ ਅਪੀਲ

ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ.ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਕੇਂਦਰੀ ਖੇਤੀਬਾੜੀ ਮੰਤਰੀ ਸ੍ਰੀ ਸ਼ਿਵਰਾਜ ਸਿੰਘ ਚੌਹਾਨ ਨੂੰ ਅਪੀਲ ਕੀਤੀ ਕਿ ਕਿਸਾਨਾਂ ਅਤੇ ਕੇਂਦਰ ਸਰਕਾਰ ਦਰਮਿਆਨ ਸੰਵਾਦ ਵਿੱਚ ਆਈ ਖੜੋਤ ਨੂੰ ਤੋੜ ਕੇ ਦੋਵੇਂ ਧਿਰਾਂ ਵਿਚਕਾਰ ਸਾਰਥਕ ਗੱਲਬਾਤ ਮੁੜ ਸ਼ੁਰੂ ਕੀਤੀ ਜਾਵੇ।ਚੌਹਾਨ ਵੀਡੀਓ ਕਾਨਫਰੰਸ ਰਾਹੀਂ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਖੇਤੀਬਾੜੀ ਅਤੇ ਬਾਗ਼ਬਾਨੀ ਮੰਤਰੀਆਂ ਨਾਲ ਖੇਤੀਬਾੜੀ ਸੈਕਟਰ ‘ਚ ਸੁਧਾਰਾਂ ਬਾਰੇ ਚਰਚਾ ਕਰ ਰਹੇ ਸਨ।ਗੁਰਮੀਤ ਸਿੰਘ ਖੁੱਡੀਆਂ ਨੇ ਡੂੰਘੀ ਚਿੰਤਾ ਜ਼ਾਹਿਰ ਕਰਦਿਆਂ ਕੇਂਦਰੀ ਖੇਤੀਬਾੜੀ ਮੰਤਰੀ ਨੂੰ ਦੱਸਿਆ ਕਿ ਕਿਸਾਨ ਆਗੂ ਸ. ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 40 ਦਿਨਾਂ ਤੋਂ ਚੱਲ ਰਿਹਾ ਹੈ, ਜਿਸ ਕਾਰਨ ਉਨ੍ਹਾਂ ਦੀ ਸਿਹਤ ਅਤੇ ਜ਼ਿੰਦਗੀ ਦਾਅ ‘ਤੇ ਲੱਗੀ ਹੋਈ ਹੈ। ਇਸ ਲਈ ਅਜਿਹੀ ਸਥਿਤੀ ਵਿੱਚ ਇਹ ਲਾਜ਼ਮੀ ਹੋ ਜਾਂਦਾ ਹੈ ਕਿ ਕੇਂਦਰ ਸਰਕਾਰ ਕਿਸਾਨ ਆਗੂ ਦੀ ਜਾਨ ਬਚਾਉਣ ਅਤੇ ਕਿਸਾਨਾਂ ਦੇ ਮਸਲਿਆਂ ਦਾ ਜਲਦ ਤੋਂ ਜਲਦ ਹੱਲ ਕੱਢਣ ਲਈ ਕੋਈ ਮਿਸਾਲੀ ਫੈਸਲਾ ਲਵੇ।ਪੰਜਾਬ ਦੇ ਖੇਤੀਬਾੜੀ ਮੰਤਰੀ ਨੇ ਦੁਹਰਾਇਆ ਕਿ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਦੀਆਂ ਜਾਇਜ਼ ਮੰਗਾਂ ਦਾ ਸਮਰਥਨ ਕਰਦੀ ਹੈ ਅਤੇ ਖੁਸ਼ਹਾਲ ਖੇਤੀ ਦੇ ਟੀਚੇ ਦੀ ਪ੍ਰਾਪਤੀ ਲਈ ਕੇਂਦਰ ਸਰਕਾਰ ਨਾਲ ਮਿਲ ਕੇ ਕੰਮ ਕਰਨ ਲਈ ਪੂਰੀ ਤਰ੍ਹਾਂ ਤਤਪਰ ਹੈ।ਇੱਕ ਹੋਰ ਵੱਡਾ ਮੁੱਦਾ ਉਠਾਉਂਦਿਆਂ ਉਨ੍ਹਾਂ ਨੇ ਪਾਣੀ ਦੀ ਜ਼ਿਆਦਾ ਖ਼ਪਤ ਵਾਲੀ ਝੋਨੇ ਦੀ ਫਸਲ ਤੋਂ ਛੁਟਕਾਰਾ ਦਿਵਾਉਣ ਲਈ ਕਿਸਾਨਾਂ ਨੂੰ ਬਦਲਵੀਆਂ ਫ਼ਸਲਾਂ ਦੀ ਲਾਗਤ ਦੇ ਪਾੜੇ ਨੂੰ ਪੂਰਨ ਲਈ ਗੈਪ ਫੰਡਿੰਗ ਵਜੋਂ 15,000 ਰੁਪਏ ਪ੍ਰਤੀ ਏਕੜ ਦੇਣ ਦੀ ਮੰਗ ਕੀਤੀ।

Total Views: 238 ,
Real Estate