ਸੁਖਨੈਬ ਸਿੰਘ ਸਿੱਧੂ ਦਾ ਸਨਮਾਨ
ਵੀਰਪਾਲ ਭਗਤਾ, ਭਗਤਾ ਭਾਈਕਾ-
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਵਿਦਿਆ ਸੁਖਮਿੰਦਰ ਸਿੰਘ ਅਤੇ ਸਿਕੰਦਰ ਸਿੰਘ ਮਲੂਕਾ ਸਾਬਕਾ ਕੈਬਨਟ ਮੰਤਰੀ ਤੇ ਆਨਰੇਰੀ ਸਕੱਤਰ ਕਾਲਜ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਭਗਤਾ ਭਾਈਕਾ ਵੱਲੋਂ ਕਾਲਜ ਪ੍ਰਿੰਸੀਪਲ ਡਾ. ਸਤਿੰਦਰ ਕੌਰ ਮਾਨ ਦੀ ਅਗਵਾਈ ਹੇਠ ਕੌਮਾਤਰੀ ਮਾਂ-ਬੋਲੀ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਲੈਕਚਰ ਕਰਵਾਇਆ ਗਿਆ। ਸੰਸਥਾ ਦੇ ਪੰਜਾਬੀ ਵਿਭਾਗ ਵੱਲੋਂ ਪ੍ਰੋਫੈਸਰ ਪੂਰਨ ਸਿੰਘ ਸਾਹਿਤ ਸਭਾ ਦੇ ਸਹਿਯੋਗ ਨਾਲ ਕਰਵਾਏ ਗਏ ਵਿਸ਼ੇਸ਼ ਲੈਕਚਰ ਵਿੱਚ ਉੱਘੇ ਪੰਜਾਬੀ ਪੱਤਰਕਾਰ ਸੁਖਨੈਬ ਸਿੰਘ ਸਿੱਧੂ ਨੇ ਵਕਤਾ ਵਜੋਂ ਸ਼ਿਰਕਤ ਕੀਤੀ। ਪੰਜਾਬੀ ਵਿਭਾਗ ਦੇ ਮੁਖੀ ਡਾ. ਹਰਮਨਦੀਪ ਕੌਰ ਨੇ ਕੌਮਾਂਤਰੀ ਮਾਂ-ਬੋਲੀ ਦਿਹਾੜੇ ਦੀ ਵਧਾਈ ਦਿੰਦੇ ਹੋਏ, ਪੰਜਾਬੀ ਮਾਂ ਬੋਲੀ ਨਾਲ ਜੁੜੇ ਰਹਿਣ ਦਾ ਸੁਨੇਹਾ ਦਿੱਤਾ ਅਤੇ ਆਏ ਹੋਏ ਮਹਿਮਾਨ ਸੁਖਨੈਬ ਸਿੰਘ ਸਿੱਧੂ, ਵੀਰਪਾਲ ਭਗਤਾ, ਸੁਖਪਾਲ ਸਿੰਘ ਸੋਨੀ, ਸਵਰਨ ਸਿੰਘ ਭਗਤਾ ਅਤੇ ਹਰਪ੍ਰੀਤ ਸਿੰਘ ਮਦੇਸਾ ਪੱਤਰਕਾਰ ਦਾ ਕਾਲਜ ਪਹੁੰਚਣ ਤੇ ਸਵਾਗਤ ਕੀਤਾ। ਇਸ ਮੌਕੇ ਸੁਖਨੈਬ ਸਿੰਘ ਸਿੱਧੂ ਨੇ ਵਿਦਿਆਰਥੀਆਂ ਨਾਲ ਆਪਣੇ ਵਿਚਾਰ ਸਾਂਝੇ ਕਰਦਿਆਂ ਦੱਸਿਆ ਕਿ ਪੰਜਾਬੀ ਪੱਤਰਕਾਰੀ, ਸੋਸ਼ਲ ਮੀਡੀਆ, ਪ੍ਰਿੰਟ ਮੀਡੀਆ ਆਦਿ ਵਿੱਚ ਕਿਸ ਤਰ੍ਹਾਂ ਰੁਜ਼ਗਾਰ ਦੇ ਅਫਸਰ ਪ੍ਰਾਪਤ ਕੀਤੇ ਜਾ ਸਕਦੇ ਹਨ।
ਇਸ ਤੋਂ ਇਲਾਵਾ ਉਨਾਂ ਪੰਜਾਬੀ ਮਾਂ ਬੋਲੀ ਦੇ ਮਹੱਤਵ ਤੇ ਇਸਦੀ ਸ਼ੁੱਧ ਰੂਪ ਵਿੱਚ ਵਰਤੋਂ ਸੰਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ। ਇਸ ਤੋਂ ਉਪਰੰਤ ਪੰਜਾਬੀ ਵਿਭਾਗ ਵੱਲੋਂ ਸੁਖਨੈਬ ਸਿੰਘ ਸਿੱਧੂ ਦਾ ਵਿਸੇਸ ਤੌਰ ਤੇ ਸਨਮਾਨ ਕੀਤਾ ਗਿਆ। ਇਸ ਮੌਕੇ ਕਾਲਜ ਦੇ ਵਿਦਿਆਰਥੀਆਂ ਵਿਚਕਾਰ ਖਬਰਾਂ ਪੜ੍ਹਨ ਦੇ ਮੁਕਾਬਲੇ ਵੀ ਕਰਵਾਏ ਗਏ ਜਿਸ ਵਿੱਚ ਬੀਏ ਭਾਗ ਪਹਿਲਾ ਜਸਪ੍ਰੀਤ ਕੌਰ ਨੇ ਪਹਿਲਾ ਸਥਾਨ, ਬੀਏ ਭਾਗ ਪਹਿਲਾ ਸੁਮਨਦੀਪ ਕੌਰ ਨੇ ਦੂਜਾ ਸਥਾਨ ਅਤੇ ਬੀਏ ਭਾਗ ਪਹਿਲਾ ਦੀ ਪੂਜਾ ਨੇ ਤੀਜਾ ਸਥਾਨ ਹਾਸਿਲ ਕੀਤਾ। ਇਹਨਾਂ ਪੁਜੀਸ਼ਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਦਾ ਹੌਸਲਾ ਅਫਜਾਈ ਲਈ ਸਨਮਾਨ ਕੀਤਾ ਗਿਆ। ਮੰਚ ਸੰਚਾਲਨ ਦੀ ਭੂਮਿਕਾ ਪੰਜਾਬੀ ਦੇ ਪ੍ਰੋ. ਅੰਮ੍ਰਿਤਪਾਲ ਸਿੰਘ ਵੱਲੋਂ ਬਾਖ਼ੂਬੀ ਨਿਭਾਈ ਗਈ। ਇਸ ਮੌਕੇ ਡਾ. ਸਿਮਰਜੀਤ ਕੌਰ, ਪ੍ਰੋਫੈਸਰ ਮਨਦੀਪ ਕੌਰ, ਪ੍ਰੋਫੈਸਰ ਜਸਬੀਰ ਕੌਰ ਅਤੇ ਸਮੂਹ ਵਿਦਿਆਰਥੀ ਹਾਜ਼ਰ ਸਨ।