ਅਕਾਲ ਤਖ਼ਤ ਵੱਲੋਂ ਗਠਿਤ ਪੰਜ ਮੈਂਬਰੀ ਕਮੇਟੀ ਵੱਲੋਂ ਭਰਤੀ ਪ੍ਰਕਿਰਿਆ ਸ਼ੁਰੂ

ਸ਼੍ਰੋਮਣੀ ਅਕਾਲੀ ਦਲ ਵਿਚ ਭਰਤੀ ਲਈ ਬਣਾਈ ਗਈ ਪੰਜ ਮੈਂਬਰੀ ਕਮੇਟੀ ਨੇ ਇੱਥੇ ਸ੍ਰੀ ਅਕਾਲ ਤਖ਼ਤ ਵਿਖੇ ਅਰਦਾਸ ਮਗਰੋਂ ਭਰਤੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧ ਵਿੱਚ ਸ੍ਰੀ ਅਕਾਲ ਤਖਤ ਵਿਖੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਅਰਦਾਸ ਕੀਤੀ ਗਈ। ਭਰਤੀ ਦੌਰਾਨ ਸਭ ਤੋਂ ਪਹਿਲੀ ਪਰਚੀ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਕੱਟੀ ਗਈ ਅਤੇ ਉਸ ਤੋਂ ਬਾਅਦ ਬਾਕੀ ਆਗੂਆਂ ਵੱਲੋਂ ਮੈਂਬਰਸ਼ਿਪ ਭਰਤੀ ਦੀ ਪਰਚੀ ਕਟਵਾਈ ਗਈ। ਭਰਤੀ ਪ੍ਰਕਿਰਿਆ ਦੀ ਆਰੰਭਤਾ ਸਮੇਂ ਪੰਜ ਮੈਂਬਰੀ ਕਮੇਟੀ ਦੇ ਮੈਂਬਰਾਂ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ, ਪਰਮਿੰਦਰ ਸਿੰਘ ਢੀਂਡਸਾ, ਬਾਬਾ ਸਰਬਜੋਤ ਸਿੰਘ ਬੇਦੀ, ਪ੍ਰੇਮ ਸਿੰਘ ਚੰਦੂਮਾਜਰਾ, ਨਿਹੰਗ ਸਿੰਘ ਜਥੇਬੰਦੀਆਂ ਤੇ ਹੋਰ ਜਥੇਬੰਦੀਆਂ ਵੀ ਪੁੱਜੀਆਂ ਹੋਈਆਂ ਸਨ।ਇਸ ਦੌਰਾਨ ਸ੍ਰੀ ਅਕਾਲ ਤਖ਼ਤ ਦੇ ਨਵ ਨਿਯੁਕਤ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਭਰਤੀ ਸਬੰਧੀ ਪੰਜ ਮੈਂਬਰੀ ਕਮੇਟੀ ਨੂੰ ਸ੍ਰੀ ਅਕਾਲ ਤਖਤ ਦੇ ਸਕੱਤਰੇਤ ਵਿਖੇ ਗੱਲਬਾਤ ਦਾ ਸੱਦਾ ਦਿੱਤਾ ਹੈ। ਪੰਜ ਮੈਂਬਰੀ ਕਮੇਟੀ ਦੇ ਮੈਂਬਰ ਜਥੇਦਾਰ ਵਡਾਲਾ ਨੇ ਆਖਿਆ ਕਿ ਉਹ ਉਨ੍ਹਾਂ ਨੂੰ ਮਿਲਣ ਵਾਸਤੇ ਜਾਣਗੇ।

Total Views: 30 ,
Real Estate