ਪੰਜਾਬ ਵਿੱਚ ਆਏ ਭਿਆਨਕ ਹੜ੍ਹਾਂ ’ਚ ਅੱਜ ਦੋ ਹੋਰ ਵਿਅਕਤੀਆਂ ਦੀ ਮੌਤ ਨਾਲ ਹੁਣ ਤੱਕ ਕਰੀਬ 26 ਜਾਨਾਂ ਜਾ ਚੁੱਕੀਆਂ ਹਨ ਪਰ ਹਾਲੇ ਵੀ ਤੇਜ਼ ਰਫ਼ਤਾਰ ਪਾਣੀ ਠੱਲ੍ਹ ਨਹੀਂ ਰਿਹਾ ਹੈ। ਰਾਵੀ ਤੇ ਬਿਆਸ ਦਰਿਆਵਾਂ ਨੇ ਸਰਹੱਦੀ ਜ਼ਿਲ੍ਹਿਆਂ ਨੂੰ ਪਾਣੀ-ਪਾਣੀ ਕਰ ਦਿੱਤਾ ਹੈ। ਦਰਿਆਈ ਪਾਣੀ ਦੀ ਸਭ ਤੋਂ ਵੱਧ ਮਾਰ ਝੱਲਣ ਵਾਲੇ ਅਜਨਾਲਾ ਅਤੇ ਡੇਰਾ ਬਾਬਾ ਨਾਨਕ ਹੁਣ ਕੁਦਰਤੀ ਕਹਿਰ ਦੇ ਮੁੱਖ ਕੇਂਦਰ ਬਣ ਗਏ ਹਨ। ਇਨ੍ਹਾਂ ਹੜ੍ਹਾਂ ਨੇ ਪੰਜਾਬ ਨੂੰ ਪੂਰੀ ਤਰ੍ਹਾਂ ਝੰਬ ਕੇ ਰੱਖ ਦਿੱਤਾ ਹੈ ਅਤੇ ਇਸ ਕੁਦਰਤੀ ਕਹਿਰ ਨੇ ਸਾਲ 1988 ਵਿੱਚ ਆਏ ਹੜ੍ਹਾਂ ਨੂੰ ਵੀ ਭੁਲਾ ਦਿੱਤਾ ਹੈ।ਸਮੁੱਚੇ ਸੂਬੇ ਵਿੱਚ 1312 ਪਿੰਡ ਹੜ੍ਹਾਂ ਦੀ ਲਪੇਟ ’ਚ ਆ ਚੁੱਕੇ ਹਨ ਅਤੇ ਸੱਕੀ ਨਾਲਾ ਅਜਨਾਲਾ ਹਲਕੇ ’ਚ ਤਬਾਹੀ ਦਾ ਕਾਰਨ ਬਣ ਰਿਹਾ ਹੈ। ਪਿੰਡਾਂ ਤੋਂ ਬਾਅਦ ਹੁਣ ਹੜ੍ਹਾਂ ਦੇ ਪਾਣੀ ਦੀ ਮਾਰ ਅਜਨਾਲਾ ਸ਼ਹਿਰ ਤੱਕ ਹੋ ਗਈ ਹੈ। ਪਹਾੜਾਂ ਦੇ ਪਾਣੀ ਤੋਂ ਇਲਾਵਾ ਹੁਣ ਪੰਜਾਬ ’ਚ ਪਈ ਬਾਰਿਸ਼ ਨੇ ਲੋਕਾਂ ਦੀਆਂ ਮੁਸ਼ਕਲਾਂ ਹੋਰ ਵਧਾ ਦਿੱਤੀਆਂ ਹਨ। ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀ ਬੀ ਐੱਮ ਬੀ) ਨੇ ਅੱਜ ਰਾਤ ਨੂੰ ਮੀਟਿੰਗ ਸੱਦੀ ਹੈ, ਜਿਸ ਵਿੱਚ ਡੈਮਾਂ ’ਚੋਂ ਹੋਰ ਪਾਣੀ ਛੱਡਣ ਆਦਿ ਬਾਰੇ ਫ਼ੈਸਲਾ ਹੋਣਾ ਹੈ। ਮੌਸਮ ਵਿਭਾਗ ਨੇ ਪੰਜਾਬ ਦੇ ਨੌਂ ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਨਵਾਂ ਸ਼ਹਿਰ, ਰੋਪੜ, ਮੁਹਾਲੀ ਅਤੇ ਫ਼ਤਹਿਗੜ੍ਹ ਸਾਹਿਬ ’ਚ ਪਹਿਲੀ ਸਤੰਬਰ ਲਈ ਰੈੱਡ ਅਲਰਟ ਜਾਰੀ ਕਰ ਦਿੱਤਾ ਹੈ ਅਤੇ 2 ਸਤੰਬਰ ਨੂੰ ਵੀ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਗਈ ਹੈ। ਪੰਜਾਬ ਦੇ ਅੱਠ ਜ਼ਿਲ੍ਹੇ ਇਸ ਵੇਲੇ ਹੜ੍ਹਾਂ ਤੋਂ ਪ੍ਰਭਾਵਿਤ ਹਨ। ਪੰਜਾਬ ਸਰਕਾਰ ਨੇ ਸਕੂਲਾਂ ਵਿੱਚ ਛੁੱਟੀਆਂ 3 ਸਤੰਬਰ ਤੱਕ ਵਧਾ ਦਿੱਤੀਆਂ ਹਨ। ਅੱਜ ਲਹਿਰਾਗਾਗਾ ਦੇ ਪਿੰਡ ਸੰਗਤਪੁਰਾ ਵਿੱਚ ਕਰਮਜੀਤ ਸਿੰਘ ਨਾਮ ਦੀ ਇਕ ਔਰਤ ਦੀ ਛੱਤ ਤੋਂ ਡਿੱਗਣ ਕਾਰਨ ਮੌਤ ਹੋ ਗਈ।
ਪੰਜਾਬ ‘ਚ ਮੌਤਾਂ ਦੀ ਗਿਣਤੀ 26 ਹੋਈ, 1300 ਤੋਂ ਵੱਧ ਪਿੰਡ ਹੜ੍ਹਾਂ ਦੀ ਲਪੇਟ ’ਚ
Total Views: 169 ,
Real Estate



















