ਭਾਰਤ-ਪਾਕਿਸਤਾਨ ਦਰਿਮਆਨ ਤਣਾਅ ਭਰੇ ਹਾਲਾਤ ਪੈਦਾ ਹੋਣ ਅਤੇ ਭਿਆਨਕ ਹੜ੍ਹਾਂ ਕਾਰਨ ਸੂਬੇ ਲਈ ਪੈਦਾ ਹੋਏ ਚੁਣੌਤੀਪੂਰਨ ਹਾਲਾਤ ਦਾ ਹਵਾਲਾ ਦਿੰਦਿਆਂ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕੇਂਦਰ ਸਰਕਾਰ ਨੂੰ ਤੁਰੰਤ ਵਿੱਤੀ ਸਹਾਇਤਾ ਅਤੇ ਵਿਸ਼ੇਸ਼ ਆਰਥਿਕ ਪੈਕੇਜ ਜਾਰੀ ਕਰਨ ਦੀ ਮੰਗ ਕੀਤੀ ਹੈ। ਅੱਜ ਨਵੀਂ ਦਿੱਲੀ ਵਿੱਚ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨਾਲ ਪ੍ਰੀ-ਬਜਟ ਮੀਟਿੰਗ ਦੌਰਾਨ ਸ੍ਰੀ ਚੀਮਾ ਨੇ ਆਉਂਦੇ ਬਜਟ ਲਈ ਸੂਬੇ ਦੀਆਂ ਅਹਿਮ ਵਿੱਤੀ ਲੋੜਾਂ ਅਤੇ ਨੀਤੀਗਤ ਮੰਗਾਂ ਨੂੰ ਪੇਸ਼ ਕਰਦਿਆਂ ਵਿਸਥਾਰਤ ਮੰਗ ਪੱਤਰ ਸੌਂਪਿਆ। ਉਨ੍ਹਾਂ ਜ਼ੋਰ ਦਿੱਤਾ ਕਿ ਪੰਜਾਬ ਨੂੰ ਭੂਗੋਲਿਕ ਤੌਰ ’ਤੇ ਮੁਲਕ ਦੀ ਰੱਖਿਆ ਦੀ ਪਹਿਲੀ ਕਤਾਰ ਹੋਣ ਕਰਕੇ ਸਰਹੱਦਾਂ ’ਤੇ ਵਧੇ ਹੋਏ ਤਣਾਅ ਦਾ ਸਾਹਮਣਾ ਕਰਨਾ ਪਿਆ, ਜਿਸ ਕਾਰਨ ਆਰਥਿਕ ਗਤੀਵਿਧੀਆਂ ਵਿੱਚ ਰੁਕਾਵਟ ਆਈ। ਇਸ ਮਗਰੋਂ ਹੜ੍ਹਾਂ ਦਾ ਸੰਕਟ ਆਇਆ ਜਿਸ ਨੂੰ ਕੇਂਦਰੀ ਗ੍ਰਹਿ ਮੰਤਰਾਲੇ ਨੇ ਗੰਭੀਰ ਕਿਸਮ ਦੀ ਆਫ਼ਤ ਐਲਾਨਿਆ ਸੀ। ਉਨ੍ਹਾਂ ਕੇਂਦਰੀ ਮੰਤਰੀ ਨੂੰ ਦੱਸਿਆ ਕਿ ਹੜ੍ਹਾਂ ਨੇ 2,300 ਤੋਂ ਵੱਧ ਪਿੰਡਾਂ ਅਤੇ 20,000 ਪਰਿਵਾਰਾਂ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ ਅਤੇ ਜ਼ਮੀਨੀ ਮੁਲਾਂਕਣ ਵਿਚ ਇਹ ਨੁਕਸਾਨ 12,905 ਕਰੋੜ ਰੁਪਏ ਹੋਣ ਦਾ ਅਨੁਮਾਨ ਲਗਾਇਆ ਗਿਆ ਹੈ। ਵੱਡੇ ਪੱਧਰ ’ਤੇ ਪੁਨਰਵਾਸ ਅਤੇ ਪੁਨਰ ਨਿਰਮਾਣ ਯਤਨਾਂ ਦੇ ਪ੍ਰਬੰਧਨ ਲਈ ਵਿੱਤ ਮੰਤਰੀ ਨੇ ਵਿੱਤੀ ਸਾਲ 2025-26 ਲਈ ਸੂਬੇ ਦੇ ਕੁੱਲ ਘਰੇਲੂ ਉਤਪਾਦ (ਜੀ ਐੱਸ ਡੀ ਪੀ) ਦੇ 1 ਫ਼ੀਸਦ ਦੀ ਯਕਮੁਸ਼ਤ ਵਾਧੂ ਉਧਾਰ ਸੀਮਾ ਦੀ ਬੇਨਤੀ ਕੀਤੀ, ਜਿਸ ਖਾਤਰ ਉਨ੍ਹਾਂ ਐੱਫ ਆਰ ਬੀ ਐੱਮ ਐਕਟ ਅਧੀਨ ਉਪਬੰਧਾਂ ਦਾ ਹਵਾਲਾ ਦਿੱਤਾ, ਜੋ ਕੁਦਰਤੀ ਆਫ਼ਤਾਂ ਅਤੇ ਰਾਸ਼ਟਰੀ ਸੁਰੱਖਿਆ ਸੰਕਟਾਂ ਦੌਰਾਨ ਹਟਵੇਂ ਪ੍ਰਬੰਧਾਂ ਦੀ ਆਗਿਆ ਦਿੰਦੇ ਹਨ।
ਪੰਜਾਬ ਨੇ ਕੇਂਦਰ ਤੋਂ ਵਿਸ਼ੇਸ਼ ਆਰਥਿਕ ਪੈਕੇਜ ਮੰਗਿਆ
Total Views: 3 ,
Real Estate



















