ਰਵਨੀਤ ਬਿੱਟੂ ਨੇ ਲਾਇਆ ਗੰਭੀਰ ਦੋਸ਼, ਭਗਵੰਤ ਮਾਨ ‘ISI ਦਾ ਏਜੰਟ’!

ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਿਰੁੱਧ ਦਿੱਤੇ ਗਏ ਇੱਕ ਬੇਹੱਦ ਤਿੱਖੇ ਬਿਆਨ ਨੇ ਸੂਬੇ ਦੇ ਸਿਆਸੀ ਗਲਿਆਰਿਆਂ ਵਿੱਚ ਇੱਕ ਨਵਾਂ ਵਿਵਾਦ ਛੇੜ ਦਿੱਤਾ ਹੈ। ਚੰਡੀਗੜ੍ਹ ਵਿਖੇ ਇੱਕ ਸਮਾਗਮ ਦੌਰਾਨ ਮੀਡੀਆ ਨਾਲ ਰੂ-ਬ-ਰੂ ਹੁੰਦਿਆਂ ਕੇਂਦਰੀ ਮੰਤਰੀ ਬਿੱਟੂ ਨੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਗੰਭੀਰ ਦੋਸ਼ ਲਗਾਉਂਦਿਆਂ ਉਨ੍ਹਾਂ ਨੂੰ ਪਾਕਿਸਤਾਨ ਦੀ ਖੁਫੀਆ ਏਜੰਸੀ ‘ਆਈ.ਐਸ.ਆਈ.’ (ISI) ਦਾ ਏਜੰਟ ਤੱਕ ਕਰਾਰ ਦੇ ਦਿੱਤਾ ਹੈ। ਬਿੱਟੂ ਦੇ ਇਸ ਬਿਆਨ ਤੋਂ ਬਾਅਦ ਦੋਵਾਂ ਪਾਰਟੀਆਂ ਵਿਚਾਲੇ ਸ਼ਬਦੀ ਜੰਗ ਹੋਰ ਤੇਜ਼ ਹੋ ਗਈ ਹੈ। ਬਿੱਟੂ ਬਲਟਾਣਾ ਵਿਖੇ ਇੱਕ ਵਿਕਾਸ ਪ੍ਰੋਜੈਕਟ ਦਾ ਉਦਘਾਟਨ ਕਰਨ ਦੇ ਸਿਲਸਿਲੇ ਵਿੱਚ ਚੰਡੀਗੜ੍ਹ ਪਹੁੰਚੇ ਸਨ। ਇਸ ਦੌਰਾਨ ਜਦੋਂ ਮੀਡੀਆ ਨੇ ਉਨ੍ਹਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵਿਦੇਸ਼ ਦੌਰਿਆਂ ‘ਤੇ ਲਗਾਤਾਰ ਮਾਰੇ ਜਾ ਰਹੇ ਸਿਆਸੀ ਤਾਅਨਿਆਂ ਬਾਰੇ ਸਵਾਲ ਕੀਤਾ, ਤਾਂ ਬਿੱਟੂ ਨੇ ਸਖ਼ਤ ਨਾਰਾਜ਼ਗੀ ਜ਼ਾਹਰ ਕੀਤੀ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਕਿਸੇ ਨਿੱਜੀ ਕੰਮ ਲਈ ਨਹੀਂ, ਬਲਕਿ ਦੇਸ਼ ਦੇ ਪ੍ਰਤੀਨਿਧੀ ਵਜੋਂ ਵਿਦੇਸ਼ ਯਾਤਰਾ ਕਰਦੇ ਹਨ ਅਤੇ ਇਹ ਸਿੱਧਾ ਰਾਸ਼ਟਰੀ ਹਿੱਤ ਨਾਲ ਜੁੜਿਆ ਮਾਮਲਾ ਹੈ। ਬਿੱਟੂ ਨੇ ਤਰਕ ਦਿੱਤਾ ਕਿ ਜੇਕਰ ਪ੍ਰਧਾਨ ਮੰਤਰੀ ਵਿਦੇਸ਼ੀ ਦੌਰੇ ਨਹੀਂ ਕਰਨਗੇ ਤਾਂ ਅੰਤਰਰਾਸ਼ਟਰੀ ਪੱਧਰ ‘ਤੇ ਵਪਾਰ, ਤੇਲ ਅਤੇ ਗੈਸ ਵਰਗੇ ਮਹੱਤਵਪੂਰਨ ਮੁੱਦਿਆਂ ‘ਤੇ ਸਮਝੌਤੇ ਅਤੇ ਗੱਲਬਾਤ ਕਿਵੇਂ ਸੰਭਵ ਹੋਵੇਗੀ?ਮੁੱਖ ਮੰਤਰੀ ਭਗਵੰਤ ਮਾਨ ‘ਤੇ ਸਿੱਧਾ ਨਿਸ਼ਾਨਾ ਸਾਧਦਿਆਂ ਰਵਨੀਤ ਬਿੱਟੂ ਨੇ ਕਿਹਾ ਕਿ ਇਹ ਬਹੁਤ ਹੀ ਸੰਵੇਦਨਸ਼ੀਲ ਮਾਮਲਾ ਹੈ ਅਤੇ ਮੁੱਖ ਮੰਤਰੀ ‘ਤੇ ਨਜ਼ਰ ਰੱਖਣ ਦੀ ਲੋੜ ਹੈ। ਉਨ੍ਹਾਂ ਦੋਸ਼ ਲਾਇਆ ਕਿ ਸੀਐਮ ਮਾਨ ਪ੍ਰਧਾਨ ਮੰਤਰੀ ਦੇ ਕਾਰਜਾਂ ਵਿੱਚ ਰੁਕਾਵਟ ਪਾਉਣ ਦੀ ਕੋਸ਼ਿਸ਼ ਕਰ ਰਹੇ ਹਨ ਅਤੇ ਇਹ ਸਭ ਕੁੱਝ ISI ਦੇ ਇਸ਼ਾਰੇ ‘ਤੇ ਕੀਤਾ ਜਾ ਰਿਹਾ ਹੈ। ਬਿੱਟੂ ਨੇ ਕਿਹਾ, “ਇਹ ਇੱਕ ਬਹੁਤ ਹੀ ਗੰਭੀਰ ਮਾਮਲਾ ਹੈ। ਮੈਨੂੰ ਹੋਰਨਾਂ ਬਾਰੇ ਨਹੀਂ ਪਤਾ, ਪਰ ਮੈਂ ਇਹ ਸਪੱਸ਼ਟ ਕਹਿਣਾ ਚਾਹੁੰਦਾ ਹਾਂ ਕਿ ਇਹ ਆਦਮੀ ISI ਏਜੰਟ ਹੈ।” ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਆੜੇ ਹੱਥੀਂ ਲੈਂਦਿਆਂ ਬਿੱਟੂ ਨੂੰ ਮੁਆਫ਼ੀ ਮੰਗਣ ਦੀ ਨਸੀਹਤ ਦਿੰਦਿਆਂ ਕਿਹਾ ਹੈ ਕਿ ਪੰਜਾਬ ਦੇ ਲੋਕ ਬਿੱਟੂ ਸਮੇਤ ਬੀ.ਜੇ.ਪੀ ਨੂੰ ਸਬਕ ਸਿਖਾਉਣਗੇ।

 

Real Estate