ਗੁਦਾਮ ਦੀ ਉਸਾਰੀ ਲਈ ਵਿਵਾਦਿਤ ਟੈਂਡਰ ਰੱਦ

ਪੰਜਾਬ ਸਰਕਾਰ ਨੇ ਝਗੜੇ ਦੀ ਜੜ੍ਹ ਬਣੇ ਪੱਟੀ/ਭਿੱਖੀਵਿੰਡ ’ਚ ਉਸਾਰੇ ਜਾਣ ਵਾਲੇ 50 ਹਜ਼ਾਰ ਮੀਟਰਿਕ ਟਨ ਦੀ ਸਮਰੱਥਾ ਵਾਲੇ ਗੁਦਾਮ ਦੀ ਉਸਾਰੀ ਲਈ ਟੈਂਡਰ ਰੱਦ ਕਰ ਦਿੱਤਾ ਹੈ। ਇਹ ਉਹੀ ਟੈਂਡਰ ਹੈ ਜੋ ਹੁਣ ਜੇਲ੍ਹ ’ਚ ਬੰਦ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਤੇ ਪੰਜਾਬ ਰਾਜ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ (ਹੁਣ ਮ੍ਰਿਤਕ) ਦਰਮਿਆਨ ਵਿਵਾਦ ਦਾ ਕਾਰਨ ਬਣਿਆ ਸੀ। ਇਸ ਝਗੜੇ ਕਾਰਨ ਜ਼ਿਲ੍ਹਾ ਮੈਨੇਜਰ ਰੰਧਾਵਾ ਨੂੰ ਆਪਣੀ ਜਾਨ ਗੁਆਉਣੀ ਪਈ। ਰੰਧਾਵਾ ਵੱਲੋਂ ਖ਼ੁਦਕੁਸ਼ੀ ਕੀਤੇ ਜਾਣ ਮਗਰੋਂ ਪੁਲੀਸ ਨੇ ਕੇਸ ਦਰਜ ਕਰ ਕੇ ਲਾਲਜੀਤ ਸਿੰਘ ਭੁੱਲਰ ਨੂੰ ਗ੍ਰਿਫ਼ਤਾਰ ਕਰ ਲਿਆ ਸੀ।ਜ਼ਿਲ੍ਹਾ ਮੈਨੇਜਰ ਰੰਧਾਵਾ ਨੇ ਖ਼ੁਦਕੁਸ਼ੀ ਕਰਨ ਤੋਂ ਪਹਿਲਾਂ ਦੋਸ਼ ਲਗਾਏ ਸਨ ਕਿ ਉਹ ਤਤਕਾਲੀ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਡਰੋਂ ਇਹ ਕਦਮ ਉਠਾ ਰਿਹਾ ਹੈ। ਪੀੜਤ ਪਰਿਵਾਰ ਨੇ ਇਹ ਵੀ ਦੋਸ਼ ਲਾਏ ਸਨ ਕਿ ਮੰਤਰੀ ਭੁੱਲਰ ਵੱਲੋਂ ਰੰਧਾਵਾ ’ਤੇ ਦਬਾਅ ਪਾਇਆ ਜਾ ਰਿਹਾ ਸੀ ਕਿ ਉਹ ਗੁਦਾਮ ਉਸਾਰੀ ਦੇ ਟੈਂਡਰ ਸੁਖਦੇਵ ਸਿੰਘ ਭੁੱਲਰ (ਮੰਤਰੀ ਦੇ ਪਿਤਾ) ਦੀ ਫ਼ਰਮ ਨੂੰ ਦੇਵੇ। ਪੰਜਾਬ ਸਰਕਾਰ ਦੇ ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਗੁਦਾਮ ਦੀ ਉਸਾਰੀ ਲਈ ਟੈਂਡਰ ਰੱਦ ਕਰ ਦਿੱਤਾ ਗਿਆ ਹੈ; ਹਾਲਾਂਕਿ ਤਰਕ ਦਿੱਤਾ ਗਿਆ ਹੈ ਕਿ ਜਿਸ ਕੰਪਨੀ ਬਾਬਾ ਨਾਗਾ ਐਗਰੀ ਪ੍ਰਾਈਵੇਟ ਲਿਮਟਿਡ ਨੂੰ ਟੈਂਡਰ ਅਲਾਟ ਕੀਤਾ ਗਿਆ ਸੀ, ਉਸ ਕੰਪਨੀ ਦੀ ਬੋਲੀ ਵੈਧਤਾ ਦੀ ਮਿਆਦ ਖ਼ਤਮ ਹੋ ਗਈ ਸੀ।

Real Estate